ਜਗਮੀਤ ਬਰਾੜ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ’ਚ ਅਕਾਲੀ ਦਲ!
Friday, Oct 21, 2022 - 06:30 PM (IST)
ਚੰਡੀਗੜ੍ਹ : ਅਕਾਲੀ ਦਲ ਹਾਈਕਮਾਨ ਸੀਨੀਅਰ ਆਗੂ ਜਗਮੀਤ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕਰਨ ਦੇ ਰੌਂਅ ਵਿਚ ਹੈ। ਪਾਰਟੀ ਵਲੋਂ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਇਕ ਹਫਤੇ ਦੇ ਅੰਦਰ-ਅੰਦਰ ਜਵਾਬ ਮੰਗਿਆ ਗਿਆ ਹੈ। ਇਹ ਨੋਟਿਸ ਪਾਰਟੀ ਵਿਰੋਧੀ ਗਤੀਵਿਧੀਆਂ, ਲਗਾਤਾਰ ਪਾਰਟੀ ਵਿਰੋਧੀ ਦਿੱਤੇ ਜਾ ਰਹੇ ਬਿਆਨਾਂ ਦੇ ਚੱਲਦੇ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਨ੍ਹਾਂ ਖ਼ਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਡੀ. ਐੱਸ. ਪੀ. ਗਗਨਦੀਪ ਭੁੱਲਰ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ’ਚ ਵੱਡਾ ਖ਼ੁਲਾਸਾ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਜਗਮੀਤ ਬਰਾੜ ਵਲੋਂ ਲਗਾਤਾਰ ਪਾਰਟੀ ਵਿਰੋਧੀ ਨਾ ਸਿਰਫ ਬਿਆਨਬਾਜ਼ੀ ਕੀਤੀ ਜਾ ਰਹੀ ਸੀ ਸਗੋਂ ਪਾਰਟੀ ਲੀਡਰਿਸ਼ਪ ’ਤੇ ਵੀ ਸਵਾਲ ਚੁੱਕੇ ਜਾ ਰਹੇ ਸਨ, ਜਿਸ ਨੂੰ ਲੈ ਕੇ ਪਾਰਟੀ ਅੰਦਰ ਚਰਚਾ ਚੱਲ ਰਹੀ ਸੀ। ਹੁਣ ਜਦੋਂ ਅਕਾਲੀ ਦਲ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਬਰਾੜ ਨੂੰ ਇਕ ਹਫਤੇ ਵਿਚ ਜਵਾਬ ਦੇਣ ਲਈ ਆਖਿਆ ਹੈ ਤਾਂ ਦੇਖਣਾ ਇਹ ਹੋਵੇਗਾ ਕਿ ਜਗਮੀਤ ਬਰਾੜ ਦਾ ਇਸ ’ਤੇ ਕੀ ਪ੍ਰਤੀਕਰਮ ਹੁੰਦਾ ਹੈ।
ਇਹ ਵੀ ਪੜ੍ਹੋ : ਭਾਜਪਾ ਪ੍ਰਧਾਨ ਦਾ ਅਕਾਲੀ ਦਲ ’ਤੇ ਵੱਡਾ ਹਮਲਾ, ਮੜ੍ਹਿਆ ਇਹ ਗੰਭੀਰ ਦੋਸ਼
ਜਗਮੀਤ ਬਰਾੜ ਨੇ ਬਣਾਈ ਸੀ ਕੋਆਰਡੀਨੇਸ਼ਨ ਕਮੇਟੀ
ਦੱਸਣਯੋਗ ਹੈ ਕਿ ਜਗਮੀਤ ਬਰਾੜ ਨੇ 10 ਅਕਤੂਬਰ ਨੂੰ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਸੀ। ਬਰਾੜ ਨੇ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸਿਮਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਭੂੰਦੜ, ਰਵੀ ਇੰਦਰ ਸਿੰਘ, ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ 11 ਹੋਰ ਵੱਡੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪਤਨੀ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
ਅਕਾਲੀ ਦਲ ਨੇ ਖਾਰਜ ਕੀਤੀ ਸੀ ਬਰਾੜ ਦੀ ਕਮੇਟੀ
ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਵਲੋਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਖਾਰਜ ਕਰ ਦਿੱਤਾ ਸੀ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਆਖਿਆ ਸੀ ਕਿ ਜਗਮੀਤ ਬਰਾੜ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ ਕਿ ਉਹ ਪਾਰਟੀ ਦੀ ਤਾਲਮੇਲ ਕਮੇਟੀ ਬਣਾ ਸਕਣ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਕਰਦਾ ਹੈ ਕਿ ਅਸੀਂ ਨਾ ਤਾਂ ਕੋਈ ਤਾਲਮੇਲ ਕਮੇਟੀ ਬਣਾਈ ਹੈ ਅਤੇ ਨਾ ਹੀ ਕਿਸੇ ਨੂੰ ਕਮੇਟੀ ਬਨਾਉਣ ਦਾ ਅਧਿਕਾਰ ਦਿੱਤਾ ਹੈ। ਅਕਾਲੀ ਦਲ ਬਰਾੜ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਨੂੰ ਖਾਰਜ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਐਲਾਨ, ਮੁਲਾਜ਼ਮਾਂ ਦੇ ਡੀ. ਏ. ’ਚ ਕੀਤਾ ਵਾਧਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।