ਕੈਪਟਨ ਦਾ ਵੱਡਾ ਐਲਾਨ : 30 ਜੂਨ ਤੱਕ ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ

Saturday, Apr 11, 2020 - 04:52 PM (IST)

ਕੈਪਟਨ ਦਾ ਵੱਡਾ ਐਲਾਨ : 30 ਜੂਨ ਤੱਕ ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ

ਜਲੰਧਰ/ਲੁਧਿਆਣਾ (ਵਿੱਕੀ) : ਕੋਰੋਨਾ ਵਾਇਰਸ ਦੇ ਵੱਧਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਨੇ 14 ਅਪ੍ਰੈਲ ਤਕ ਸੂਬੇ 'ਚ ਲਗਾਏ ਗਏ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾ ਕੇ 1 ਮਈ ਤਕ ਕਰ ਦਿੱਤੀ ਹੈ। ਇਹ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਿਆ ਗਿਆ ਸੀ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਇਹ ਫੈਸਲਾ ਸੂਬੇ 'ਚ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਲਿਆ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਨਾਲ ਮੁਕਾਬਲਾ ਕਰਨ ਲਈ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਹੈ। ਇਸ ਵੀਡੀਓ ਕਾਨਫਰੰਸ ਜ਼ਰੀਏ ਕੈਪਟਨ ਨੇ ਸਕੂਲਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਕੈਪਟਨ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਅੱਗੇ ਪਾ ਦਿੱਤੀਆਂ ਹਨ। ਪਹਿਲੀ ਮਈ ਤੱਕ ਸਾਰੇ ਜਨਤਕ ਸੇਵਾਵਾਂ ਵਾਲੇ ਵਾਹਨਾਂ 'ਤੇ ਪਾਬੰਦੀ ਦੇ ਨਾਲ ਧਾਰਾ 144 ਲਾਗੂ ਰਹੇਗੀ।

ਇਹ ਵੀ ਪੜ੍ਹੋ ► ਪੰਜਾਬ ਸਰਕਾਰ ਨੇ 11 ਅਪ੍ਰੈਲ ਤੋਂ 10 ਮਈ ਤਕ ਕੀਤੀਆਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ

ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਚੱਲਦੇ ਸੂਬਾ ਸਰਕਾਰ ਨੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 11 ਅਪ੍ਰੈਲ ਤੋਂ 10 ਮਈ ਤਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਟਵੀਟ ਕਰਕੇ ਦਿੱਤੀ ਗਈ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਸੀ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲਾਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।

ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਚਰਚਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੌਮੀ ਪੱਧਰ ਦੇ ਲਾਕਡਾਊਨ 'ਚ ਵਾਧੇ ਦੀ ਸਿਫਾਰਸ਼ ਕਰਦਿਆਂ ਕਿਹਾ ਕਿ ਘੱਟੋ-ਘੱਟ ਇਹ 15 ਦਿਨ ਲਈ ਹੋਰ ਵਧਾਉਣਾ ਚਾਹੀਦਾ ਹੈ। ਸੂਬੇ ਦੇ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ 'ਚ ਉਨ੍ਹਾਂ ਕੇਂਦਰ ਸਰਕਾਰ ਅੱਗੇ ਲੋਕਾਂ ਵਾਸਤੇ ਸਿਹਤ ਸਹੂਲਤਾਂ ਅਤੇ ਰਾਹਤ ਕਾਰਜਾਂ ਲਈ ਕਦਮ ਚੁੱਕਣ ਦਾ ਸੁਝਾਅ ਦਿੰਦਿਆਂ ਨਾਲ ਹੀ ਜ਼ਰੂਰੀ ਲੋੜ 'ਤੇ ਖੇਤੀਬਾੜੀ ਤੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੀ ਵੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ 'ਚ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾ ਹੀ ਕਰਫਿਊ/ਲੌਕਡਾਊਨ ਨੂੰ 1 ਮਈ ਤੱਕ ਵਧਾਉਣ ਦਾ ਫੈਸਲਾ ਕਰ ਲਿਆ ਹੈ। ਇਸ ਮੁਸ਼ਕਲ ਦੀ ਘੜੀ 'ਚ ਬੇਮਿਸਾਲ ਕੰਮ ਕਰਨ ਵਾਲਿਆਂ ਦਾ ਉਚੇਚੇ ਤੌਰ 'ਤੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਕਰਮਚਾਰੀਆਂ ਜਿਨ੍ਹਾਂ 'ਚ ੁਪੁਲਸ, ਸਫਾਈ ਵਾਲੇ ਪ੍ਰਮੁੱਖ ਹਨ, ਦਾ ਵਿਸ਼ੇਸ਼ ਜ਼ੋਖਮ ਬੀਮਾ ਕਰਨ ਦੀ ਮੰਗ ਕੀਤੀ, ਜੋ ਇਸ ਔਖੇ ਵੇਲੇ ਲੋਕਾਂ ਦਾ ਤਣਾਅ ਘਟਾਉਣ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੇਂਦਰ ਅਤੇ ਸੂਬਿਆਂ ਨੂੰ ਆਪਣੇ ਲੋਕਾਂ ਅਤੇ ਸਭ ਤੋਂ ਮੂਹਰੇ ਡਟੇ ਸਿਹਤ, ਪੁਲਸ, ਸਫਾਈ ਆਦਿ ਕਰਮਚਾਰੀਆਂ ਦੇ ਮਨਬੋਲ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ ► ਜਲੰਧਰ : ਇਕੋ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਦੀ ਲਪੇਟ 'ਚ, 17 ਸਾਲਾ ਮੁੰਡੇ ਦੀ ਵੀ ਰਿਪੋਰਟ ਪਾਜ਼ੇਟਿਵ

ਟੈਸਟਾਂ ਦੀ ਗਿਣਤੀ 'ਚ ਚੋਖਾ ਵਾਧਾ ਕਰਨ ਦੀ ਮੰਗ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਕੋਲ ਟੈਸਟਾਂ ਦੀ ਗਿਣਤੀ 'ਚ ਚੋਖਾ ਵਾਧਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਘੱਟੋ-ਘੱਟ ਸੂਬੇ ਦੇ ਨਵਾਂਸ਼ਹਿਰ, ਡੇਰਾਬੱਸੀ ਅਤੇ ਮੋਹਾਲੀ ਜਿਹੇ ਹੌਟਸਪੋਟ ਖੇਤਰਾਂ 'ਚ ਇਹ ਅਤਿ ਲੋੜੀਂਦੀਆਂ ਹਨ। ਉਨ੍ਹਾਂ ਕਿਹਾ ਕਿ ਟੈਸਟਿੰਗ ਕਿੱਟਾਂ ਦੀ ਸਪਲਾਈ ਵੀ ਜਲਦ ਤੋਂ ਜਲਦ ਕੀਤੀ ਜਾਵੇਗੀ। ਇਹ ਗੱਲ ਜ਼ੇਰੇ ਗੌਰ ਹੈ ਕਿ ਪੰਜਾਬ ਨੇ ਆਈ. ਸੀ. ਐੱਮ. ਆਰ. ਤੋਂ ਅਜਿਹੀਆਂ 10 ਲੱਖ ਕਿੱਟਾਂ ਦੀ ਮੰਗ ਕੀਤੀ ਹੈ ਜਦੋਂ ਕਿ ਖੁੱਲ੍ਹੀ ਮਾਰਕਿਟ 'ਚ 10,000 ਹੋਰ ਕਿੱਟਾਂ ਬਾਰੇ ਵੀ ਪੁੱਛਗਿੱਛ ਕੀਤੀ ਹੈ। ਉਨ੍ਹਾਂ ਂ ਡੀ.ਐੱਮ.ਸੀ. ਅਤੇ ਸੀ. ਐੱਮ. ਸੀ. ਲੁਧਿਆਣਾ ਵਿਖੇ ਟੈਸਟਾਂ ਦੀ ਜਲਦੀ ਇਜ਼ਾਜਤ ਵੀ ਮੰਗੀ, ਜਿਸ ਬਾਰੇ ਪਹਿਲਾ ਹੀ ਕੇਂਦਰੀ ਸਿਹਤ ਮੰਤਰੀ ਨੂੰ ਅਪੀਲ ਕੀਤੀ ਗਈ ਹੈ।


author

Anuradha

Content Editor

Related News