ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਕੇ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਨੂੰ ਵਰਤਿਆ : ਕਾਲਕਾ
Tuesday, Feb 11, 2025 - 04:56 AM (IST)
![ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਕੇ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਨੂੰ ਵਰਤਿਆ : ਕਾਲਕਾ](https://static.jagbani.com/multimedia/2025_2image_04_04_152911878kalka.jpg)
ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਫੈਸਲੇ ਨੂੰ ਬਦਲਾਖੋਰੀ ਦੇ ਇਤਿਹਾਸ ਵਿਚ ਕਾਲੇ ਦਿਵਸ ਵਜੋਂ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਨੂੰ ਹਟਾਉਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ ਇਹ ਅਧਿਕਾਰ ਸਿਰਫ ਸ੍ਰੀ ਅਕਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪਰਿਵਾਰ ਸਹਿਤ ਮੱਥਾ ਟੇਕਣ ਉਪਰੰਤ ਬਾਹਰ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ ।
ਉਨ੍ਹਾਂ ਦੱਸਿਆ ਕਿ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ, ਉੱਥੇ ਹੀ ਇੱਥੇ ਆ ਕੇ ਬਹੁਤ ਹੀ ਨਿੰਦਣ ਯੋਗ ਖਬਰ ਵੀ ਮਿਲੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਬੰਦ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਨੂੰ ਵਰਤਦੇ ਹੋਏ ਬਦਲਾਖੋਰੀ ਦੀ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ।