ਸਿਆਸੀ ਰੈਲੀ ''ਚ DGP ਦੇ ਸੰਬੋਧਨ ''ਤੇ ਘਿਰੀ ''ਆਪ'', ਅਕਾਲੀ ਦਲ ਨੇ ਚੁੱਕੇ ਸਵਾਲ
Monday, Feb 16, 2026 - 05:45 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਪੰਜਾਬ ਦੇ ਡੀ. ਜੀ. ਪੀ. ਅਤੇ ਮੁੱਖ ਸਕੱਤਰ ਦੇ ਸੰਬੋਧਨ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਅਕਾਲੀ ਦਲ ਨੇ ਇਸ ਨੂੰ ਅਫਸਰਸ਼ਾਹਹੀ ਦਾ ਸਿਆਸੀਕਰਨ ਦੱਸਦਿਆਂ ਕਿਹਾ ਕਿ ਅਜਿਹੇ ਹਾਲਾਤ ਵਿਚ ਆਜ਼ਾਦ ਤੇ ਨਿਰਪੱਖ ਚੋਣਾਂ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਪਾਰਟੀ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਇਸ ਰੈਲੀ ਲਈ ਸਰਕਾਰੀ ਫੰਡਾਂ ਦੀ ਦੁਰਵਰਤੋਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਜਿਸ ਤਰੀਕੇ ਅੱਜ ਆਮ ਆਦਮੀ ਪਾਰਟੀ (ਆਪ) ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ, ਉਸ ਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਸਿਆਸੀ ਰੈਲੀ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਵੱਲੋਂ ਸੰਬੋਧਨ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੀ ਅਫਸਰਸ਼ਾਹੀ ਦਾ ਸਿਆਸੀਕਰਨ ਹੋਵੇਗਾ ਅਤੇ ਇਹ ਲੋਕਤੰਤਰ ਲਈ ਚੰਗਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ 'ਆਪ' ਸਰਕਾਰ ਜ਼ਿਲ੍ਹਾ ਪੱਧਰੀ ਅਫਸਰਾਂ ਨੂੰ ਸਿਆਸੀ ਰੈਲੀਆਂ ਨੂੰ ਸੰਬੋਧਨ ਕਰਨ ਵਾਸਤੇ ਮਜਬੂਰ ਕਰਨਗੇ ਅਤੇ ਉਹ 'ਆਪ' ਦਾ ਹਿੱਸਾ ਬਣ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਆਜ਼ਾਦ ਤੇ ਨਿਰਪੱਖ ਚੋਣਾਂ ਦੀ ਆਸ ਨਹੀਂ ਕੀਤੀ ਜਾ ਸਕਦੀ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 'ਆਪ' ਨੇ ਅੱਜ ਦੀ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਰੈਲੀ ਦੀ ਆੜ ਵਿਚ ਸਿਆਸੀ ਧੋਖਾਧੜੀ ਕੀਤੀ ਹੈ ਜਦੋਂ ਕਿ ਇਸ ਰੈਲੀ ਦਾ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਬਿਗਲ ਵਜਾਉਣਾ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ ਸਰਕਾਰੀ ਫੰਡਾਂ ਦੀ ਵਰਤੋਂ ਰੈਲੀ ਵਾਸਤੇ ਲੋਕਾਂ ਨੂੰ ਲਿਆਉਣ ਲਈ ਕੀਤੀ ਗਈ ਸਗੋਂ ਸਾਰੀ ਰੈਲੀ ਦਾ ਖਰਚਾ ਸਰਕਾਰੀ ਤੌਰ ’ਤੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਰੈਲੀ ਦੀ ਪ੍ਰਧਾਨਗੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਦਿੱਲੀ ਲੀਡਰਸ਼ਿਪ ਨੇ ਕੀਤੀ ਜਿਨ੍ਹਾਂ ਦੀ ਪੰਜਾਬ ਦੀ ਸਰਕਾਰ ਵਿਚ ਕੋਈ ਭੂਮਿਕਾ ਨਹੀਂ ਹੈ।
ਅਕਾਲੀ ਆਗੂ ਨੇ ਇਸ ਕਿਸਮ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਰੈਲੀ ਵਿਚ ਸਿਆਸੀ ਤਕਰੀਰਾਂ ਕੀਤੀਆਂ ਗਈਆਂ ਅਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਦੂਸ਼ਣਬਾਜ਼ੀ ਕੀਤੀ ਗਈ। ਉਨ੍ਹਾਂ ਨੇ ਰਾਜਪਾਲ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ’ਤੇ ਹੋਏ ਖਰਚ ਦੀ ਰਾਸ਼ੀ ਆਪ ਤੋਂ ਵਸੂਲਣ ਦੀ ਪ੍ਰਕਿਰਿਆ ਸ਼ੁਰੂ ਕਰਨ ਕਿਉਂਕਿ ਇਹ ਖਰਚਾ ਨਿਯਮਾਂ ਨੂੰ ਅਣਡਿੱਠ ਕਰ ਕੇ ਕੀਤਾ ਗਿਆ ਹੈ ਤੇ ਇਹ ਸਰਕਾਰੀ ਪ੍ਰੋਗਰਾਮ ਨਹੀਂ ਸੀ।
