ਕੁੰਵਰ ਵਿਜੇ ਪ੍ਰਤਾਪ ਖਿਲਾਫ ਅਕਾਲੀ ਦਲ ਨੇ ਫਿਰ ਖੜਕਾਇਆ ਚੋਣ ਕਮਿਸ਼ਨ ਦਾ ਦਰਵਾਜ਼ਾ

06/04/2019 6:59:16 PM

ਜਲੰਧਰ, (ਚਾਵਲਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਸ ਕਾਰਵਾਈ ਦੀ ਜਾਂਚ ਕਰ ਰਹੀ ਸਿਟ ਟੀਮ ਦੇ ਮੈਂਂਬਰ ਵਜੋਂ ਕੰਮ ਕਰਦੇ ਰਹਿਣ ਲਈ ਆਈ.ਜੀ. ਪੁਲਸ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਅਕਾਲੀ ਦਲ ਦਾ ਇਕ ਵਫ਼ਦ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਮਿਲਿਆ ਅਤੇ ਉਸ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਲਾਗੂ ਕੀਤੇ ਜਾਣ ਦੀ ਰਿਪੋਰਟ ਦੇਣ ਤੋਂ ਬਾਅਦ ਵੀ ਆਈ.ਜੀ. ਸਿਟ ਦੇ ਮੈਂਬਰ ਵਜੋਂ ਕੰਮ ਕਰਦਾ ਰਿਹਾ ਸੀ।

ਸੰਸਦ ਮੈਂਬਰ ਨਰੇਸ਼ ਗੁਜਰਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਆਦਿ ਮੈਂਬਰਾਂ ਵਾਲੇ ਇਸ ਵਫ਼ਦ ਨੇ ਆਈ.ਜੀ. ਵਲੋਂ 23 ਮਈ ਨੂੰ ਬਤੌਰ ਸਿਟ ਮੈਂਬਰ ਦਸਤਖ਼ਤ ਕਰ ਕੇ ਦਾਖ਼ਲ ਕੀਤੀ ਚਾਰਜਸ਼ੀਟ ਦੀ ਕਾਪੀ ਵੀ ਚੋਣ ਕਮਿਸ਼ਨ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਚੋਣ ਕਮਿਸ਼ਨ ਵਲੋਂ 5 ਮਈ ਨੂੰ ਸਿਟ ਮੈਂਬਰ ਵਜੋਂ ਹਟਾਏ ਜਾਣ ਤੋਂ ਬਾਅਦ ਦੀ ਕੁੰਵਰ ਵਿਜੇ ਇਸ ਅਹੁਦੇ ਉੱਤੇ ਕੰਮ ਕਰਦਾ ਰਿਹਾ ਸੀ। ਇਹ ਕਾਰਵਾਈ ਸੰਸਦ ਮੈਂਬਰ ਨਰੇਸ਼ ਗੁਜਰਾਲ ਵਲੋਂ ਕੀਤੀ ਸ਼ਿਕਾਇਤ ਮਗਰੋਂ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਦੱਸਿਆ ਸੀ ਕਿ ਚੋਣ ਜ਼ਾਬਤੇ ਦੌਰਾਨ ਆਈ.ਜੀ. ਸਿਆਸੀ ਬਿਆਨਬਾਜ਼ੀ ਕਰ ਰਿਹਾ ਸੀ। ਚੋਣ ਕਮਿਸ਼ਨ ਦੇ ਨਿਰਦੇਸ਼ ਅਨੁਸਾਰ ਆਈ.ਜੀ. 26 ਮਈ ਨੂੰ ਚੋਣ ਜ਼ਾਬਤਾ ਹਟਾਏ ਜਾਣ ਤਕ ਬਤੌਰ ਸਿਟ ਮੈਂਬਰ ਕੰਮ ਨਹੀਂ ਸੀ ਕਰ ਸਕਦਾ। ਅਕਾਲੀ ਵਫ਼ਦ ਨੇ ਉਨ੍ਹਾਂ ਸਾਰੇ ਵਿਅਕਤੀਆਂ ਖ਼ਿਲਾਫ ਵੀ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ, ਜਿਨ੍ਹਾਂ ਉੱਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਸੀ।

ਅਕਾਲੀ ਵਫ਼ਦ ਨੇ ਕਿਹਾ ਕਿ ਹੁਣ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਚੋਣ ਕਮਿਸ਼ਨ ਦੇ ਹੁਕਮ ਨੂੰ ਲਾਗੂ ਨਹੀਂ ਸੀ ਕੀਤਾ ਗਿਆ ਜਦਕਿ ਇਸ ਸਬੰਧ ਵਿਚ ਸੂਬਾ ਸਰਕਾਰ ਵਲੋਂ ਦਾਇਰ ਕੀਤੀ ਅਪੀਲ ਨੂੰ ਚੋਣ ਕਮਿਸ਼ਨ ਵੱਲੋਂ ਰੱਦ ਕੀਤਾ ਜਾ ਚੁੱਕਿਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਕਹਿੰਦਿਆਂ ਇਸ ਹੁਕਮ ਦੀ ਨਜ਼ਰਸਾਨੀ ਦੀ ਮੰਗ ਕੀਤੀ ਸੀ ਕਿ ਇਸ ਨਾਲ ਚੱਲ ਰਹੀ ਜਾਂਚ ਵਿਚ ਰੁਕਾਵਟ ਪਵੇਗੀ ਪਰ ਰਾਜ ਸਰਕਾਰ ਦੀ ਇਸ ਦਲੀਲ ਨੂੰ ਚੋਣ ਕਮਿਸ਼ਨ ਨੇ ਸਵੀਕਾਰ ਨਹੀਂ ਸੀ ਕੀਤਾ।

Arun chopra

This news is Content Editor Arun chopra