ਅਕਾਲੀ ਦਲ ਸੰਯੁਕਤ ਵੱਲੋਂ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਕਮੇਟੀ ’ਚੋਂ ਬਾਹਰ ਕੱਢਣ ਦੀ ਮੰਗ

Tuesday, May 24, 2022 - 01:39 PM (IST)

ਅਕਾਲੀ ਦਲ ਸੰਯੁਕਤ ਵੱਲੋਂ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਕਮੇਟੀ ’ਚੋਂ ਬਾਹਰ ਕੱਢਣ ਦੀ ਮੰਗ

ਚੰਡੀਗੜ੍ਹ/ਮੁਹਾਲੀ(ਬਿਊਰੋ, ਪਰਦੀਪ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਬੀਤੇ ਦਿਨੀਂ ਹੋਈ ਮੀਟਿੰਗ ਦੇ ਸ਼ੁਰੂ ਵਿਚ ਢੀਂਡਸਾ ਵਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ ਗਈ। ਇਸ ਉਪਰੰਤ ਪੰਥ ਦੀਆਂ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਆਗੂਆਂ ਵਲੋਂ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹਣ 'ਤੇ ਪਹਿਲੇ ਦਿਨ ਕਰੀਬ 5 ਹਜ਼ਾਰ ਸ਼ਰਧਾਲੂ ਹੋਏ ਨਤਮਸਤਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੀ 16 ਮਈ ਨੂੰ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਵਿਚ ਸੁਖਬੀਰ ਬਾਦਲ ਦਾ ਨਾਮ ਪਾਏ ਜਾਣ 'ਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਉਸੇ ਦਿਨ ਮੀਡੀਆਂ ਰਾਹੀਂ ਸਖ਼ਤ ਵਿਰੋਧ ਕੀਤਾ ਗਿਆ ਸੀ। ਇਸ ਦੌਰਾਨ ਢੀਂਡਸਾ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਨੂੰ ਧਾਰਮਿਕ ਕੰਮਾਂ ਵਿਚ ਸਿਆਸੀ ਲੋਕਾਂ ਨੂੰ ਸ਼ਾਮਿਲ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਦਲ ਪਰਿਵਾਰ ਨੇ ਪਿਛਲੇ ਲੰਮੇ ਸਮੇਂ ਤੋਂ ਪੰਥ ਅਤੇ ਪੰਜਾਬ ਦਾ ਜੋ ਭਾਰੀ ਨੁਕਸਾਨ ਕੀਤਾ ਹੈ, ਉਹ ਪੰਥ ਤੋਂ ਲੁਕਿਆ-ਛੁਪਿਆ ਨਹੀਂ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਾਦਲ ਦਲ ਸਿਆਸੀ ਤੌਰ 'ਤੇ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ ਅਤੇ ਆਪਣੀ ਸਿਆਸੀ ਧਰਾਤਲ ਮੁੜ ਸਥਾਪਿਤ ਕਰਨ ਲਈ ਸੁਖਬੀਰ ਬਾਦਲ ਨੂੰ ਹੁਣ ਪੰਥ ਹਿੱਤ ਚੇਤੇ ਆਉਣ ਲੱਗ ਪਏ ਹਨ।

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਸੱਤਾ ਦੇ ਨਸ਼ੇ ਵਿਚ ਪੰਥਕ ਅਸੂਲਾਂ ਨੂੰ ਛਿੱਕੇ ਟੰਗ ਕੇ ਕੌਮ ਦੇ ਧਰਮੀ ਯੋਧਿਆਂ ਨੂੰ ਪਾਕਿਸਤਾਨੀ ਏਜੰਸੀਆਂ ਦੇ ਮੈਂਬਰ, ਅੱਤਵਾਦੀ ਅਤੇ ਕਾਤਲ ਗਰਦਾਨਦਾ ਰਿਹਾ ਹੈ ਅਤੇ ਬਾਦਲ ਪਰਿਵਾਰ ਵਲੋਂ ਕਦੇ ਵੀ ਪੰਜਾਬ ਵਿਚ ਸੱਤਾ ਵਿਚ ਰਹਿੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੇ ਕੋਈ ਯਤਨ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਗੋਲੀਕਾਂਡ, ਲੁਧਿਆਣਾ ਲੁਹਾਰਾ ਨੂਰਮਹਿਲੀਆਂ ਕਾਂਡ ਅਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਵਿਚ ਬਾਦਲ ਪਰਿਵਾਰ ਦਾ ਵੱਡਾ ਹੱਥ ਰਿਹਾ ਹੈ। ਅੱਜ ਦੀ ਮੀਟਿੰਗ ਵਿਚ ਸਮੁੱਚੇ ਆਗੂਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੇ ਬਿਆਨ ਦੀ ਪ੍ਰੋੜਤਾ ਕੀਤੀ ਗਈ। ਇਸ ਤੋਂ ਇਲਾਵਾ 11 ਮੈਂਬਰੀ ਕਮੇਟੀ ਵਿਚ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਨੂੰ 11 ਮੈਂਬਰੀ ਕਮੇਟੀ ਵਿਚੋਂ ਬਾਹਰ ਕੱਢਣ ਲਈ ਲਏ ਗਏ ਸਟੈਂਡ ਦੀ ਸ਼ਲਾਘਾ ਕੀਤੀ ਗਈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਨ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਅਹੁਦੇ ਤੋਂ ਹਟਾਇਆ, ਪੁਲਸ ਨੂੰ ਕੇਸ ਦਰਜ ਕਰਨ ਦੇ ਦਿੱਤੇ ਹੁਕਮ

ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਢੀਂਡਸਾ ਨੂੰ ਅਗਲੀ ਰਣਨੀਤੀ ਉਲੀਕਣ ਲਈ ਅਖਤਿਆਰ ਵੀ ਦਿੱਤੇ ਗਏ। ਮੀਟਿੰਗ ਵਿਚ ਢੀਂਡਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਰਾਬਤਾ ਕਾਇਮ ਕਰ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਜਲਦ ਤੋਂ ਜਲਦ ਰਾਹ ਪੱਧਰਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ ਅਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਰਿਹਾਈ ਲਈ ਵੀ ਕਰਨਾਕਟ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਹੈ।

ਮੀਟਿੰਗ ਵਿਚ ਜੱਥੇਦਾਰ ਤੋਤਾ ਸਿੰਘ ਸੀਨੀਅਰ ਟਕਸਾਲੀ ਲੀਡਰ ਅਤੇ ਅਮਰਜੀਤ ਸਿੰਘ ਸਤਿਆਲ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ (ਰੂਪਨਗਰ) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਦੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ- ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ

ਨੋਟ- ਇਹ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


 


author

Anuradha

Content Editor

Related News