ਚੰਡੀਗੜ੍ਹ : ਅਕਾਲੀ ਕਾਰਕੁੰਨ ਬੈਰੀਕੇਡ ਤੋੜ CM ਚੰਨੀ ਦੀ ਰਿਹਾਇਸ਼ ਨੇੜੇ ਪੁੱਜੇ, ਪੁਲਸ ਨੇ ਕੀਤਾ ਲਾਠੀਚਾਰਜ (ਤਸਵੀਰਾਂ)
Saturday, Nov 06, 2021 - 01:21 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਨੀਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂ ਅਤੇ ਕਾਰਕੁੰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਵਧੇ। ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਕਾਲੀ ਕਾਰਕੁੰਨਾਂ ਵੱਲੋਂ ਬੈਰੀਕੇਡ ਤੋੜ ਦਿੱਤੇ ਗਏ। ਅਕਾਲੀ ਆਗੂ ਅਤੇ ਵਰਕਰ ਬੈਰੀਕੇਡ ਤੋੜਦੇ ਹੋਏ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਨੇੜੇ ਪਹੁੰਚ ਗਏ। ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਤੱਕ ਕੀਤਾ ਗਿਆ।
ਇਹ ਵੀ ਪੜ੍ਹੋ : PSEB ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਪ੍ਰਸ਼ਨ-ਪੱਤਰਾਂ ਨੂੰ ਲੈ ਕੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ
ਇਸ ਦੌਰਾਨ ਕਈ ਅਕਾਲੀ ਕਾਰਕੁੰਨ ਜ਼ਖਮੀ ਹੋ ਗਏ। ਸੁਖਬੀਰ ਬਾਦਲ ਨੇ ਚੰਡੀਗੜ੍ਹ ਪੁਲਸ ਵੱਲੋਂ ਅਕਾਲੀ ਕਾਰਕੁੰਨਾਂ 'ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਨਾ ਘਟਾਇਆ ਤਾਂ ਫਿਰ ਅਕਾਲੀ ਦਲ ਆਪਣਾ ਅਗਲਾ ਪ੍ਰੋਗਰਾਮ ਤੈਅ ਕਰੇਗਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਨਰਮੇ, ਝੋਨੇ ਅਤੇ ਬਾਸਮਤੀ ਦੀ ਫ਼ਸਲ ਤਬਾਹ ਹੋ ਗਈ ਪਰ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕੇਂਦਰ ਸਰਕਾਰ ਵੱਲੋਂ ਘਟਾਉਣ ਮਗਰੋਂ ਸਾਰੇ ਸੂਬਿਆਂ ਨੇ ਵੀ ਕੀਮਤਾਂ ਘਟਾ ਦਿੱਤੀਆਂ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਕੀਮਤਾਂ ਨੂੰ ਨਹੀਂ ਘਟਾ ਰਹੀ, ਜਿਸ ਕਾਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮਜੀਠੀਆ ਸਮੇਤ ਕਈ ਆਗੂਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ
ਇਸ ਮੌਕੇ ਚੰਡੀਗੜ੍ਹ ਪੁਲਸ ਵੱਲੋਂ ਬਿਕਰਮ ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੁਲਸ ਵੱਲੋਂ ਧੱਕੇਸ਼ਾਹੀ ਕਰਦਿਆਂ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੇ ਸੀ। ਮਜੀਠੀਆ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕਿਸਾਨਾਂ ਦੀ ਇੰਨੀ ਫ਼ਸਲ ਤਬਾਹ ਹੋ ਗਈ ਪਰ ਸਰਕਾਰ ਨੇ ਉਨ੍ਹਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ।
ਇਹ ਵੀ ਪੜ੍ਹੋ : ਰਾਜਪੁਰਾ 'ਚ ਡਾਇਰੀਆ ਦਾ ਕਹਿਰ, ਦੂਸ਼ਿਤ ਪਾਣੀ ਪੀਣ ਕਾਰਨ 4 ਬੱਚਿਆਂ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ