ਕਰਤਾਰਪੁਰ ਲਾਂਘੇ ਦਾ ਪਲੇਟਫਾਰਮ ਕੁਲਦੀਪ ਵਡਾਲਾ ਦੇ ਨਾਂ 'ਤੇ ਰੱਖਣ ਦੀ ਮੰਗ (ਵੀਡੀਓ)
Saturday, Sep 28, 2019 - 05:54 PM (IST)
ਜਲੰਧਰ (ਚਾਵਲਾ)— ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਸਾਹਿਬ ਵੱਲ ਜਾਂਦੇ ਮਾਰਗ ਦਾ ਨਾਂ ਸਵਰਗਵਾਸੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਨਾਂ 'ਤੇ ਰੱਖਿਆ ਗਿਆ ਹੈ। ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਪ੍ਰਧਾਨ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਬੀਤੇ ਦਿਨ ਪ੍ਰੈੱਸ ਕਾਨਫਰੰਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਗੁਰਧਾਮਾਂ ਦੇ ਖੁੱਲ੍ਹੇ ਲਾਂਘੇ ਲਈ ਸਵਰਗਵਾਸੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ ਆਪਣੇ ਅਤੇ ਸੰਗਤਾਂ ਦੇ ਸਹਿਯੋਗ ਨਾਲ 18 ਸਾਲ ਹਰ ਮੱਸਿਆ ਮੌਕੇ ਅਰਦਾਸ ਡੇਰਾ ਬਾਬਾ ਨਾਨਕ ਵਿਖੇ ਕੀਤੀ। ਇਥੋਂ ਤੱਕ ਕਿ ਸਿੱਖ ਵੀ ਨਿੱਤ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਲਈ ਅਰਦਾਸ ਕਰਦਾ ਹੈ।
ਉਨ੍ਹਾਂ ਕਿਹਾ ਕਿ ਹੁਣ ਛੇਤੀ ਹੀ ਸਮੂਹ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਲਾਂਘਾ ਭਾਰਤ ਅਤੇ ਪਾਕਿਸਤਾਨ ਲਈ ਸ਼ਾਂਤੀ ਪੈਗਾਮ ਲੈ ਕੇ ਆ ਰਿਹਾ ਹੈ। ਇਸ ਨਾਲ ਦੋਹਾਂ ਮੁਲਕਾਂ ਦੇ ਆਵਾਮ 'ਚ ਖੁਸ਼ੀ ਦੀ ਲਹਿਰ ਵੀ ਪਾਈ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਬਣ ਰਿਹਾ ਫੋਰ ਲੇਨ ਮਾਰਗ ਅਤੇ ਜੋ ਸਰਕਾਰ ਵੱਲੋਂ ਪਲੇਟਫਾਰਮ ਬਣਾਇਆ ਜਾ ਰਿਹਾ ਹੈ,ਉਨ੍ਹਾਂ ਦਾ ਨਾਂ ਵੀ ਸਵ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਨਾਂ 'ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇਗਾ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਵੱਲੋਂ ਹਰ ਮੱਸਿਆ 'ਤੇ ਲਾਂਘੇ ਦੀ ਅਰਦਾਸ ਡੇਰਾ ਬਾਬਾ ਨਾਨਕ ਵਿਖੇ ਕੀਤੀ ਜਾਂਦੀ ਹੈ, ਹੁਣ 9 ਨਵੰਬਰ ਨੂੰ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਇਸ ਲਈ ਸੰਸਥਾ 226ਵੀਂ ਅਖਰੀਲੀ ਅਰਦਾਸ 28 ਅਕਤੂਬਰ ਨੂੰ ਕੀਤੀ ਜਾਵੇਗੀ। ਇਸ ਮੌਕੇ ਸਿੰਘ ਸਾਹਿਬਾਨ, ਸੰਤ ਸਮਾਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਸ਼ਮੂਲੀਅਤ ਕਰੇਗੀ। ਇਸ ਮੌਕੇ ਸੁੱਚਾ ਸਿੰਘ ਜੌਹਲ, ਊਧਮ ਸਿੰਘ ਔਲਖ, ਅਵਤਾਰ ਸਿੰਘ ਕੁਰਾਲੀ, ਪਰਮਿੰਦਰ ਸਿੰਘ ਦਸਮੇਸ਼ ਨਗਰ,ਗੁਰਪ੍ਰੀਤ ਸਿੰਘ ਖਾਸਾਵਾਲੀ ਆਦਿ ਹਾਜ਼ਰ ਸਨ।