ਸਿਹਤ ਸੇਵਾਵਾਂ ਨੂੰ ਲੈ ਕੇ ਬਜਟ ''ਚ ਵੱਡਾ ਐਲਾਨ
Wednesday, Mar 26, 2025 - 11:55 AM (IST)

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਹਰਪਾਲ ਚੀਮਾ ਨੇ ਕੁੱਲ੍ਹ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਮੁਫਤ ਅਤੇ ਮਿਆਰੀ ਸਿਹਤ ਸੰਭਾਲ ਬਾਰੇ ਬੋਲਦਿਆਂ ਕਿਹਾ ਕਿ ਮੁਫਤ ਅਤੇ ਮਿਆਰੀ ਸਿਹਤ ਸੰਭਾਲ ਭਾਰਤ ਦੇ ਹਰ ਨਾਗਰਿਕ ਨੂੰ ਅਧਿਕਾਰ ਦੇ ਤੌਰ 'ਤੇ ਉਪਲਬਧ ਹੋਈ ਚਾਹੀਦੀ ਹੈ ਭਾਵੇਂ ਉਹ ਅਮੀਰ ਹੋਵੇ ਜਾਂ ਗਰੀਬ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਮੰਦਭਾਗਾ ਹੈ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਕੋਈ ਸਰਕਾਰ ਸਾਰੇ ਨਾਗਰਿਕਾਂ ਲਈ ਸਰਵਵਿਆਪੀ ਸਿਹਤ ਕਵਰੇਜ ਯਕੀਨੀ ਨਹੀਂ ਬਣਾ ਸਕੀ ਪਰ ਪੰਜਾਬ ਹੁਣ ਹੋਰ ਇੰਤਜਾਰ ਨਹੀਂ ਕਰੇਗਾ।
ਮੰਤਰੀ ਨੇ ਕਿਹਾ ਕਿ ਸਿਹਤ ਹਮੇਸ਼ਾ ਸਾਡੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਰਹੀ ਹੈ ਅਤੇ ਅਸੀਂ ਇਸ ਪਾੜੇ ਨੂੰ ਹਮੇਸ਼ਾ ਲਈ ਪੂਰਨ ਵਸਤ ਦ੍ਰਿੜ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾ ਵਿੱਚ, ਸਾਡੀ ਸਰਕਾਰ ਨੇ 881 ਆਮ ਆਦਮੀ ਕਲੀਨਿਕਾ ਦੀ ਸਥਾਪਨਾ ਕਰ ਕੇ ਮੁੱਢਲੀ ਸਿਹਤ ਦੇਖਭਾਲ ਤੱਕ ਵਿਆਪਕ ਪਹੁੰਚ ਦੀ ਦਿਸ਼ਾ ਵੱਲ ਵੱਡੀ ਤਰੀਕੀ ਕੀਤੀ ਹੈ ਜੋ ਹਰੇਕ ਵਿਅਕਤੀ ਨੂੰ ਮੁਫਤ ਡਾਕਟਰੀ ਸਲਾਹ, ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਕਰਵਾਉਣ ਦੀ ਸੁਵਿਧਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਆ ਵਿਚ ਹਰ ਹੋਰ 70.000 ਤੋਂ ਵੱਧ ਲੋਕ ਮੁਫਤ ਇਲਾਜ ਪ੍ਰਾਪਤ ਕਰਦੇ ਹਨ ਅਤੇ ਹੁਣ ਤੱਕ 3 ਕਰੋੜ ਤੋਂ ਵੱਧ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾ ਦੁਆਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਰਲ ਕੇ 'ਬਿਮਾਰ ਪੰਜਾਬ' ਬਣਾਇਆ ਹੋਇਆ ਸੀ ਪਰ ਅਸੀਂ ਹੁਣ 'ਸਿਹਤਮੰਦ ਪੰਜਾਬ' ਬਣਾ ਰਹੇ ਹਾਂ। ਇਸ ਮੰਤਵ ਲਈ ਦਿੱਤੀ ਸਾਲ 2025-26 ਵਿਚ 268 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਹੈ। ਮੰਤਰੀ ਨੇ ਬਜਟ 'ਚ ਅੱਗੇ ਬੋਲਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਲੋੜੀਂਦੀ ਦੇਖਭਾਲ ਭਾਵ ਹਸਪਤਾਲ ਵਿਚ ਇਲਾਜ ਮੁਫਤ ਅਤੇ ਸਰਵ ਵਿਆਪਕ ਰੂਪ ਵਿਚ ਉਪਲਬਧ ਹੋਵੋ। ਹੁਣ ਤੱਕ ਪੰਜਾਬ 'ਚ 45 ਲੱਖ ਪਰਿਵਾਰ ਸਰਕਾਰੀ ਸਿਹਤ ਬੀਮਾ ਯੋਜਨਾਵਾਂ ਵਿਚ ਸ਼ਾਮਲ ਹਨ, ਜਿਨ੍ਹਾਂ ਵਿਚੋਂ 16 ਲੱਖ ਪਰਿਵਾਰ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਅਤੇ ਬਾਕੀ 29 ਲੱਖ ਪਰਿਵਾਰ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਅਧੀਨ ਕਵਰ ਕੀਤੇ ਗਏ ਹਨ। ਇਨ੍ਹਾਂ ਯੋਜਨਾਵਾਂ ਵਿੱਚ ਪੂਰੇ ਪਰਿਵਾਰ ਲਈ ਸੀਮਾ ਕਵਰੇਜ ਸਿਰਫ 5 ਲੱਖ ਰੁਪਏ ਸਾਲਾਨਾ ਹੈ।
ਮੰਤਰੀ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਸਿਹਤ ਖੇਤਰ ਲਈ ਦੇ ਇਤਿਹਾਸਕ ਫੈਸਲਿਆ ਦਾ ਐਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਗਮੀ ਸਾਲ ਵਿੱਚ ਰਾਜ ਦੀ ਸਿਹਤ ਸੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਚ ਕੋਈ ਰੁਕਾਵਟ ਜਾਂ ਵਿਤਕਰਾ ਨਹੀਂ ਹੋਵੇਗਾ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।
ਉਨ੍ਹਾਂ ਕਿਹਾ ਮੁਫਤ ਅਤੇ ਮਿਆਰੀ ਸਿਹਤ ਸੰਭਾਲ 'ਤੇ ਦੂਜਾ ਵੱਡਾ ਫੈਸਲਾ ਇਹ ਹੈ ਕਿ ਅਸੀਂ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ। ਇਸ ਵਿਚ ਉਹ ਲੋਕ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ ਸਿਹਤ ਕਾਰਡ ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਕੈਸ਼ਲੈਂਸ ਇਲਾਜ ਦਾ ਫਾਇਦਾ ਲੈ ਸਕਣਗੇ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਤਿਹਾਸਕ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਕਿਸੇ ਨੂੰ ਵੀ ਆਰਥਿਕ ਤੰਗੀ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਇਸ ਮਕਸਦ ਲਈ 778 ਕਰੋੜ ਰੁਪਏ ਦਾ ਉਪਬੰਧ ਕੀਤੇ ਹਨ।
ਇਸ ਦੌਰਾਨ ਉਨ੍ਹਾਂ ਨੇ ਦੁਰਘਟਨਾ ਪੀੜਤਾਂ ਦੇ ਤੁਰੰਤ ਇਲਾਜ ਅਤੇ ਮਦਦਗਾਰਾਂ ਨੂੰ ਉਤਸ਼ਾਹਿਤ ਕਰਨ ਲਈ ਫਰਿਸ਼ਤੇ ਸਕੀਮ ਲਈ 10 ਕਰੋੜ ਰੁਪਏ ਰਾਖਵੇਂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਈ 2025-26 ਵਿਚ ਕੁੱਲ 5,598 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਮੌਜੂਦਾ ਸਾਲ ਤੋਂ 10 ਫੀਸਦੀ ਵੱਧ ਹੈ।