ਅਕਾਲੀ ਦਲ ਦਾ CM ਮਾਨ ਨੂੰ ਸਵਾਲ, ‘SYL ਦਾ ਪਾਣੀ ਹਰਿਆਣਾ ਨੂੰ ਦੇਣ ਦੀ ਗਾਰੰਟੀ ਦਾ ਕਿਉਂ ਕਰ ਰਹੇ ਪ੍ਰਚਾਰ’
Friday, Sep 09, 2022 - 12:02 AM (IST)
ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਆਮ ਆਦਮੀ ਪਾਰਟੀ ਹਰਿਆਣਾ ਦੇ ਇੰਚਾਰਜ ਤੇ ਐੱਮ. ਪੀ. ਸੁਸ਼ੀਲ ਗੁਪਤਾ ਵੱਲੋਂ ਐੱਸ. ਵਾਈ. ਐੱਲ. ਨਹਿਰ ਦੇ ਪਾਣੀ ਲੈ ਕੇ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਵਾਸਤੇ ਤੁਸੀਂ ਕਿਉਂ ਪ੍ਰਚਾਰ ਕਰ ਰਹੇ ਹੋ, ਜਦਕਿ ਗੁਪਤਾ ਨੇ ਕਿਹਾ ਹੈ ਕਿ ਜਿਸ ਦਿਨ ਹਰਿਆਣਾ ਵਿਚ ‘ਆਪ’ ਸਰਕਾਰ ਬਣ ਗਈ ਤਾਂ ਸੂਬੇ ਵਾਸਤੇ ਐੱਸ. ਵਾਈ. ਐੱਲ. ਰਾਹੀਂ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ’ਚ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਭਗਵੰਤ ਮਾਨ ਸੁਸ਼ੀਲ ਗੁਪਤਾ ਨਾਲ ਮਿਲ ਕੇ ਆਦਮਪੁਰ ’ਚ ਪ੍ਰਚਾਰ ਕਰ ਰਹੇ ਸਨ, ਉਸ ਤੋਂ ਸਪੱਸ਼ਟ ਸੀ ਕਿ ਉਹ ‘ਆਪ’ ਦੇ ਐੱਮ. ਪੀ. ਵੱਲੋਂ ਦਿੱਤੀ ਗਾਰੰਟੀ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਉਨ੍ਹਾਂ ਕਿਹਾ ਕਿ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਣਬੁੱਝ ਕੇ ਹਰਿਆਣਾ ’ਚ ਵਿਖਾਇਆ ਜਾ ਰਿਹਾ ਹੈ ਤਾਂ ਜੋ ਇਹ ਸਪੱਸ਼ਟ ਸੰਕੇਤ ਮਿਲ ਸਕਣ ਕਿ ਉਹ ਹਰਿਆਣਾ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀ ਗਾਰੰਟੀ ਦੇ ਨਾਲ ਖੜ੍ਹੇ ਹੋਣਗੇ।
ਇਹ ਖ਼ਬਰ ਵੀ ਪੜ੍ਹੋ : ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਯੋਗ ਲਾਭਪਾਤਰੀਆਂ ਦੀ ਪਛਾਣ ਲਈ ਹੋਵੇਗੀ ਵੈਰੀਫਿਕੇਸ਼ਨ
ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਕਾਵਰਾਈ ਪੰਜਾਬੀਆਂ ਨਾਲ ਧ੍ਰੋਹ ਕਮਾਉਣ ਵਰਗੀ ਹੈ, ਜਦਕਿ ਪੰਜਾਬੀਆਂ ਨੇ ਉਨ੍ਹਾਂ ਨੂੰ ਵੱਡਾ ਬਹੁਮਤ ਦਿੱਤਾ ਹੈ ਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜਿਹੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਹਰਿਆਣਾ ਨੂੰ ਵੀ ਐੱਸ. ਵਾਈ. ਐੱਲ. ਰਾਹੀਂ ਪਾਣੀ ਮਿਲਣਾ ਚਾਹੀਦਾ ਹੈ ਤਾਂ ਉਦੋਂ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਹਰਿਆਣਾ ਨਾਲ ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਉਹ ‘ਆਪ’ ਦੇ ਉਸ ਐੱਮ. ਪੀ. ਨਾਲ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ, ਜਿਸ ਨੇ 19 ਅਪ੍ਰੈਲ ਨੂੰ ਹਰਿਆਣਾ ਦੇ ਲੋਕਾਂ ਨੂੰ ਇਸ ਸਬੰਧ ’ਚ ਗਾਰੰਟੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਭਗਵੰਤ ਮਾਨ ਨੂੰ ਇਸ ਗੱਦਾਰੀ ਲਈ ਮੁਆਫ ਨਹੀਂ ਕਰਨਗੇ। ਡਾ. ਚੀਮਾ ਨੇ ਜ਼ੋਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਟੈਂਡ ਮੁੜ ਦੁਹਰਾਇਆ ਕਿ ਅਕਾਲੀ ਦਲ ਕਦੇ ਵੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਰਚੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਸਾਜ਼ਿਸ਼ ਨੂੰ ਅਸਫਲ ਬਣਾਉਣ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ