ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ ਦੀ ਅਪੀਲ
Wednesday, Sep 22, 2021 - 02:47 PM (IST)
ਮੋਹਾਲੀ (ਪਰਦੀਪ) : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ 27 ਸਤੰਬਰ ਦੇ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਨੂੰ ਸਫ਼ਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਦੇਸ਼ ਵਾਸੀਆ ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਡਾ. ਮਨਜੀਤ ਸਿੰਘ ਭੌਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਥੋਪੇ ਜਾ ਰਹੇ ਇਹ ਤਿੰਨੋਂ ਕਾਲੇ ਕਾਨੂੰਨ ਕਿਸਾਨੀ ਲਈ ਨਹੀਂ, ਸਗੋਂ ਹਰ ਵਰਗ ਲਈ ਬੇਹੱਦ ਮਾਰੂ ਸਾਬਿਤ ਹੋਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਖੇਤੀ ਦੇ ਨਾਲ-ਨਾਲ ਆੜ੍ਹਤੀਆ ਵਰਗ ਅਤੇ ਹਰ ਛੋਟਾ-ਵੱਡਾ ਵਪਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ, ਜਿਸ ਕਰਕੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ 'ਚ ਅਪਣਾ ਯੋਗਦਾਨ ਪਾਈਏ ਅਤੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਦੇ ਕੇ ਸਫਲ ਬਣਾਈਏ। ਕਰਨੈਲ ਸਿੰਘ ਪੀਰ ਮੁਹੰਮਦ ਅਤੇ ਡਾ. ਭੌਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਲੀਡਰਸ਼ਿਪ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਕਿਸਾਨ ਅੰਦੋਲਨ ਦੀ ਡੱਟਵੀ ਹਮਾਇਤ ਕੀਤੀ ਜਾ ਰਹੀ ਹੈ, ਜਦੋਂ ਕਿ ਅਕਾਲੀ ਦਲ ਬਾਦਲ ਸਿਰਫ ਡਰਾਮੇਬਾਜ਼ੀ ਕਰ ਰਿਹਾ ਹੈ। ਇਸੇ ਕਰਕੇ ਕਿਸਾਨ ਜੱਥੇਬੰਦੀਆ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕਿਸਾਨ ਸੰਘਰਸ਼ ਬਾਰੇ ਕੀਤੀਆ ਜਾ ਰਹੀਆ ਕਾਰਵਾਈਆ ਨੂੰ ਮਾਨਤਾ ਨਹੀ ਦਿੱਤੀ ਜਾ ਰਹੀ।