ਜਲੰਧਰ: ਡੀ. ਸੀ. ਦਫਤਰ ਸਾਹਮਣੇ ਧਰਨੇ 'ਤੇ ਬੈਠੇ ਅਕਾਲੀ

Wednesday, Nov 14, 2018 - 01:39 PM (IST)

ਜਲੰਧਰ— ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਗਰਾਂਟ 'ਚ ਦੇਰੀ ਕਰਨ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵੱਲੋਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ 2 ਵਾਰ ਕੁੱਲ ਮਿਲਾ ਕੇ 510 ਕਰੋੜ ਰੁਪਏ ਦੀ ਗਰਾਂਟ ਭੇਜੀ ਜਾ ਚੁੱਕੀ ਹੈ ਪਰ ਇਹ ਕਾਲਜਾਂ ਨੂੰ ਜਾਰੀ ਨਹੀਂ ਹੋ ਰਹੀ, ਜਿਸ ਨਾਲ ਵਿਦਿਆਰਥੀਆਂ ਨੂੰ ਦਾਖਲਾ ਲੈਣ 'ਚ ਮੁਸ਼ਕਿਲ ਆ ਰਹੀ ਹੈ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਜਾਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਹੋਰ ਲੀਡਰ ਮੌਜੂਦ ਰਹੇ। 

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰਕੇ ਸੂਬੇ 'ਚ ਮੁੜ ਅੱਤਵਾਦ ਲਿਆਉਣਾ ਚਾਹੁੰਦੀ ਹੈ ਅਤੇ ਕਾਂਗਰਸ ਪਾਰਟੀ ਉਨ੍ਹਾਂ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ, ਜਿਹੜੀਆਂ ਅਮਨ-ਸ਼ਾਂਤੀ ਭੰਗ ਕਰਨ ਲੱਗੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸੂਬੇ 'ਚ 80ਵੇਂ ਦਹਾਕੇ ਵਾਲਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਜਦ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਸਮੇਂ ਹੋਏ ਮੌੜ ਬੰਬ ਧਮਾਕੇ 'ਚ 'ਆਪ' ਅਤੇ ਪਿੱਛੇ ਖੜ੍ਹੀਆਂ ਤਾਕਤਾਂ ਦੇ ਹੱਥ ਬਾਰੇ ਦਿੱਤੇ ਗਏ ਬਿਆਨ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਮੁੱਢਲੀ ਰਿਪੋਰਟ ਦੇ ਆਧਾਰ 'ਤੇ ਉਨ੍ਹਾਂ ਕਿਹਾ ਸੀ। ਪੁੱਛੇ ਇਕ ਹੋਰ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਹੋਵੇ, ਉਸ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸਜ਼ਾ ਮਿਲਣੀ ਚਾਹੀਦੀ ਹੈ। ਭਾਵੇਂ ਉਹ ਡੇਰਾ ਪ੍ਰੇਮੀ ਵੀ ਕਿਉਂ ਨਾ ਹੋਵੇ। ਬਰਗਾੜੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਅੱਗੇ ਪੇਸ਼ ਹੋਣ ਸਬੰਧੀ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸਿੱਟ ਕੋਲ ਜਾਣਗੇ।
 

PunjabKesari

ਇਸ ਤੋਂ ਪਹਿਲਾਂ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਵਜ਼ੀਫਾ ਭੱਤਾ ਨਾ ਦੇਣ ਕਾਰਨ ਲੱਖਾਂ ਗਰੀਬ ਬੱਚਿਆਂ ਦੀ ਪੜ੍ਹਾਈ 'ਚ ਰਹਿ ਜਾਣ 'ਤੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪੌਣੇ ਦੋ ਸਾਲ ਹੋ ਗਏ ਹਨ ਪਰ ਉਸ ਨੇ ਲੋਕਾਂ ਦੇ ਮਾਮਲਿਆਂ ਨੂੰ ਹੱਲ ਕਰਨ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਗਲਤੀਆਂ ਕਾਰਨ ਲੱਖਾਂ ਗਰੀਬ ਬੱਚੇ ਆਪਣੀ ਪੜ੍ਹਾਈ ਅੱਧ 'ਚ ਛੱਡ ਗਏ ਹਨ, ਕਿਉਂਕਿ ਕੇਂਦਰ ਤੋਂ ਆਏ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੇ ਫੰਡਾਂ ਨੂੰ ਇਧਰ-ਉਧਰ ਕਰ ਦਿੱਤਾ ਹੈ। ਪਿਛਲੇ 2 ਸਾਲਾਂ 'ਚ 444 ਕਰੋੜ ਦੇ ਫੰਡ ਆਏ ਪਰ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਨੇ ਕੁਝ ਨਹੀਂ ਦਿੱਤਾ। ਵੱਖ-ਵੱਖ ਕਾਲਜਾਂ ਨੇ ਫੀਸ ਨਾ ਅਦਾ ਕਰਨ 'ਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬੱਚਿਆਂ ਦੇ ਵਜ਼ੀਫਾ ਫੰਡ ਨੂੰ ਡਕਾਰ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਗਰੀਬ ਵਰਗ ਦੇ ਬੱਚਿਆਂ ਨੂੰ ਪੜ੍ਹਾ ਦੇਈਏ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਨਾ ਤਾਂ ਆਟਾ-ਦਾਲ ਦੀ ਲੋੜ ਪਵੇਗੀ ਅਤੇ ਨਾ ਹੀ ਉਨ੍ਹਾਂ ਨੂੰ ਪੈਨਸ਼ਨ ਦੀ ਲੋੜ ਹੋਵੇਗੀ, ਕਿਉਂਕਿ ਜਦ ਬੱਚੇ ਪੜ੍ਹ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋ ਗਏ ਤਾਂ ਉਨ੍ਹਾਂ ਨੂੰ ਰੋਜ਼ਗਾਰ ਵੀ ਮਿਲ ਜਾਵੇਗਾ। ਕੈਪਟਨ ਸਰਕਾਰ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਬੰਦ ਕਰਕੇ ਇਸ ਵਰਗ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰੀਬ ਵਰਗ ਨੂੰ ਜਿੰਨੀਆਂ ਵੀ ਸਹੂਲਤਾਂ ਮਿਲੀਆਂ, ਉਹ ਸਭ ਬਾਦਲ ਸਰਕਾਰ ਵੇਲੇ ਹੀ ਮਿਲੀਆਂ।
 

PunjabKesari
ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇ ਹੱਥੀਂ ਲੈਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਦੇ ਕਿਸਾਨਾਂ ਅਤੇ ਗਰੀਬ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਨਾ ਤਾਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਹੈ ਨਾ ਤਾਂ ਉਨ੍ਹਾਂ ਗਰੀਬਾਂ ਨੂੰ ਐਲਾਨੀਆਂ ਸਹੂਲਤਾਂ ਦਿੱਤੀਆਂ ਹਨ। ਹੁਣ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਇਨ੍ਹਾਂ ਰਾਜਾਂ ਵਿਚ ਕਾਂਗਰਸ ਦੀਆਂ ਸਰਕਾਰਾਂ ਬਣਾ ਦਿਓ, ਤੁਹਾਡੇ ਕਰਜ਼ੇ ਮੁਆਫ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਤਾਂ ਮੁਆਫ ਕਰ ਦਿਓ ਬਾਕੀਆਂ ਬਾਰੇ ਬਾਅਦ 'ਚ ਗੱਲ ਕਰੀਓ।


shivani attri

Content Editor

Related News