ਸਿੱਖਾਂ ਦਾ ਕਤਲ ਕਰਨ ਵਾਲੀ ਪਾਰਟੀ ਕਦੇ ਪੰਥਕ ਨਹੀਂ ਹੋ ਸਕਦੀ: ਸੁਖਬੀਰ
Sunday, Oct 07, 2018 - 05:45 PM (IST)
ਪਟਿਆਲਾ— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ 'ਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸਿੱਖਾਂ ਦਾ ਕਤਲ ਕਰਨ ਵਾਲੀ ਪਾਰਟੀ ਕਦੇ ਪੰਥਕ ਪਾਰਟੀ ਨਹੀਂ ਹੋ ਸਕਦੀ। ਉਨ੍ਹਾਂ ਨੇ ਕਿਹਾ ਕਿ ਜੋ ਮੁੱਖ ਮੰਤਰੀ ਜਨਤਾ ਨਾਲ ਪਿਆਰ ਨਹੀਂ ਕਰਦਾ, ਉਹ ਮੁੱਖ ਮੰਤਰੀ ਕਹਾਉਣ ਦੇ ਲਾਈਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਖਿਲਾਫ ਗੱਲਾਂ ਕਰਨ ਵਾਲੀ ਕਾਂਗਰਸ ਪੰਥਕ ਮੁੱਦਿਆਂ ਦੀ ਗੱਲ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਸੁਖਬੀਰ ਬਾਦਲ ਹੁਣ ਤੱਕ ਕਦੇ ਵੀ ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਨਹੀਂ ਗਏ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇ ਮਨਾਂ 'ਚ ਕੰਮ ਕਰਨ ਦੀ ਨੀਅਤ ਨਹੀਂ ਸਿਰਫ ਲੁੱਟਣ ਦੀ ਨੀਅਤ ਹੈ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਹੁਤ ਹੀ ਪੁਰਾਣੀ ਪਾਰਟੀ ਹੈ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਆਪਣੀਆਂ ਪ੍ਰਾਪਤੀਆਂ ਦੇ ਸਦਕਾ ਪੰਜਾਬ 'ਚ 5 ਵਾਰ ਮੁੱਖ ਮੰਤਰੀ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੰਨੀਆਂ ਵੀ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ ਗਈਆਂ ਸਨ, ਉਹ ਸਭ ਕੈਪਟਨ ਨੇ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿੱਖਾਂ 'ਤੇ ਹੁੰਦੇ ਜ਼ਬਰ ਖਿਲਾਫ ਅਕਾਲੀ ਦਲ ਹਰ ਥਾਂ ਉਨ੍ਹਾਂ ਨਾਲ ਖੜ੍ਹਾ ਹੋਇਆ ਹੈ। ਪਿਛਲੇ ਡੇਢ ਸਾਲ 'ਚ ਜਿੰਨੀਆਂ ਵੀ ਬੇਅਦਬੀਆਂ ਹੋਈਆਂ ਹਨ, ਮੈਂ ਆਪਣੇ ਪਾਰਟੀ ਦੇ ਵਰਕਰਾਂ ਨੂੰ ਉਕਤ ਸਥਾਨਾਂ 'ਤੇ ਜਾਇਜ਼ਾ ਲੈਣ ਲਈ ਭੇਜਿਆ।
ਲੋਕਾਂ ਦੇ ਹਿਤਾਂ ਲਈ ਖੜ੍ਹਨ ਵਾਲੀ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇਕ ਪਾਰਟੀ ਹੈ ਅਤੇ ਇਸ ਪਾਰਟੀ ਨੂੰ ਕੋਈ ਵੀ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕੈਪਟਨ ਸਰਕਾਰ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਕੈਪਟਨ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਚੋਣਾਂ ਤੋਂ ਬਾਅਦ ਅੱਜ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਲੰਬੀ ਪਹੁੰਚੇ ਹਨ ਅਤੇ ਆਪਣੇ ਹਲਕੇ ਪਟਿਆਲਾ 'ਚ ਹੁਣ ਤੱਕ ਨਹੀਂ ਗਏ। ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜ਼ਲਾਂ 'ਤੇ ਲਗਾਏ ਜਾ ਰਹੇ ਟੈਕਸ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੈਟਰੋਲ-ਡੀਜ਼ਲਾਂ 'ਤੇ ਰੇਟ ਘਟਾਏ ਜਾਣ 'ਤੇ ਵੀ ਪੰਜਾਬ ਸਰਕਾਰ ਨੇ ਰੇਟ ਘੱਟ ਨਹੀਂ ਕੀਤੇ ਹਨ। ਇਸ ਰੈਲੀ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਗੁਲਜ਼ਾਰ ਸਿੰਘ ਰਣੀਕੇ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਮੇਤ ਕਈ ਵਰਕਰ ਅਤੇ ਸਮਰਥਕ ਪਹੁੰਚੇ।