ਸੰਕਟ ਦੀ ਘੜੀ 'ਚ ਅਕਾਲੀ ਦਲ ਵੱਲੋਂ ਕਾਂਗਰਸ ਖ਼ਿਲਾਫ਼ ਸੜਕਾਂ 'ਤੇ ਉਤਰਨ ਦਾ ਐਲਾਨ

Thursday, Jun 11, 2020 - 04:06 PM (IST)

ਪਟਿਆਲਾ (ਬਲਜਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਐਲਾਨ ਕੀਤਾ ਕਿ ਜੇਕਰ ਮੌਜੂਦਾ ਸਰਕਾਰ ਨੇ ਅਕਾਲੀ-ਭਾਜਪਾ ਸਰਕਾਰ ਦੇ ਰਾਜ 'ਚ ਗਰੀਬਾਂ ਦੇ ਬਣੇ ਆਟਾ-ਦਾਲ ਦੇ ਕਾਰਡ ਕੱਟੇ ਤਾਂ ਅਕਾਲੀ ਦਲ ਸੜਕਾਂ ’ਤੇ ਉਤਰ ਕੇ ਉਸ ਦਾ ਵਿਰੋਧ ਕਰੇਗਾ ਅਤੇ ਜਦੋਂ ਤਕ ਸਰਕਾਰ ਮੁੜ ਕਾਰਡ ਨਹੀਂ ਬਣਾਉਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਵਿਧਾਇਕ ਚੰਦੂਮਾਜਰਾ ਅਕਾਲੀ ਦਲ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਅਤੇ ਹੋਰ ਪ੍ਰਮੁੱਖ ਆਗੂਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਨੂੰ ਮਿਲੇ ਅਤੇ ਇਕ ਮੰਗ-ਪੱਤਰ ਦੇ ਕੇ ਮੰਗ ਕੀਤੀ ਕਿ ਜਿਹੜੇ ਕਾਰਡ ਪਹਿਲਾਂ ਬਣਾਏ ਗਏ ਹਨ, ਉਨ੍ਹਾਂ ਨੂੰ ਨਾ ਕੱਟਿਆ ਜਾਵੇ ਅਤੇ ਜੇਕਰ ਕਿਸੇ ਦਾ ਕਾਰਡ ਕੱਟਿਆ ਵੀ ਗਿਆ ਹੈ ਤਾਂ ਫੇਰ ਉਸ ਨੂੰ ਮੁੜ ਬਣਾਇਆ ਜਾਵੇ।

ਡੀ. ਐੱਫ. ਐੱਸ ਸੀ. ਨੇ ਵਿਧਾਇਕ ਚੰਦੂਮਾਜਰਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਮੰਗ-ਪੱਤਰ ’ਤੇ ਪੂਰਨ ਵਿਚਾਰ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ਉੱਚ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਸੰਕਟ ਦੀ ਇਸ ਘੜੀ 'ਚ ਸਰਕਾਰ ਨੇ ਗਰੀਬਾਂ ਅਤੇ ਲੋੜਵੰਦਾਂ ਨੂੰ ਕੁਝ ਦੇਣਾ ਤਾਂ ਕੀ ਸੀ ਸਗੋਂ ਉਲਟਾ ਅਕਾਲੀ-ਭਾਜਪਾ ਸਰਕਾਰ ਵੱਲੋਂ ਜਿਹੜੀਆਂ ਸਹੂਲਤਾਂ ਉਨ੍ਹਾਂ ਨੂੰ ਦਿੱਤੀਆਂ ਗਈਆਂ ਸਨ, ਉਹ ਵੀ ਵਾਪਸ ਲਈਆਂ ਜਾ ਰਹੀਆਂ ਹਨ, ਜਿਸ ਨੂੰ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। 


Babita

Content Editor

Related News