ਪੰਜਾਬ ਦੇ ਵਿਧਾਇਕ ਤੇ ਸੰਸਦ ਮੈਂਬਰ ਕੋਵਿੰਦ ਦਾ ਵਿਰੋਧ ਕਰਨ : ਮਾਨ

06/29/2017 8:32:20 AM

ਚੰਡੀਗੜ੍ਹ (ਭੁੱਲਰ)-ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਰਾਸ਼ਟਰਪਤੀ ਦੀ ਚੋਣ ਲੜ ਰਹੇ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਦੇ ਉਮੀਦਵਾਰ ਰਾਮਨਾਥ ਕੋਵਿੰਦ ਦਾ ਵਿਰੋਧ ਕੀਤਾ ਹੈ। ਅੱਜ ਇੱਥੇ ਜਾਰੀ ਬਿਆਨ 'ਚ ਉਨ੍ਹਾਂ ਕੋਵਿੰਦ 'ਤੇ ਆਰ. ਐੱਸ. ਐੱਸ. ਦੀ ਸੋਚ ਨਾਲ ਜੁੜੇ ਹੋਣ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਸਮੂਹ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਕੋਵਿੰਦ ਦਾ ਵਿਰੋਧ ਕਰਨ ਅਤੇ ਉਨ੍ਹਾਂ ਨੂੰ ਵੋਟ ਨਾ ਪਾਉਣ। 
ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਸਮੂਹ ਮੈਂਬਰਾਂ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿਉਂਕਿ 29 ਜੂਨ ਨੂੰ ਕੋਵਿੰਦ ਪੰਜਾਬ ਦੇ ਮੈਂਬਰਾਂ ਨੂੰ ਮਿਲਣ ਚੰਡੀਗੜ੍ਹ ਆ ਰਹੇ ਹਨ। 
ਉਨ੍ਹਾਂ ਕਿਹਾ ਕਿ ਕੋਵਿੰਦ ਲਈ ਦਲਿਤਾਂ ਦੇ ਨਾਂ 'ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਮਾਨ ਨੇ ਪੰਜਾਬ ਦੇ ਮੈਂਬਰਾਂ ਨੂੰ ਕਿਹਾ ਕਿ ਕੱਟੜਵਾਦੀ ਸੋਚ ਵਾਲੇ ਉਮੀਦਵਾਰ ਨੂੰ ਵੋਟ ਨਾ ਪਾ ਕੇ ਅਮਨ, ਚੈਨ ਅਤੇ ਇਨਸਾਨੀਅਤ ਦਾ ਸੁਨੇਹਾ ਦੇ ਕੇ ਹਿੰਦੂਤਵ ਸੋਚ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਇਸ ਸਮੇਂ ਮੋਦੀ ਸਰਕਾਰ ਵਲੋਂ ਕੱਟੜਵਾਦੀ ਹਿੰਦੂ ਸੰਗਠਨ ਨੂੰ ਹੱਲਾਸ਼ੇਰੀ ਦੇ ਕੇ ਦੇਸ਼ ਵਿਚ ਫਿਰਕੂ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।


Related News