ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

Friday, Mar 24, 2023 - 06:32 PM (IST)

ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ’ਚੋਂ ਜਬਰੀ ਅਯੋਗ ਠਹਿਰਾਉਣਾ ਸਿਹਤਮੰਦ ਲੋਕਤੰਤਰ ਦੇ ਹਿੱਤ ’ਚ ਨਹੀਂ ਹੈ ਅਤੇ ਇਹ ਕੁਦਰਤੀ ਨਿਆਂ ਦੇ ਸਿਧਾਂਤ ਦੇ ਖਿਲਾਫ਼ ਹੈ। ਜਿਸ ਕਾਹਲ ਨਾਲ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਇਆ ਗਿਆ ਹੈ, ਉਸ ’ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਵੀ ਮੈਂਬਰ ਨੂੰ ਅਦਾਲਤ ਦੇ ਫ਼ੈਸਲੇ ਦੇ 24 ਘੰਟਿਆਂ ਅੰਦਰ ਅਯੋਗ ਠਹਿਰਾਉਣਾ ਸਹੀ ਨਹੀਂ ਹੈ, ਖਾਸ ਤੌਰ ’ਤੇ ਉਦੋਂ ਜਦੋਂ ਫ਼ੈਸਲੇ ਖਿਲਾਫ਼ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੋਵੇ।

ਇਹ ਖ਼ਬਰ ਵੀ ਪੜ੍ਹੋ ; 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਚੁੱਕ ਸਕਦੈ ਅਹਿਮ ਕਦਮ

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਦੇ ਆਗੂ ਨੂੰ ਅਦਾਲਤ ਦੇ ਹੁਕਮਾਂ ਦੇ ਖਿਲਾਫ਼ ਅਪੀਲ ਵਾਸਤੇ ਢੁੱਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਸਪੀਕਰ ਨੂੰ ਇਸ ਤਰੀਕੇ ਗਾਂਧੀ ਨੂੰ ਅਯੋਗ ਠਹਿਰਾਉਣ ਲਈ ਆਪਣੀ ਤਾਕਤ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਪ੍ਰਭਾਵ ਗਿਆ ਹੈ ਕਿ ਕੇਂਦਰ ਸਰਕਾਰ ਪੱਖਪਾਤ ਕਰ ਰਹੀ ਹੈ ਤੇ ਤਾਨਾਸ਼ਾਹੀ ਤਰੀਕੇ ਨਾਲ ਚੱਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਗ੍ਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ ’ਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ’ਤੇ ਮਾਮਲਾ ਦਰਜ

ਡਾ. ਚੀਮਾ ਨੇ ਕਿਹਾ ਕਿ ਸੰਸਦੀ ਰਵਾਇਤਾਂ ਦੀ ਹਰ ਕੀਮਤ ’ਤੇ ਰਾਖੀ ਹੋਣੀ ਚਾਹੀਦੀ ਹੈ ਤੇ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਵਿਰੋਧੀ ਧਿਰ ਨੂੰ ਕਿਸੇ ਵੀ ਤਰੀਕੇ ਦਬਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਕਾਲੀ ਦਲ ਨੇ ਹਰ ਮਾਮਲੇ ’ਤੇ ਸਿਧਾਂਤਕ ਸਟੈਂਡ ਲਿਆ ਹੈ, ਭਾਵੇਂ ਉਹ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੀਆਂ ਨੀਤੀਆਂ ਦੇ ਖਿਲਾਫ਼ ਹੀ ਕਿਉਂ ਨਾ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ’ਚ ਸਿਹਤ ਮੰਤਰੀ ਨੂੰ ਤਿੰਨ ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਵੀ ਫੈਸਲੇ ਦੇ ਖਿਲਾਫ਼ ਅਪੀਲ ਵਾਸਤੇ ਚੋਖਾ ਸਮਾਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਤੋਂ ਅਜਿਹੀਆਂ ਉਦਾਹਰਣਾਂ ਮਿਲ ਰਹੀਆਂ ਹਨ, ਜਿਨ੍ਹਾਂ ਤੋਂ ਸੰਕੇਤ ਮਿਲਦਾ ਹੈ ਕਿ ਇਸ ਵਿਵਸਥਾ ਨੂੰ ਲਾਗੂ ਕਰਨ ’ਚ ਇਕਸਾਰਤਾ ਨਹੀਂ ਅਪਣਾਈ ਜਾ ਰਹੀ। 


author

Manoj

Content Editor

Related News