ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ''ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ

Monday, Mar 09, 2026 - 07:13 PM (IST)

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ''ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ

ਚੰਡੀਗੜ੍ਹ (ਅੰਕੁਰ ਤਾਂਗੜੀ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਅਰਸ਼ਦੀਪ ਕਲੇਰ ਨੇ ਅੱਜ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਪੰਜਾਬ ਯੂਨੀਵਰਸਿਟੀ ਵਿਚ ਹੋਏ ਤਾਜ਼ਾ ਵਿਵਾਦ ‘ਤੇ ਗੰਭੀਰ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਸਥਿਤ ਪੰਜਾਬ ਯੂਨੀਵਰਸਿਟੀ, ਜਿਸਨੂੰ ਪੰਜਾਬ ਦਾ ਤਾਜ ਮੰਨਿਆ ਜਾਂਦਾ ਹੈ, ਉੱਥੇ ਨੌਜਵਾਨਾਂ ਦੀ ਆਵਾਜ਼ ਨੂੰ ਕੁਚਲਿਆ ਜਾਂਦਾ ਹੈ ਤਾਂ ਹਰ ਪੰਜਾਬੀ ਨੌਜਵਾਨ ਦਾ ਫਰਜ਼ ਬਣਦਾ ਹੈ ਕਿ ਉਹ ਉਸ ਦੇ ਵਿਰੁੱਧ ਖੜਾ ਹੋਵੇ। 

ਅਰਸ਼ਦੀਪ ਕਲੇਰ ਨੇ ਕਿਹਾ ਕਿ ਵਿਦਿਆਰਥੀ ਯੂਨੀਅਨਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਵਿਚਾਰਾਂ ‘ਤੇ ਸੈਮੀਨਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਹਾਲ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਵਿਦਿਆਰਥੀ ਯੂਨੀਅਨਾਂ ਨੇ ਸਟੂਡੈਂਟਸ ਸੈਂਟਰ ਦੇ ਪਿੱਛੇ ਟੈਂਟ ਲਗਾ ਕੇ ਸੈਮੀਨਾਰ ਕਰਵਾਇਆ, ਜਿਸ ਵਿਚ ਕਈ ਸਿੱਖ ਬੁੱਧੀਜੀਵੀ ਸ਼ਾਮਲ ਹੋਏ ਅਤੇ ਸੈਮੀਨਾਰ ਸ਼ਾਂਤਮਈ ਤਰੀਕੇ ਨਾਲ ਸੰਪੰਨ ਹੋਇਆ। ਕਲੇਰ ਦੇ ਮੁਤਾਬਕ ਇਸ ਮਾਮਲੇ ਦੇ ਵਿਰੋਧ ਵਜੋਂ ਵਿਦਿਆਰਥੀ ਯੂਨੀਅਨਾਂ ਨੇ ਫੈਸਲਾ ਕੀਤਾ ਸੀ ਕਿ ਜੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੁਝ ਖਾਸ ਵਿਚਾਰਧਾਰਾ ਨਾਲ ਜੁੜੇ ਬੁਲਾਰਿਆਂ ਨੂੰ ਬੁਲਾ ਕੇ ਕੋਈ ਹੋਰ ਸੈਮੀਨਾਰ ਕਰਵਾਇਆ ਗਿਆ ਤਾਂ ਉਹ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨਗੇ।

ਕਲੇਰ ਨੇ ਦੋਸ਼ ਲਾਇਆ ਕਿ ਅੱਜ ਜਦੋਂ ਕੁਝ ਵਿਦਿਆਰਥੀ ਸ਼ਾਂਤਮਈ ਪ੍ਰਦਰਸ਼ਨ ਲਈ ਇਕੱਠੇ ਹੋਏ, ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੇਸਾਂ ਅਤੇ ਕਿਰਪਾਨ ਦੀ ਬੇਅਦਬੀ ਵੀ ਹੋਈ, ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਸ ਇਸ ਮਾਮਲੇ ‘ਚ ਮੁਆਫੀ ਮੰਗਣ ਅਤੇ ਜ਼ਿੰਮੇਵਾਰ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਕਾਰਵਾਈ ਕਾਰਨ ਕੁਝ ਵਿਦਿਆਰਥੀਆਂ ਨੂੰ ਆਪਣੇ ਇਮਤਿਹਾਨ ਦੇਣ ਵਿਚ ਵੀ ਦੇਰੀ ਹੋਈ, ਜਿਸ ਦੀ ਜ਼ਿੰਮੇਵਾਰੀ ਤੈ ਕੀਤੀ ਜਾਣੀ ਚਾਹੀਦੀ ਹੈ। 

ਇਸ ਦੇ ਨਾਲ ਹੀ ਕਲੇਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਐਲਾਨੀ ਗਈ “ਮੁੱਖ ਮੰਤਰੀ ਮਾਤਾਵਾਂ-ਭੈਣਾਂ ਸਤਿਕਾਰਯੋਗ ਯੋਜਨਾ” ਸਿਰਫ਼ ਇਕ ਰਾਜਨੀਤਿਕ ਡਰਾਮਾ ਹੈ। ਕਲੇਰ ਨੇ ਕਿਹਾ ਕਿ ਸਰਕਾਰ ਵੱਡੇ ਵਾਅਦੇ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਅਕਾਲੀ ਦਲ ਦੇ ਬੁਲਾਰੇ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਹੈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡਰਾਮੇਬਾਜ਼ੀ ਛੱਡ ਕੇ ਪੰਜਾਬ ਦੇ ਅਸਲ ਮੁੱਦਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ।
 


author

Anmol Tagra

Content Editor

Related News