ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਨੇ ਦਿੱਤਾ ਇਹ ਬਿਆਨ
Sunday, Apr 23, 2023 - 09:00 PM (IST)
ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਸ਼ਾਂਤੀਪੂਰਨ ਢੰਗ ਨਾਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕੀਤਾ ਹੈ, ਆਮ ਆਦਮੀ ਪਾਰਟੀ ਸਰਕਾਰ ਨੂੰ ਉਨ੍ਹਾਂ ਖਿਲਾਫ਼ ਕਾਨੂੰਨ ਮੁਤਾਬਕ ਹੀ ਕਾਰਵਾਈ ਕਰਨੀ ਚਾਹੀਦੀ ਹੈ। ਨਿਰਦੋਸ਼ ਸਿੱਖਾਂ ਦੀ ਫੜੋ-ਫੜੀ ਤੇ ਉਨ੍ਹਾਂ ਨੂੰ ਖੱਜਲ-ਖੁਆਰ ਨਹੀਂ ਕਰਨਾ ਚਾਹੀਦਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਹਾਲ ਹੀ ਵਿਚ ਸੱਦੇ ’ਪੰਥਕ ਇਕੱਠ’ ਵਿਚ ਦਿੱਤੀ ਸਲਾਹ ਅਨੁਸਾਰ ਆਪਣੇ ਆਪ ਨੂੰ ਕਾਨੂੰਨ ਹਵਾਲੇ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।
ਇਹ ਖ਼ਬਰ ਵੀ ਪੜ੍ਹੋ : ਕਣਕ ਦੀ ਖਰੀਦ ਸਬੰਧੀ ਬੋਲੇ ਮੰਤਰੀ ਕਟਾਰੂਚੱਕ, ‘ਵ੍ਹੀਕਲ ਟ੍ਰੈਕਿੰਗ ਸਿਸਟਮ ਸਫ਼ਲਤਾਪੂਰਵਕ ਕੀਤਾ ਗਿਆ ਲਾਗੂ’
ਡਾ. ਚੀਮਾ ਨੇ ਕਿਹਾ ਕਿ ਹੁਣ ਜਦੋਂ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਕਾਨੂੰਨ ਹਵਾਲੇ ਕਰ ਦਿੱਤਾ ਹੈ ਤਾਂ ਇਹ ਆਮ ਆਦਮੀ ਪਾਰਟੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੱਸੇ ਕਿ ਉਸ ਨੇ ਇਸ ਮਾਮਲੇ ’ਤੇ ਦਹਿਸ਼ਤ ਦਾ ਮਾਹੌਲ ਕਿਉਂ ਸਿਰਜਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਕੀਤੀ ਕਾਰਵਾਈ ਨਾਲ ਦੁਨੀਆਂ ਭਰ ਵਿਚ ਸਿੱਖ ਕੌਮ ਦੀ ਬਦਨਾਮੀ ਹੋਈ, ਜਿਸ ਦੇ ਨਤੀਜੇ ਵਜੋਂ ਸੂਬੇ ’ਚੋਂ ਪੂੰਜੀ ਵੀ ਗਈ ਤੇ ਪੰਜਾਬੀਆਂ ਵਿਚ ਅਸੁਰੱਖਿਆ ਦੀ ਭਾਵਨਾ ਵੀ ਪੈਦਾ ਹੋਈ। ਫਿਰਕੂ ਤਣਾਅ ਪਹਿਲਾਂ ਹੀ ਜਾਣਬੁੱਝ ਕੇ ਪੈਦਾ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਫਿਰਕੂ ਸਦਭਾਵਨਾ ਕਾਇਮ ਰੱਖੀ ਤੇ ਵੰਡ ਪਾਊ ਤਾਕਤਾਂ ਵੱਲੋਂ ਉਨ੍ਹਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਇਆ, ਉਸ ਤੋਂ ਸਾਬਤ ਹੁੰਦਾ ਹੈ ਕਿ ਉਹ ਹਮੇਸ਼ਾ ਸਾਰੇ ਭਾਈਚਾਰਿਆਂ ਵਿਚ ਆਪਸੀ ਸ਼ਾਂਤੀ ਤੇ ਭਾਈਚਾਰੇ ਵਾਸਤੇ ਡਟੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਨੀਮ ਫੌਜੀ ਦਸਤੇ ਸੱਦ ਕੇ ਤੇ ਮੀਡੀਆ ਤੇ ਬੁੱਧੀਜੀਵੀ ਵਰਗ ’ਤੇ ਪਾਬੰਦੀਆਂ ਲਾਉਣ ਵਰਗੇ ਕਦਮਾਂ ਨਾਲ ਜਾਣਬੁੱਝ ਕੇ ਦਹਿਸ਼ਤ ਵਾਲਾ ਮਾਹੌਲ ਪੈਦਾ ਕੀਤਾ, ਜੋ ਹੁਣ ਤੁਰੰਤ ਬੰਦ ਹੋਣਾ ਚਾਹੀਦਾ ਹੈ।