ਲੁਧਿਆਣਾ : ''ਬੀਜ ਘੋਟਾਲੇ'' ਨੂੰ ਲੈ ਕੇ ਅਕਾਲੀ ਦਲ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

05/28/2020 1:48:15 PM

ਲੁਧਿਆਣਾ (ਨਰਿੰਦਰ) : ਬੀਜ ਘੋਟਾਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਦਾ ਨਾਂ ਇਸ 'ਚ ਆਉਣ ਤੋਂ ਬਾਅਦ ਅਕਾਲੀ ਦਲ ਵੱਲੋਂ ਲਗਾਤਾਰ ਪੰਜਾਬ ਦੀ ਕੈਪਟਨ ਸਰਕਾਰ 'ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ। ਇਸ ਦੇ ਤਹਿਤ ਵੀਰਵਾਰ ਨੂੰ ਅਕਾਲੀ ਦਲ, ਲੁਧਿਆਣਾ ਦੇ ਸੀਨੀਅਰ ਨੇਤਾਵਾਂ ਦਾ ਇੱਕ ਵਫਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ, ਜਿਸ 'ਚ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਢਿੱਲੋਂ, ਮਹੇਸ਼ ਇੰਦਰ ਗਰੇਵਾਲ ਅਤੇ ਚਰਨਜੀਤ ਸਿੰਘ ਅਟਵਾਲ ਮੌਜੂਦ ਰਹੇ, ਜਿਨ੍ਹਾਂ ਨੇ ਸੁਖਜਿੰਦਰ ਰੰਧਾਵਾ ਦੇ ਅਸਤੀਫ਼ੇ ਦੀ ਅਤੇ ਉਨ੍ਹਾਂ 'ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦਾ ਹੱਕ ਕੈਪਟਨ ਸਰਕਾਰ ਨੇ ਖਾ ਲਿਆ ਹੈ ਅਤੇ ਹੁਣ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ 'ਤੇ ਸਰਕਾਰ ਨੇ ਇਕ ਹੋਰ ਵੱਡਾ ਕੰਮ ਕਰ ਦਿੱਤਾ ਹੈ। ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਦੇ ਰਾਹ 'ਤੇ ਹਨ ਅਤੇ ਹੁਣ ਉਨ੍ਹਾਂ ਨੂੰ ਜੋ ਬੀਜ ਸਸਤੀ ਕੀਮਤ 'ਤੇ ਮਿਲਣੇ ਚਾਹੀਦੇ ਸਨ, ਉਨ੍ਹਾਂ ਨੂੰ ਦੁੱਗਣੀ-ਤਿੱਗਣੀ ਕੀਮਤਾਂ 'ਤੇ ਵੇਚਿਆ ਜਾ ਰਿਹਾ ਹੈ। ਇਸ ਮੌਕੇ ਵੀਰਵਾਰ ਨੂੰ ਕਾਂਗਰਸ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਮੋਦੀ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਨੂੰ ਵੀ ਸ਼ਰਨਜੀਤ ਢਿੱਲੋਂ ਨੇ ਡਰਾਮਾ ਦੱਸਿਆ। ਅਕਾਲੀ ਦਲ ਦੇ ਲੁਧਿਆਣਾ ਤੋਂ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਖਿਲਾਫ ਸਰਕਾਰ ਨੂੰ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨਿਰਪੱਖ ਏਜੰਸੀ ਤੋਂ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਰੇਵਾਲ ਨੇ ਕਿਹਾ ਕਿ ਇਸ ਦਾ ਕੇਂਦਰ ਬਿੰਦੂ ਕਰਨਾਲ ਨਹੀਂ, ਸਗੋਂ ਗੁਰਦਾਸਪੁਰ ਹੈ ਅਤੇ ਗੁਰਦਾਸਪੁਰ ਤੋਂ ਹੀ ਇਹ ਪੂਰਾ ਘੋਟਾਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਸ਼ੇਸ਼ ਜਾਂਚ ਕਮੇਟੀ ਬਣਾ ਕੇ ਇਸ ਘੋਟਾਲੇ ਦੇ ਮੁੱਖ ਦੋਸ਼ੀ ਅਤੇ ਕੈਬਨਿਟ ਮੰਤਰੀ ਦੇ ਅਕਸ ਨੂੰ ਬਚਾਉਣਾ ਚਾਹੁੰਦੀ ਹੈ।
 

Babita

This news is Content Editor Babita