ਅਕਾਲੀ ਦਲ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ, ਕੀਤਾ ਗਿਆ ਵੱਡਾ ਫੇਰਬਦਲ
Wednesday, Nov 26, 2025 - 06:39 PM (IST)
ਚੰਡੀਗੜ੍ਹ/ਪਟਿਆਲਾ (ਸੁਖਦੀਪ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ। ਇਸ ਫੇਰਬਦਲ ਤਹਿਤ ਪੰਜ ਮਹੱਤਵਪੂਰਨ ਹਲਕਿਆਂ ਦੇ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ, ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕਰਕੇ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੀ ਪਹਿਲ ਕੀਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਅਤੇ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੁਰਜੀਤ ਸਿੰਘ ਗੜ੍ਹੀ ਮੈਂਬਰ ਐੱਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ ਸਿੰਘ ਹਰਿਆਊ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ। ਰਣਜੀਤ ਸਿੰਘ ਰੰਧਾਵਾ ਕਾਤਰੋਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਅਤੇ ਰਾਜਵਿੰਦਰ ਸਿੰਘ ਧਰਮਕੋਟ ਜ਼ਿਲ੍ਹਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਐੱਸ.ਸੀ ਦੇ ਹਲਕਾ ਇੰਚਾਰਜ ਹੋਣਗੇ।
ਇਹ ਵੀ ਪੜ੍ਹੋ : 2026 ਵਿਚ ਛੁੱਟੀਆਂ ਹੀ ਛੁੱਟੀਆਂ, ਪੰਜਾਬ ਸਰਕਾਰ ਨੇ ਜਾਰੀ ਕੀਤਾ Holiday calendar
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਕ੍ਰਿਸ਼ਨ ਸਿੰਘ ਕੰਬੋਜ, ਫੌਜਇੰਦਰ ਸਿੰਘ ਮੁਖਮੈਲਪੁਰ, ਰਜਿੰਦਰ ਸਿੰਘ ਵਿਰਕ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਮ ਸ਼ਾਮਲ ਹਨ। ਐੱਨ.ਕੇ. ਸਰਮਾ ਨੂੰ ਆ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਮੋਹਾਲੀ ਦੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਆ ਰਹੀਆਂ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਕੇ ਮੁੱਖ ਦਫਤਰ ਨੂੰ ਭੇਜਣਗੇ ਅਤੇ ਦੋਹਾਂ ਜ਼ਿਲ੍ਹਿਆਂ ਵਿਚ ਚੋਣ ਮੁਹਿੰਮ ਨੂੰ ਚਲਾਉਣਗੇ। ਇਸੇ ਤਰ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਕਮਲ ਚੇਤਲੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਹਲਕਾ ਦਾਖਾ ਅਤੇ ਹਲਕਾ ਗਿੱਲ ਐਸ.ਸੀ ਦੇ ਆਬਜ਼ਰਵਰ ਹੋਣਗੇ ਜਿਸ ਵਿਚ ਉਹ ਲੋਕਲ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਚਾਰ ਦਿਨ ਪਹਿਲਾਂ ਵਿਆਹ ਕੇ ਆਈ ਲਾੜੀ ਦੀ ਮੌਤ
