ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ

Monday, Apr 18, 2022 - 11:33 PM (IST)

ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਪਰ ਨਾਲ ਹੀ ਕਿਹਾ ਕਿ ਇਹ ਜਾਂਚ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਰਾਹ ਵਿਚ ਰੁਕਾਵਟ ਦੇ ਬਹਾਨੇ ਵਜੋਂ ਨਾ ਵਰਤੀ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ 'ਆਪ' ਸਰਕਾਰ ਵੱਲੋਂ ਪਿਛਲੇ ਇਕ ਮਹੀਨੇ ਦੌਰਾਨ ਜਾਰੀ ਕੀਤੇ ਸਾਰੇ ਇਸ਼ਤਿਹਾਰਾਂ ਦੀ ਵੀ ਜਾਂਚ ਕਰਵਾਈ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ 'ਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸਾਰੇ ਚਾਹੁੰਦੇ ਹਾਂ ਕਿ ਸੂਬੇ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਨਿਰਪੱਖ ਜਾਂਚ ਹੋਵੇ ਪਰ ਇਸ ਜਾਂਚ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਰਾਹ ਵਿਚ ਰੁਕਾਵਟ ਦੇ ਬਹਾਨੇ ਵਜੋਂ ਨਾ ਵਰਤਿਆ ਜਾਵੇ।

ਇਹ ਵੀ ਪੜ੍ਹੋ : ਲੁਟੇਰਿਆਂ ਦੇ ਹੌਸਲੇ ਬੁਲੰਦ, ਹੁਣ ਜਲੰਧਰ 'ਚ ਗੰਨ ਪੁਆਇੰਟ 'ਤੇ ਲੁੱਟੀ ਕਾਰ

ਸੀਨੀਅਰ ਆਗੂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਤੋਂ ਭੱਜਣ ਲਈ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਵਰਤਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਸੂਬੇ ਦੀ ਵਿੱਤੀ ਹਾਲਤ ਦੀ ਜਾਣਕਾਰੀ ਹੋਣ ਦੇ ਬਾਵਜੂਦ ਮੁੱਖ ਮੰਤਰੀ ਹੁਣ ਜਾਂਚ ਦਾ ਬਹਾਨਾ ਬਣਾਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚਾਹੁੰਦਾ ਹੈ ਕਿ ਜਾਂਚ ਨੂੰ ਸਰਕਾਰ ਵੱਲੋਂ ਰਾਜ ਦੀਆਂ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਅਤੇ ਸਾਰੇ ਘਰੇਲੂ ਖਪਤਕਾਰਾਂ ਨੂੰ ਤੁਰੰਤ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਪੂਰਾ ਕਰਨ ਦੇ ਰਾਹ ਵਿਚ ਰੁਕਾਵਟ ਦੇ ਬਹਾਨੇ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਰਾਜ ਦੀ ਸੱਤਾ ਵਿਚ ਆਉਣ ਦੇ ਇਕ ਮਹੀਨੇ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਰੇ ਇਸ਼ਤਿਹਾਰਾਂ ਦੀ ਜਾਂਚ ਦੇ ਹੁਕਮ ਵੀ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ਟੈਕਸ ਦਾਤਿਆਂ ਦੇ ਪੈਸੇ ਦੀ ਦੁਰਵਰਤੋਂ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦਾ ਪ੍ਰੋਪੇਗੰਡਾ ਫੈਲਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਆਪ' ਸਰਕਾਰ ਵੱਲੋਂ ਆਪਣੀਆਂ ਕਥਿਤ ਪ੍ਰਾਪਤੀਆਂ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਦੱਖਣੀ ਭਾਰਤ ਵਿਚ ਸਥਾਨਕ ਖੇਤਰੀ ਭਾਸ਼ਾਵਾਂ 'ਚ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਅਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਜਿਥੇ ਚੋਣਾਂ ਹਨ, ਉਥੇ ਵੀ ਇਸ਼ਤਿਹਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਖਰਚੇ ਕਰੋੜਾਂ ਰੁਪਏ ਦਾ ਪੰਜਾਬ ਜਾਂ ਪੰਜਾਬੀਆਂ ਨੂੰ ਕਿਸੇ ਤਰੀਕੇ ਲਾਭ ਨਹੀਂ ਹੋਣ ਵਾਲਾ।

ਇਹ ਵੀ ਪੜ੍ਹੋ : CM ਮਾਨ ਵੱਲੋਂ ਸੰਗਰੂਰ ’ਚ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ, ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਇਸ ਨੂੰ ਇਕ ਘੋਟਾਲਾ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੂੰ ਇਹ ਆਖਣਾ ਚਾਹੀਦਾ ਹੈ ਕਿ ਉਹ ਪਤਾ ਲਗਾਇਆ ਜਾਵੇ ਕਿ ਕੀ ਇਨ੍ਹਾਂ ਇਸ਼ਤਿਹਾਰਾਂ ਵਾਸਤੇ ਰਿਸ਼ਵਤਖੋਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਅਥਾਰਟੀ ਨੇ ਇਹ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ, ਉਸ ਦਾ ਖੁਲ੍ਹਾਸਾ ਹੋਣਾ ਚਾਹੀਦਾ ਹੈ। ਇਹ ਵੀ ਖੁਲਾਸਾ ਹੋਣਾ ਚਾਹੀਦਾ ਹੈ ਕਿ ਕੀ ਮੁੱਖ ਮੰਤਰੀ ਨੇ ਇਹ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਜਾਂ ਫਿਰ ਇਸ ਦੇ ਹੁਕਮ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਤੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਕੌਮੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਦੇ ਪ੍ਰਚਾਰ ਦੀ ਕੀਮਤ ਸਹਿਣੀ ਪਈ।


author

Manoj

Content Editor

Related News