'ਅਕਾਲੀ ਦਲ ਪੰਜਾਬ ਦੀ ਸੱਤਾ ਨੂੰ ਸੰਭਾਲਣ ਲਈ ਤਿਆਰ ਬੈਠਾ'-ਦਲਜੀਤ ਚੀਮਾ ਦਾ ਵੱਡਾ ਬਿਆਨ
Wednesday, Jan 14, 2026 - 03:59 PM (IST)
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਮੌਕੇ ਅਕਾਲੀ ਦਲ ਵਲੋਂ ਵੱਡੀ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੇਰੇ ਕੋਲ ਲੋਕਾਂ ਦਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ। ਅੱਤ ਦੀ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਵੀ ਹਜ਼ਾਰਾਂ ਦੀ ਗਿਣਤੀ 'ਚ ਲੋਕ ਇੱਥੇ ਹਾਜ਼ਰ ਹੋਏ ਹਨ। ਦਲਜੀਤ ਚੀਮਾ ਨੇ ਕਿਹਾ ਕਿ ਅੱਜ ਜਨਤਾ ਨੇ ਦੇਸ਼ ਦੀ ਹਕੂਮਤ ਨੂੰ ਦੱਸ ਦਿੱਤਾ ਹੈ ਕਿ ਅਕਾਲੀ ਦਲ ਅੱਜ ਵੀ ਉਸੇ ਤਰੀਕੇ ਤਗੜਾ ਹੈ ਅਤੇ ਕੱਲ੍ਹ ਵੀ ਅਕਾਲੀ ਦਲ ਪੰਜਾਬ ਦੀ ਸੱਤਾ ਨੂੰ ਸੰਭਾਲਣ ਲਈ ਤਿਆਰ ਬੈਠਾ ਹੈ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਇਨ੍ਹਾਂ ਦੀ ਅਸਲੀਅਤ ਨੂੰ ਸਮਝ ਚੁੱਕੀ ਹੈ ਅਤੇ ਲੋਕ ਹੁਣ ਇਨ੍ਹਾਂ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਨਹੀਂ ਵਧੀਆਂ ਛੁੱਟੀਆਂ, ਅੱਜ ਕੜਾਕੇ ਦੀ ਠੰਡ ਵਿਚਾਲੇ ਖੁੱਲ੍ਹੇ ਸਾਰੇ ਸਕੂਲ
ਦਲਜੀਤ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਇਕ ਖ਼ਤਰਨਾਕ ਦੌਰ 'ਚੋਂ ਲੰਘ ਰਿਹਾ ਹੈ। ਪੰਜਾਬ ਵੱਡੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਹੋ ਚੁੱਕਿਆ ਹੈ ਅਤੇ ਅੱਜ ਫਿਰ ਪੰਜਾਬ ਏਜੰਸੀਆਂ ਦੇ ਮੱਕੜਜਾਲ 'ਚ ਫਸਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਇਸ ਦੌਰ 'ਚੋਂ ਕੱਢਣ 'ਚ ਸਾਡੀ ਬਹੁਤ ਵੱਡੀ ਜ਼ਿੰਮੇਵਾਰੀ ਬਣਦੀ ਹੈ। ਚੀਮਾ ਨੇ ਕਿਹਾ ਕਿ ਅਕਾਲੀ ਦਲ ਕੋਈ ਆਮ ਪਾਰਟੀ ਨਹੀਂ, ਸਗੋਂ 105 ਸਾਲ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਨੇ ਪੰਜਾਬ ਦੇ ਹੱਕਾਂ, ਪਾਣੀਆਂ ਅਤੇ ਰਾਜਧਾਨੀਆਂ ਵਾਸਤੇ ਵੀ ਲੜਾਈ ਲੜੀ। ਇਹ ਉਹ ਪਾਰਟੀ ਹੈ, ਜਿਸ ਨੇ ਦੇਸ਼ 'ਚ ਐਮਰਜੈਂਸੀ ਦਾ ਡੱਟ ਕੇ ਮੁਕਾਬਲਾ ਕੀਤਾ ਹੈ ਪਰ ਕੇਂਦਰ ਅਤੇ ਸੂਬੇ ਦੀ ਸਰਕਾਰ ਫਿਰ ਪੰਜਾਬ 'ਚ ਐਮਰਜੈਂਸੀ ਵਾਲੇ ਹਾਲਾਤ ਪੈਦਾ ਕਰ ਰਹੀ ਹੈ।
ਜਿਹੜਾ ਲੀਡਰ ਪੰਜਾਬ ਦੀ ਗੱਲ ਕਰਦਾ ਹੈ, ਸਰਕਾਰਾਂ ਹੱਥਕੰਡੇ ਵਰਤ ਕੇ ਉਸ ਲੀਡਰ ਨੂੰ ਬਦਨਾਮ ਕਰਨ ਲਈ ਹਮੇਸ਼ਾ ਸਾਜ਼ਿਸ਼ਾਂ ਰਚ ਰਹੀਆਂ ਹਨ। ਦਲਜੀਤ ਚੀਮਾ ਨੇ ਕਿਹਾ ਕਿ ਅਸੀਂ ਰਲ ਕੇ ਇਨ੍ਹਾਂ ਤਾਕਤਾਂ ਨੂੰ ਜਵਾਬ ਦੇਣਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਵੇਂ ਪ੍ਰਕਾਸ਼ ਸਿੰਘ ਬਾਦਲ ਸਾਡੇ ਕੋਲ ਨਹੀਂ ਪਰ ਉਨ੍ਹਾਂ ਦੀਆਂ ਅਸੀਸਾਂ ਸਾਡੇ ਨਾਲ ਹਨ ਅਤੇ ਸੁਖਬੀਰ ਬਾਦਲ ਵਰਗਾ ਲੀਡਰ ਅੱਜ ਸਾਡੇ ਅਕਾਲੀ ਦਲ ਕੋਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਵਰਤੇ ਜਾ ਰਹੇ ਹੱਥਕੰਡਿਆਂ ਨੂੰ ਅਕਾਲੀ ਵਰਕਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਅੱਜ ਵੀ ਪੰਜਾਬ ਲਈ ਜੋ ਕੁੱਝ ਵੀ ਕਰਨਾ ਪਿਆ ਤਾਂ ਅਕਾਲੀ ਵਰਕਰ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਆਰਥਿਕ ਤੌਰ 'ਤੇ ਤਬਾਹ ਹੋ ਚੁੱਕਿਆ ਹੈ ਅਤੇ ਇਸ ਨੂੰ ਮੁੜ ਲੀਹਾਂ 'ਤੇ ਲਿਆਉਣ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
