ਅਕਾਲੀ ਦਲ ਵਲੋਂ ''ਬਜਟ ਇਜਲਾਸ'' ਦਾ ਸਮਾਂ ਵਧਾਉਣ ਦੀ ਮੰਗ
Wednesday, Feb 19, 2020 - 01:51 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਬਜਟ ਸੈਸ਼ਨ ਨੂੰ ਵਧਾਉਣ ਦੀ ਮੰਗ ਸਪੀਕਰ ਅੱਗੇ ਰੱਖੀ। ਉਨ੍ਹਾਂ ਕਿਹਾ ਕਿ ਬਜਟ ਇਜਲਾਸ ਦਾ ਸਮਾਂ ਵਧਾਇਆ ਜਾਵੇ ਤਾਂ ਜੋ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕੇ।
ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਮੌਕੇ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦੇ ਘਰ-ਘਰ ਰੋਜ਼ਗਾਰ ਦੇ ਲਾਰਿਆਂ ਕਾਰਨ ਪੰਜਾਬ 'ਚ ਖੁਦਕੁਸ਼ੀਆਂ ਵਧ ਰਹੀਆਂ ਹਨ ਅਤੇ ਸੂਬੇ 'ਚ ਮਹਿੰਗੀ ਬਿਜਲੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਨਵੀਆਂ ਨੌਕਰੀਆਂ ਤਾਂ ਕੀ ਦੇਣੀਆਂ ਸਨ, ਸਗੋਂ ਅਕਾਲੀ-ਭਾਜਪਾ ਸਰਕਾਰ ਵੇਲੇ ਕਰਵਾਏ ਗਏ ਕੰਮ ਵੀ ਬੰਦ ਕਰਵਾ ਦਿੱਤੇ ਗਏ।