ਕਿਸਾਨ ਅੰਦੋਲਨ ਦੇ ਚੱਲਦੇ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਸੱਦੀ ਕੋਰ ਕਮੇਟੀ ਦੀ ਮੀਟਿੰਗ

Wednesday, Feb 14, 2024 - 07:01 PM (IST)

ਕਿਸਾਨ ਅੰਦੋਲਨ ਦੇ ਚੱਲਦੇ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਸੱਦੀ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ੍ਹ/ਅੰਮ੍ਰਿਤਸਰ- ਇਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ 'ਤੇ ਡਟ ਗਏ ਹਨ। ਅੱਜ ਕਿਸਾਨਾਂ ਦਾ 'ਦਿੱਲੀ ਚੱਲੋ' ਅੰਦੋਲਨ ਦਾ ਦੂਜਾ ਦਿਨ ਹੈ। ਕਿਸਾਨ ਅੰਦੋਲਨ 2.0 ਦੇ ਹੱਕ ਵਿਚ ਕਈ ਸਿਆਸੀ ਪਾਰਟੀਆਂ ਵੀ ਆ ਰਹੀਆਂ ਹਨ। ਕਿਸਾਨ ਅੰਦੋਲਨ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ 'ਪੰਜਾਬ ਬਚਾਓ ਯਾਤਰਾ' ਨੂੰ ਮੁਲਤਵੀ ਕਰਨ ਦਾ ਵੱਡਾ ਫ਼ੈਸਲਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਐਕਸ' 'ਤੇ ਪੋਸਟ ਪਾ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ "ਪੰਜਾਬ ਬਚਾਓ ਯਾਤਰਾ" ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਇਕ ਹੰਗਾਮੀ ਮੀਟਿੰਗ 15 ਫਰਵਰੀ 2024 (ਵੀਰਵਾਰ) ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ।

PunjabKesari

ਇਹ ਵੀ ਪੜ੍ਹੋ: ਦਿੱਲੀ ਦੀਆਂ ਬਰੂਹਾਂ 'ਤੇ ਮੁੜ ਡਟੇ ਕਿਸਾਨ, ਭਾਜਪਾ ਦੇ ਸਿੱਖ ਆਗੂ ਤਾਲਮੇਲ ਕਾਇਮ ਕਰਨ 'ਚ ਰਹੇ ਨਾਕਾਮ

ਬੇਸਿੱਟਾ ਰਹਿ ਚੁੱਕੀ ਹੈ ਕਿਸਾਨਾਂ ਦੀ ਮੰਤਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ ਸੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖ਼ਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ ‘ਦਿੱਲੀ ਕੂਚ’ ਕਰਨਗੇ। ਇਸ ਦੇ ਬਾਅਦ ਬੀਤੇ ਦਿਨ ਕਿਸਾਨਾਂ ਨੇ ਸਵੇਰੇ ਦਿੱਲੀ ਵੱਲ ਕੂਚ ਕਰ ਦਿੱਤਾ। 
ਸੂਤਰਾਂ ਅਨੁਸਾਰ ਕੇਂਦਰੀ ਵਜ਼ੀਰਾਂ ਨੇ ਅਖੀਰ ਵਿਚ ਕਿਸਾਨਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਸੀ ਕਿ ਉਹ ਕੇਂਦਰੀ ਖੇਤੀ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਮੰਗਾਂ ਨੂੰ ਵਿਚਾਰਨ ਲਈ ਇਕ ਕਮੇਟੀ ਦਾ ਗਠਨ ਕਰਨਗੇ, ਜਿਨ੍ਹਾਂ ਵਿਚ ਸੂਬਿਆਂ ਦੇ ਖੇਤੀ ਮੰਤਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਪਰ ਕਿਸਾਨ ਆਗੂਆਂ ਨੇ ਇਹ ਪੇਸ਼ਕਸ਼ ਸਿਰੇ ਤੋਂ ਨਕਾਰ ਦਿੱਤੀ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਸੀ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋ: ਹਾਈਟੈੱਕ ਹੋਏ ਨਸ਼ਾ ਸਮੱਗਲਰ, ਵ੍ਹਟਸਐੱਪ ਜ਼ਰੀਏ ਸ਼ੁਰੂ ਕੀਤੀ ਡੀਲਿੰਗ, ਇੰਝ ਹੁੰਦੈ ਰੇਟ ਤੇਅ ਤੇ ਗੰਦਾ ਧੰਦਾ

ਤੀਜੇ ਗੇੜ ਦੀ ਮੀਟਿੰਗ ਲਈ ਕਿਸਾਨਾਂ ਨੂੰ ਦਿੱਤਾ ਗਿਆ ਸੱਦਾ 
ਉਥੇ ਹੀ ਸਰਕਾਰ ਨੇ ਮੁੜ ਕਿਸਾਨ ਆਗੂਆਂ ਨੂੰ ਤੀਜੇ ਗੇੜ ਦੀ ਬੈਠਕ ਲਈ ਬੁਲਾਇਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਤੀਜੇ ਗੇੜ ਦੀ ਬੈਠਕ 'ਚ ਗੱਲ ਬਣੇਗੀ ਜਾਂ ਨਹੀਂ। ਉੱਥੇ ਹੀ ਦਿੱਲੀ ਬਾਰਡਰ 'ਤੇ ਭਾਰੀ ਜਾਮ ਲੱਗਾ ਹੋਇਆ ਹੈ। ਦੱਸਣਯੋਗ ਹੈ ਕਿ 12 ਫਰਵਰੀ ਦੀ ਰਾਤ ਚੰਡੀਗੜ੍ਹ 'ਚ ਸਾਢੇ 5 ਘੰਟੇ ਚੱਲੀ ਮੀਟਿੰਗ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਗਾਰੰਟੀ ਕਾਨੂੰਨ ਅਤੇ ਕਰਜ਼ ਮੁਆਫ਼ੀ 'ਤੇ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ,''ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੀਰੀਅਸ ਨਹੀਂ ਹੈ। ਉਨ੍ਹਾਂ ਦੇ ਮਨ 'ਚ ਖੋਟ ਹੈ। ਉਹ ਸਿਰਫ਼ ਟਾਈਮ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਾਂਗੇ ਪਰ ਅੰਦੋਲਨ 'ਤੇ ਕਾਇਮ ਹਾਂ।''

ਕੀ ਹਨ ਮੰਗਾਂ
ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: ਗੁਰਦੁਆਰਿਆਂ ’ਚ ਦਖ਼ਲਅੰਦਾਜ਼ੀ ਕਾਰਨ ਹੋਏ ਮਤਭੇਦ, 3 ਸਾਲ ਮਗਰੋਂ ਮੁੜ ਸ਼ੁਰੂ ਹੋਈ ਅਕਾਲੀ-ਭਾਜਪਾ ਵਿਚਾਲੇ ਗੱਲਬਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News