ਬਾਗੀ ਧੜੇ ਦੀ ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਦੀ ਮੀਟਿੰਗ, ਦਲਜੀਤ ਚੀਮਾ ਨੇ ਆਖੀਆਂ ਵੱਡੀਆਂ ਗੱਲਾਂ

Monday, Jul 15, 2024 - 05:17 PM (IST)

ਚੰਡੀਗੜ੍ਹ : ਚੰਡੀਗੜ੍ਹ 'ਚ ਬਾਗੀ ਧੜੇ ਦੀ ਬੈਠਕ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਹਲਚਲ ਦੇਖਣ ਨੂੰ ਮਿਲੀ। ਇੱਥੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਅਹਿਮ ਬੈਠਕ ਕੀਤੀ ਗਈ। ਬੈਠਕ ਦੌਰਾਨ ਕਈ ਅਕਾਲੀ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦਾ ਮੁੱਖ ਦਫ਼ਤਰ ਹਰੇਕ ਵਾਸਤੇ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਇਸਤਰੀ ਅਕਾਲੀ ਦਲ, ਐੱਸ. ਸੀ. ਵਿੰਗ, ਓ. ਬੀ ਸੀ. ਵਿੰਗ ਤੇ ਯੂਥ ਅਕਾਲੀ ਦਲ ਸਮੇਤ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਹਾਲ ਹੀ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਅੱਜ, ਅਗਲੀ ਰਣਨੀਤੀ 'ਤੇ ਹੋਵੇਗੀ ਚਰਚਾ

ਉਨ੍ਹਾਂ ਕਿਹਾ ਕਿ ਜਿਹੜੇ ਆਗੂ ਆਪਣੇ ਆਪ ਨੂੰ ਅਕਾਲੀ ਦਲ ਦੇ ਬਾਗੀ ਕਹਾਉਂਦੇ ਹਨ, ਉਨ੍ਹਾਂ ਨੇ ਇਨ੍ਹਾਂ ਮੀਟਿੰਗਾਂ 'ਚ ਹਿੱਸਾ ਨਹੀਂ ਲਿਆ, ਹਾਲਾਂਕਿ ਸਾਰਿਆਂ ਨੂੰ ਮੀਟਿੰਗ 'ਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੇ ਆਪਣੀ ਪਾਰਟੀ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵੇ ਕਰ ਰਹੇ ਹਨ ਕਿ ਉਨ੍ਹਾਂ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਮੀਟਿੰਗਾਂ ਕੀਤੀਆਂ ਹਨ।

ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਨੇ ਫਿਰ ਕੱਢੇ ਪੰਜਾਬੀਆਂ ਦੇ ਵੱਟ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ Update (ਵੀਡੀਓ) 

ਉਨ੍ਹਾਂ ਕਿਹਾ ਕਿ  ਅਜਿਹੇ ਆਗੂਆਂ ਲਈ ਪਾਰਟੀ ਮੁੱਖ ਦਫ਼ਤਰ 'ਚ ਕੋਈ ਥਾਂ ਨਹੀਂ ਹੈ। ਅਕਾਲੀ ਆਗੂ ਨੇ ਸਪੱਸ਼ਟ ਕੀਤਾ ਕਿ ਪਾਰਟੀ ਦਾ ਇਕ ਸੰਵਿਧਾਨ ਹੈ ਅਤੇ ਚੁਣੇ ਹੋਏ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਚੋਣ ਨਿਯਮਾਂ ਮੁਤਾਬਕ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਫ਼ਤਰ ਵੀ ਪ੍ਰਧਾਨ ਵੱਲੋਂ ਦਿੱਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚਲਾਇਆ ਜਾਂਦਾ ਹੈ। ਤੁਸੀਂ ਪ੍ਰਧਾਨ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਕੇ ਪਾਰਟੀ ਦਫ਼ਤਰ ਵਿਚ ਮੀ‌ਟਿੰਗਾਂ ਨਹੀਂ ਕਰ ਸਕਦੇ। ਦੱਸ ਦੇਈਏ ਕਿ ਅੱਜ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਵੀ ਬੈਠਕ ਕੀਤੀ ਗਈ ਹੈ ਅਤੇ ਉਨ੍ਹਾਂ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News