ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ ਸੇਵਾ ਕਰਨ ਨਹੀਂ: ਸੁਖਬੀਰ ਬਾਦਲ

Friday, Mar 13, 2026 - 05:08 PM (IST)

ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ ਸੇਵਾ ਕਰਨ ਨਹੀਂ: ਸੁਖਬੀਰ ਬਾਦਲ

ਫਤਿਹਗੜ੍ਹ ਚੂੜੀਆਂ- ਫਤਿਹਗੜ੍ਹ ਚੂੜੀਆਂ ਤੋਂ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੀ ਨਵੀਂ ਪੀੜੀ ਨੂੰ ਅਕਾਲੀ ਦਲ ਦੇ ਇਤਿਹਾਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਪੰਜਾਬੀਆਂ ਦੇ ਦਿਲ ਦੀ ਧੜਕਨ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਬੀਬੀਆਂ ਅਤੇ ਬਜ਼ੁਰਗ ਵੋਟ ਪਾਉਣ ਜਾਂਦੇ ਸਨ ਤਾਂ ਸਭ ਤੋਂ ਪਹਿਲਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਜਾਂਦੇ ਸਨ ਅਤੇ ਇਹ ਮਨ ਵਿੱਚ ਨਿਸ਼ਚਾ ਕਰਦੇ ਸਨ ਕਿ ਉਹ ਤਕੜੀ ਦੇ ਨਿਸ਼ਾਨ ਨੂੰ ਹੀ ਵੋਟ ਪਾਉਣਗੇ। ਉਨ੍ਹਾਂ ਦੀ ਸੋਚ ਹੁੰਦੀ ਸੀ ਕਿ ਤਕੜੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਨੂੰ ਵੋਟ ਨਹੀਂ ਦੇਣੀ।

ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਪਈ, ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਮੋਰਚੇ ਲਗਾਏ ਅਤੇ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾ ਹੁੰਦਾ ਤਾਂ ਅੱਜ ਪੰਜਾਬ ਉਹ ਨਹੀਂ ਹੁੰਦਾ ਜੋ ਅਸੀਂ ਵੇਖ ਰਹੇ ਹਾਂ। ਉਨ੍ਹਾਂ ਕਿਹਾ ਪੰਜਾਬ ਵਿੱਚ ਜਿਹੜਾ ਵੀ ਵੱਡਾ ਵਿਕਾਸ ਹੋਇਆ ਹੈ, ਉਹ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਹੀ ਹੋਇਆ ਹੈ ਅਤੇ ਹੋਰ ਕਿਸੇ ਸਰਕਾਰ ਨੇ ਇਸ ਪੱਧਰ ਦਾ ਕੰਮ ਨਹੀਂ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੂੰ ਵੱਖ ਹੋਏ ਲਗਭਗ 60 ਸਾਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਕ-ਇਕ ਪ੍ਰੋਜੈਕਟ ਵੇਖਿਆ ਜਾਵੇ ਤਾਂ ਡੈਮ, ਏਅਰਪੋਰਟ, ਸੜਕਾਂ, ਬਿਜਲੀ ਦੀਆਂ ਲਾਈਨਾਂ, ਨਹਿਰਾਂ, ਹਾਈਵੇ ਅਤੇ ਟਿਊਬਵੈੱਲ ਕਨੈਕਸ਼ਨ ਵਰਗੇ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਵੱਲੋਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਨੇ ਕਰੀਬ 13.5 ਲੱਖ ਟਿਊਬਵੈੱਲ ਕਨੈਕਸ਼ਨ ਦਿੱਤੇ, ਜਦਕਿ ਪੂਰੇ ਪੰਜਾਬ ਵਿੱਚ ਕਰੀਬ 15 ਲੱਖ ਟਿਊਬਵੈੱਲ ਕਨੈਕਸ਼ਨ ਹਨ। ਉਨ੍ਹਾਂ ਕਿਹਾ ਕਿ ਅੱਜ ਕਰੀਬ 10 ਸਾਲ ਹੋ ਗਏ ਹਨ, ਪਰ ਕੋਈ ਇੱਕ ਵੀ ਨਵਾਂ ਟਿਊਬਵੈੱਲ ਕਨੈਕਸ਼ਨ ਮਿਲਣ ਦੀ ਗੱਲ ਸਾਹਮਣੇ ਨਹੀਂ ਆਉਂਦੀ। ਉਨ੍ਹਾਂ ਦਾ ਕਹਿਣਾ ਸੀ ਕਿ ਅੱਜਕੱਲ੍ਹ ਟਿਊਬਵੈੱਲ ਕਨੈਕਸ਼ਨ ਲਈ ਲੋਕਾਂ ਨੂੰ 15 ਤੋਂ 20 ਲੱਖ ਰੁਪਏ ਤੱਕ ਖਰਚਣਾ ਪੈਂਦਾ ਹੈ, ਜਦਕਿ ਉਨ੍ਹਾਂ ਦੇ ਸਮੇਂ ਇਹ ਲੰਗਰ ਵਾਂਗ ਲੋਕਾਂ ਨੂੰ ਮਿਲਦੇ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਕਰੀਬ 25 ਸਾਲ ਪੰਜਾਬ ‘ਤੇ ਰਾਜ ਕਰਦੇ ਰਹੇ, ਪਰ ਉਹ ਕੋਈ ਵੱਡਾ ਵਿਕਾਸ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਲੋਕਾਂ ਵਿੱਚ ਰਹਿੰਦੇ ਸਨ ਅਤੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਦੇ ਸਨ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਗੁਰੂਆਂ ਦੇ ਦੱਸੇ ਰਾਹ ‘ਤੇ ਚੱਲਣ ਵਾਲੇ ਅਤੇ ਸਰਬੱਤ ਦਾ ਭਲਾ ਸੋਚਣ ਵਾਲੇ ਇਨਸਾਨ ਸਨ, ਜੋ ਹਰ ਧਰਮ ਦਾ ਸਤਿਕਾਰ ਕਰਨਾ ਜਾਣਦੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਹੈ ਕਿ ਪੰਜਾਬ ਉਦੋਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਇੱਥੇ ਭਾਈਚਾਰੇ ਦੀ ਸਾਂਝ ਅਤੇ ਅਮਨ-ਸ਼ਾਂਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਕਈ ਸਿਆਸੀ ਪਾਰਟੀਆਂ ਲੋਕਾਂ ਨੂੰ ਇਕ-ਦੂਜੇ ਨਾਲ ਲੜਾ ਕੇ ਰਾਜ ਕਰਨਾ ਚਾਹੁੰਦੀਆਂ ਹਨ ਅਤੇ ਇਹੀ ਅਕਾਲੀ ਦਲ ਅਤੇ ਦਿੱਲੀ ਆਧਾਰਿਤ ਪਾਰਟੀਆਂ ਵਿੱਚ ਵੱਡਾ ਫਰਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਦੁੱਖ-ਦਰਦ ਨੂੰ ਬਹੁਤ ਚੰਗੀ ਤਰ੍ਹਾਂ ਸਮਝਦਾ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕੀ ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ ਜਾਂ ਨਰਿੰਦਰ ਮੋਦੀ ਦੇ ਮਨ ਵਿੱਚ ਉਹਨੀ ਹਮਦਰਦੀ ਹੋ ਸਕਦੀ ਹੈ ਜਿੰਨੀ ਪ੍ਰਕਾਸ਼ ਸਿੰਘ ਬਾਦਲ ਦੇ ਮਨ ਵਿੱਚ ਲੋਕਾਂ ਲਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਲਈ ਪੰਜਾਬ ਸਿਰਫ਼ ਇਕ ਸੂਬਾ ਹੈ, ਜਿੱਥੇ ਉਹ ਰਾਜ ਕਰਨ ਲਈ ਆਉਂਦੇ ਹਨ, ਪਰ ਲੋਕਾਂ ਦੀਆਂ ਤਕਲੀਫ਼ਾਂ ਸੁਣਨ ਲਈ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਇਸ ਵੇਲੇ ਅਕਾਲੀ ਦਲ ਦੇ ਸਿਰਫ਼ ਤਿੰਨ ਵਿਧਾਇਕ ਹਨ, ਪਰ ਪਾਰਟੀ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਪਾਰਟੀ ਨੂੰ ਕਮਜ਼ੋਰ ਕਰਨ ਕਾਰਨ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਤਾਕਤਾਂ ਲੋਕਾਂ ਦੇ ਧਾਰਮਿਕ ਸਥਾਨਾਂ ‘ਤੇ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਜਾਗਣ ਦੀ ਲੋੜ ਹੈ ਅਤੇ ਆਪਣੀ ਪਾਰਟੀ ਅਤੇ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

ਸੁਖਬੀਰ ਸਿੰਘ ਬਾਦਲ ਨੇ ਅੱਗੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਪੰਜਾਬ ਤੇਜ਼ੀ ਨਾਲ ਤਰੱਕੀ ਕਰ ਰਿਹਾ ਸੀ। ਗਰੀਬ ਪਰਿਵਾਰਾਂ ਨੂੰ ਆਟਾ-ਦਾਲ ਸਕੀਮ ਦਾ ਲਾਭ ਮਿਲਦਾ ਸੀ, ਕੁੜੀਆਂ ਨੂੰ ਸਕੂਲ ਜਾਣ ਲਈ ਸਾਈਕਲ ਦਿੱਤੇ ਜਾਂਦੇ ਸਨ ਅਤੇ ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਵੀ ਮਿਲਦੀਆਂ ਸਨ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਸੁਵਿਧਾ ਕੇਂਦਰ ਵੀ ਬਣਾਏ ਗਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਸਿਰਫ਼ ਲੁੱਟਣ ਵਿੱਚ ਲੱਗੀ ਹੋਈ ਹੈ ਅਤੇ ਲੋਕਾਂ ਲਈ ਕੋਈ ਢੰਗ ਦਾ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਾਰ ਸਾਲਾਂ ਦੌਰਾਨ ਸਰਕਾਰ ਨੇ ਕੋਈ ਵੱਡਾ ਵਿਕਾਸੀ ਕੰਮ ਨਹੀਂ ਕੀਤਾ ਅਤੇ ਹੁਣ ਜਦੋਂ ਚੋਣਾਂ ਵਿੱਚ ਕਰੀਬ ਅੱਠ ਮਹੀਨੇ ਬਾਕੀ ਰਹਿ ਗਏ ਹਨ ਤਾਂ ਲੋਕਾਂ ਨੂੰ ਮੁੜ ਲਾਲਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਬੀਬੀਆਂ ਨੂੰ ਪਹਿਲਾਂ 1000 ਰੁਪਏ ਕਿਉਂ ਨਹੀਂ ਦਿੱਤੇ ਗਏ ਅਤੇ ਹੁਣ ਕਿਉਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਵੋਟਾਂ ਨੇੜੇ ਆਉਣ ਕਰਕੇ ਕੀਤਾ ਜਾ ਰਿਹਾ ਹੈ, ਪਰ ਪੰਜਾਬ ਦੀਆਂ ਬੀਬੀਆਂ ਨੂੰ ਕੋਈ ਖਰੀਦ ਨਹੀਂ ਸਕਦਾ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਸਰਕਾਰੀ ਜਾਇਦਾਦ ਵੇਚ ਕੇ ਅਤੇ ਬੈਂਕਾਂ ਤੋਂ ਕਰਜ਼ਾ ਲੈ ਕੇ ਲੋਕਾਂ ਨੂੰ ਪੈਸੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਇਸ ਵੇਲੇ ਕਰੀਬ 4.30 ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਹੀ ਵੱਡੀ ਮਾਤਰਾ ਵਿੱਚ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਬਾਹਰਲੇ ਦੇਸ਼ਾਂ ਵਿੱਚ ਵੀ ਪੰਜਾਬ ਦੇ ਨੌਜਵਾਨਾਂ ਨੂੰ ਲੈਣ ਲਈ ਹੱਥ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸਿਰਫ਼ ਅਕਾਲੀ ਦਲ ਹੀ ਬਣਾ ਸਕਦਾ ਹੈ।

ਇਹ ਕੀਤੇ ਐਲਾਨ
ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਜਿਵੇਂ ਹੀ ਅਕਾਲੀ ਦਲ ਦੀ ਸਰਕਾਰ ਬਣੇਗੀ, ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈੱਲ ਕਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਕਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਮੁਫ਼ਤ ਬਿਜਲੀ ਦੇਣ ਦੀ ਗੱਲ ਕਰਦੇ ਹਨ, ਪਰ ਉਨ੍ਹਾਂ ਨੂੰ ਅਕਾਲੀ ਦਲ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਥਰਮਲ ਪਲਾਂਟ ਅਕਾਲੀ ਸਰਕਾਰ ਦੇ ਸਮੇਂ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਥਰਮਲ ਪਲਾਂਟ ਨਾ ਹੁੰਦੇ ਤਾਂ ਅੱਜ ਰਾਤ ਨੂੰ ਵੀ ਬਿਜਲੀ ਮੁਹੱਈਆ ਕਰਵਾਉਣਾ ਮੁਸ਼ਕਿਲ ਹੋ ਜਾਂਦਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕਿਸਾਨਾਂ ਨੂੰ ਨਿਯਮਿਤ ਤੌਰ ‘ਤੇ 12 ਘੰਟੇ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਵਿੱਚ ਗੰਦਾ ਪਾਣੀ ਜਾਣ ਤੋਂ ਰੋਕਣ ਲਈ ਕੜੇ ਕਦਮ ਚੁੱਕੇ ਜਾਣਗੇ। ਇਸ ਦੇ ਨਾਲ ਹੀ ਪੱਕੇ ਡੈਮ ਬਣਾਏ ਜਾਣਗੇ ਤਾਂ ਜੋ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਐਲਾਨ ਕੀਤਾ ਕਿ ਨੀਲੇ ਕਾਰਡ ਦੀ ਯੋਜਨਾ ਮੁੜ ਸ਼ੁਰੂ ਕਰਕੇ ਲਾਭਪਾਤਰੀਆਂ ਨੂੰ 30 ਕਿਲੋ ਆਟਾ ਅਤੇ 20 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਾਲ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੀਆਂ ਧੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ ਤਹਿਤ 1 ਲੱਖ ਰੁਪਏ ਦਿੱਤੇ ਜਾਣਗੇ ਅਤੇ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਨੌਜਵਾਨਾਂ ਨੂੰ ਆਪਣਾ ਨਵਾਂ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਬਿਆਜ-ਮੁਕਤ ਕਰਜ਼ਾ ਦਿੱਤਾ ਜਾਵੇਗਾ, ਜੋ 10 ਸਾਲਾਂ ਵਿੱਚ ਵਾਪਸ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾਵੇਗੀ ਅਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਅਤੇ ਸਕਿੱਲ ਕਾਲਜ ਖੋਲ੍ਹੇ ਜਾਣਗੇ, ਜਿੱਥੇ ਨੌਜਵਾਨ ਆਪਣੀ ਪਸੰਦ ਅਨੁਸਾਰ ਟ੍ਰੇਨਿੰਗ ਲੈ ਸਕਣਗੇ।

ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ‘ਟੈਰਰਿਸਟ’ (ਅੱਤਵਾਦੀ) ਅਤੇ ਦੇਸ਼ ਵਿਰੋਧੀ ਘੋਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇੰਨੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿ ਉਹ ਮੁੜ ਸਿਰ ਨਹੀਂ ਚੁੱਕ ਸਕਣਗੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਵਿੱਚ ਡਰ ਦਾ ਮਾਹੌਲ ਖਤਮ ਕਰਕੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ।


 


author

Shivani Bassan

Content Editor

Related News