ਅਕਾਲੀ ਦਲ ਦੀ ਕੋਰ ਕਮੇਟੀ ਨੇ ਖੇਤੀ ਆਰਡੀਨੈਂਸ ਤੋਂ ਪਿੱਛੇ ਖਿੱਚੇ ਆਪਣੇ ਪੈਰ

Sunday, Sep 13, 2020 - 12:38 AM (IST)

ਅਕਾਲੀ ਦਲ ਦੀ ਕੋਰ ਕਮੇਟੀ ਨੇ ਖੇਤੀ ਆਰਡੀਨੈਂਸ ਤੋਂ ਪਿੱਛੇ ਖਿੱਚੇ ਆਪਣੇ ਪੈਰ

ਚੰਡੀਗੜ੍ਹ, (ਰਮਨਜੀਤ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਤੋਂ ਆਪਣੇ ਪੈਰ ਪਿੱਛੇ ਖਿੱਚ ਲਏ ਹਨ। ਜਗਮੀਤ ਬਰਾਡ਼ ਨੇ ਲਾਈਵ ਹੋ ਕੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ 'ਚ ਕਿਹਾ ਗਿਆ ਕਿ 5 ਜੂਨ ਨੂੰ ਜੋ ਕੇਂਦਰ ਸਰਕਾਰ ਨੇ ਕਿਸਾਨ ਮਾਰੂ ਅਸਾਧਾਰਨ ਆਰਡੀਨੈਂਸ ਲਿਆਂਦਾ ਸੀ, ਨੂੰ ਸ਼੍ਰੋਮਣੀ ਅਕਾਲੀ ਦਲ ਮੁਕੰਮਲ ਤੌਰ 'ਤੇ ਰੱਦ ਕਰਦੀ ਹੈ। ਕੇਂਦਰ ਸਰਕਾਰ ਨੂੰ ਇਸ 'ਤੇ ਮੁਡ਼ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਅਸਾਧਾਰਨ ਸਮੇਂ 'ਤੇ ਆਉਂਦੇ ਹਨ। ਪੰਜਾਬ ਦੇ ਕਿਸਾਨਾਂ ਨਾਲ ਅਸੀ ਡੱਟ ਕੇ ਖਡ਼੍ਹੇ ਹਾਂ। 

ਕੇਂਦਰ ਸਰਕਾਰ ਦੇ ਕਿਸਾਨ ਆਰਡੀਨੈਂਸ 'ਤੇ ਅਕਾਲੀ ਦਲ ਨੇ ਯੂ-ਟਰਨ ਲੈ ਲਿਆ ਹੈ। ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਵਿਚਾਲੇ ਵੀ ਹੁਣ ਤਕ ਇਸ ਆਰਡੀਨੈਂਸ ਦਾ ਬਚਾਅ ਕਰਦੇ ਆਏ ਅਕਾਲੀ ਦਲ ਨੇ ਸ਼ਨੀਵਾਰ ਨੂੰ ਪਾਰਟੀ ਦੀ ਕੌਰ ਕਮੇਟੀ ਦੀ ਮੀਟਿੰਗ ਵਿੱਚ ਪ੍ਰਸਤਾਵ ਪਾਸ ਕਰ ਕੇ  ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਸੰਗਠਨਾਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਹੋਣ ਤਕ ਤਿੰਨ ਆਰਡੀਨੈਂਸ ਪ੍ਰਵਾਨਗੀ ਵਾਸਤੇ ਸੰਸਦ ਵਿਚ ਪੇਸ਼ ਨਾ ਕਰੇ ਅਤੇ ਇਹ ਪਾਸ ਨਾ ਕੀਤੇ ਜਾਣ ।ਇਸ ਮੀਟਿੰਗ ਦੀ  ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।  ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਆਰਡੀਨੈਂਸ ਦਾ ਬਚਾਅ ਕਰਦੇ ਹੋਏ ਕੇਂਦਰ ਸਰਕਾਰ ਵਲੋਂ ਸ਼ਿਰੋਮਣੀ ਅਕਾਲੀ ਦਲ ਨੂੰ ਭੇਜੀ ਗਈ ਚਿੱਠੀ ਦਿੱਖਾਈ ਸੀ ਜਿਸ ਵਿੱਚ ਕੇਂਦਰ ਸਰਕਾਰ ਨੇ ਆਰਡੀਨੈਂਸ ਦੇ ਕਾਨੂੰਨ ਬਣਨ 'ਤੇ ਵੀ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਬੰਦ ਨਾ ਕਰਨ ਦਾ ਵਾਅਦਾ ਕੀਤਾ ਸੀ। ਕਿਸਾਨ ਜਥੇਬੰਦੀਆਂ ਵਲੋਂ ਇਹ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਸੀ ਕਿ ਇਸ ਆਰਡੀਨੈਂਸ ਦੇ ਪਾਸ ਹੋਣ ਮਗਰੋਂ ਕੇਂਦਰ ਸਰਕਾਰ ਕੁਝ ਵਰ੍ਹਿਆਂ ਮਗਰੋਂ ਫਲਸਾਂ ਦਾ ਘੱਟੋ ਘੱਟ ਸਮਰਥਨ ਮੁੱਲ ਬੰਦ ਕਰ ਸਕਦੀ ਹੈ ਜਿਸ ਨਾਲ ਦੇਸ਼ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਕਿਸਾਨਾਂ ਦੇ ਇਸੇ ਖ਼ਦਸ਼ੇ ਦੇ ਚਲਦਿਆਂ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਤੋਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਬੰਦ ਨਾ ਕਰਨ ਦੇ ਵਾਅਦੇ ਵਾਲੀ ਚਿੱਠੀ ਲਈ ਸੀ ਪਰ ਇਸਦੇ ਬਾਵਜੂਦ ਕਿਸਾਨਾਂ ਦਾ ਇਸ ਮਾਮਲੇ ਤੇ ਗੁੱਸਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ।  
ਕਿਸਾਨਾਂ ਦੇ ਵੱਧ ਰਹੇ ਰੋਹ ਨੂੰ ਦੇਖਦੇ ਹੋਏ ਹੀ ਅਕਾਲੀ ਦਲ ਨੇ ਹੁਣ ਇਸ ਮਾਮਲੇ ਤੇ ਪਾਰਟੀ ਦਾ ਰੁੱਖ ਬਦਲਿਆ ਹੈ।

 ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਅਗਵਾਈ ਹੇਠ ਕਿਸਾਨ ਸੰਗਠਨਾਂ, ਕਿਸਾਨ ਪ੍ਰਤੀਨਿਧੀਆਂ ਤੇ ਖੇਤ ਮਜ਼ਦੂਰਾਂ ਦੇ ਪ੍ਰਤੀਨਿਧੀਆਂ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗਾ ਕੀਤੀਆਂ ਹਨ। ਸਾਰਿਆਂ ਦੀ ਰਾਇ ਲੈਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦੱਸੇ ਖਦਸ਼ੇ ਦੂਰ ਕਰਨ ਤਕ ਇਹ ਕੇਂਦਰੀ ਆਰਡੀਨੈਂਸ ਪਾਸ ਕਰਵਾਉਣ ਦੀ ਕਾਹਲ ਨਹੀਂ ਕਰਨੀ ਚਾਹੀਦੀ। ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਕੋਲ ਗੁਆਂਢੀ ਰਾਜਾਂ ਦੇ ਕਿਸਾਨਾਂ ਤੇ ਕਿਸਾਨ ਸੰਗਠਨਾਂ ਨੇ ਵੀ ਪਹੁੰਚ ਕੀਤੀ ਹੈ ਤੇ ਸਾਰਿਆਂ ਨੇ ਕੇਂਦਰੀ ਆਰਡੀਨੈਂਸਾਂ ਬਾਰੇ ਖਦਸ਼ੇ ਪ੍ਰਗਟ ਕੀਤੇ ਹਨ ਤੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਮੁੱਦੇ ਅਤੇ ਖਦਸ਼ੇ ਕੇਂਦਰੀ ਲੀਡਰਸ਼ਿਪ ਕੋਲ ਚੁੱਕੇ।  ਇਸਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਵਿਚਾਰ ਹੈ ਕਿ ਇਨ੍ਹਾਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਨੂੰ ਦੂਰ ਕਰਨਾ ਚਾਹੀਦਾ ਹੈ।
 ਕੋਰ ਕਮੇਟੀ ਨੇ ਇਕ ਮਤਾ ਵੀ ਪਾਸ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗੀ ।

ਸੁਖਬੀਰ ਨੇ ਕਮੇਟੀ ਨੂੰ ਕਿਹਾ ਕਿ ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਮੇਤ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਲੜਾਈ ਲੜਦੇ ਰਹੇ ਹਾਂ ਤੇ ਲੜਦੇ ਰਹਾਂਗੇ। ਸਾਡੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਰੱਖਣ ਲਈ ਅਸੀਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।  ਮੀਟਿੰਗ  ’ਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਦੇਵ ਸਿੰਘ ਮਾਨ, ਜਗਮੀਤ ਬਰਾੜ ਤੇ ਮਨਜਿੰਦਰ ਸਿੰਘ ਸਿਰਸਾ ਆਦਿ ਸ਼ਾਮਲ ਹੋਏ।


author

Bharat Thapa

Content Editor

Related News