ਅਕਾਲੀ ਦਲ ਵੱਲੋਂ ਪਟਿਆਲਾ ''ਚ ਪ੍ਰਦਰਸ਼ਨਕਾਰੀ ਨਰਸਾਂ ਤੇ ਸਹਾਇਕ ਸਟਾਫ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ
Saturday, Dec 04, 2021 - 08:20 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿਚ ਮਹਿਲਾਵਾਂ ਸਮੇਤ ਕੋਰੋਨਾ ਹੈਲਥ ਵਰਕਰਾਂ ਜੋ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਕਾਲ ਵਿਚ ਦਿੱਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਮੁਤਾਬਕ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ, ਉਨ੍ਹਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੁਲਸ ਨੇ ਪਟਿਆਲਾ ਵਿਚ ਇਕੱਲੇ ਹੋਏ ਇਨ੍ਹਾਂ ਕੋਰੋਨਾ ਵਾਰੀਅਰਜ਼ ’ਤੇ ਲਾਠੀਚਾਰਜ ਕਰ ਕੇ ਇਨ੍ਹਾਂ ਨੂੰ ਫੱਟੜ ਕਰ ਦਿੱਤਾ । ਇਹ ਵਰਕਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਨ ਆਏ ਸਨ।
ਇਹ ਵੀ ਪੜ੍ਹੋ: ਗੜ੍ਹਦੀਵਾਲਾ 'ਚ ਸਹੁਰਿਆਂ ਦੇ ਤਾਹਨੇ-ਮਿਹਣਿਆਂ ਤੋਂ ਪਰੇਸ਼ਾਨ ਵਿਆਹੁਤਾ ਨੇ ਖ਼ੁਦ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ
ਡਾ. ਚੀਮਾ ਨੇ ਕਿਹਾ ਕਿ ਪੁਲਸ ਨੇ ਮਹਿਲਾ ਨਰਸਾਂ ਅਤੇ ਸਹਾਇਕ ਸਟਾਫ ਨਾਲ ਬਹੁਤ ਬੇਰਹਿਮੀ ਅਤੇ ਧੱਕੇਸ਼ਾਹੀ ਕੀਤੀ ਕਿਉਂਕਿ ਉਹ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਨਰਸਾਂ ਅਤੇ ਸਹਾਇਕ ਸਟਾਫ ਵੱਲੋਂ ਮੰਤਰੀ ’ਤੇ ਭਰੋਸਾ ਕਰ ਕੇ ਸੰਜਮ ਵਿਖਾਉਣ ਅਤੇ ਮਹਾਮਾਰੀ ਵੇਲੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣ ਦੇ ਬਾਵਜੂਦ ਸਰਕਾਰ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਤੋਂ ਇਨਕਾਰੀ ਹੈ। ਉਨ੍ਹਾਂ ਕਿਹਾ ਕਿ 900 ਕੋਰੋਨਾ ਵਾਰੀਅਰਜ਼ ਦੇ ਨਾਲ ਨਾਲ ਸਰਕਾਰ ਨੂੰ ਦੋ ਸਾਲਾਂ ਦੀ ਥਾਂ ਇਕ ਸਾਲ ਦੇ ਪ੍ਰੋਬੇਸ਼ਨ ਸਮੇਂ ਤੋਂ ਬਾਅਦ ਹੀ ਸਾਰੀਆਂ ਨਰਸਾਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ, ਕਿਹਾ-ਕੈਪਟਨ ਨਾਲ ਪਾਰਟੀ ’ਚ ਹੋ ਰਿਹਾ ਸੀ ਨੁਕਸਾਨ
ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪਟਿਆਲਾ, ਜਲਾਲਾਬਾਦ, ਅੰਮ੍ਰਿਤਸਰ ਤੇ ਫਰੀਦਕੋਟ ਦੀਆਂ ਨਰਸਾਂ ਤੇ ਸਹਾਇਕ ਸਟਾਫ ਜੋ ਪੁਲਿਸ ਦੇ ਲਾਠੀਚਾਰਜ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਨੇ ਸਟਾਫ ਮੈਂਬਰਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਹੈ ਤੇ ਉਨ੍ਹਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਕੋਰੋਨਾ ਵਾਰੀਅਰਜ਼ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸੰਘਰਸ਼ ਵਿਚ ਮਦਦ ਦਾ ਭਰੋਸਾ ਦੁਆਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ