ਅਕਾਲੀ ਦਲ ਵਲੋਂ ਪਾਰਟੀ ਆਗੂ ਵਰਦੇਵ ਮਾਨ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੀ ਨਿਖ਼ੇਧੀ
Monday, Dec 01, 2025 - 04:55 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਮਾਨ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਤੋਂ ਰੋਕਣ ਲਈ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੀ ਨਿਖ਼ੇਧੀ ਕੀਤੀ। ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਲੀਗਲ ਸੈੱਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਹਾਈਕੋਰਟ ਵਿਚ ਝੂਠੀ ਪਟੀਸ਼ਨ ਦਾਇਰ ਕੀਤੀ ਗਈ, ਜਿਸ ਰਾਹੀਂ ਵਰਦੇਵ ਮਾਨ ਦੇ ਨਿੱਜੀ ਸਹਾਇਕ ਮਨੀਸ਼ ਦੀ 6 ਮਹੀਨੇ ਪਹਿਲਾਂ ਜਲਾਲਾਬਾਦ ਦੇ ਪੁਲਸ ਥਾਣੇ 'ਚ ਬਰਾਮਦਗੀ ਦਿਖਾਈ ਗਈ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਾਰੰਟ ਅਫ਼ਸਰ ਨੇ ਮਨੀਸ਼ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚੋਂ ਬਰਾਮਦ ਕੀਤਾ ਸੀ ਪਰ ਪੰਜਾਬ ਪੁਲਸ ਹੁਣ ਦਾਅਵਾ ਕਰ ਰਹੀ ਹੈ ਕਿ ਮਨੀਸ਼ ਨੂੰ ਵਾਰੰਟ ਅਫ਼ਸਰ ਦੀ ਗੱਡੀ ਵਿਚ ਪੁਲਸ ਥਾਣੇ ਲਿਆਂਦਾ ਗਿਆ ਸੀ। ਐਡਵੋਕੇਟ ਕਲੇਰ ਨੇ ਕਿਹਾ ਕਿ ਵਰਦੇਵ ਮਾਨ ਦੇ ਪਰਿਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜਨ ਤੋਂ ਰੋਕਣ ਵਾਸਤੇ ਬਿਲਕੁਲ ਹੀ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਰੇ ਝੂਠੇ ਕੇਸ ਆਪ ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੇ ਹੁਕਮਾਂ ’ਤੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੁਲਸ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ ਆਪ ਆਗੂਆਂ ਦੇ ਗੈਰ-ਕਾਨੂੰਨੀ ਹੁਕਮ ਮੰਨਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਕੇਸ ਵਿਚ ਵੀ ਸਾਨੂੰ ਇਨਸਾਫ਼ ਮਿਲੇਗਾ।
