ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ
Friday, Mar 02, 2018 - 06:22 AM (IST)

ਫ਼ਰੀਦਕੋਟ, (ਹਾਲੀ)- ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਵਿਚ ਸਰਕਾਰ ਵਿਰੁੱਧ ਰੋਸ ਰੈਲੀ ਕੱਢ ਕੇ ਮੁਜ਼ਾਹਰਾ ਕੀਤਾ ਗਿਆ। ਰੈਲੀ ਤੋਂ ਬਾਅਦ ਵੱਡੀ ਗਿਣਤੀ 'ਚ ਮਜ਼ਦੂਰਾਂ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਬੀ. ਡੀ. ਪੀ. ਓ. ਦਫਤਰ ਅੱਗੇ ਪਹੁੰਚ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਪਰੰਤ ਯੂਨੀਅਨ ਆਗੂਆਂ ਵੱਲੋਂ ਬੀ. ਡੀ. ਪੀ. ਓ. ਫ਼ਰੀਦਕੋਟ ਨੂੰ ਮੰਗ-ਪੱਤਰ ਵੀ ਦਿੱਤਾ ਗਿਆ।
ਮਜ਼ਦੂਰ ਆਗੂ ਕਾਮਰੇਡ ਦਲੀਪ ਸਿੰਘ, ਗੁਰਨਾਮ ਸਿੰਘ, ਕਰਮਜੀਤ ਕੌਰ, ਗੁਰਪ੍ਰੀਤ ਸਿੰਘ ਅਤੇ ਇੰਦਰ ਸਿੰਘ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਮਜ਼ਦੂਰਾਂ ਦੇ ਹਿੱਤਾਂ ਲਈ ਕੁਝ ਨਹੀਂ ਕਰ ਰਹੀਆਂ। ਸਰਕਾਰਾਂ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਨੂੰ ਫਾਇਦਾ ਦੇਣ 'ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਮਨਰੇਗਾ ਸਕੀਮ ਤਹਿਤ ਪੂਰਾ ਕੰਮ ਨਹੀਂ ਮਿਲ ਰਿਹਾ ਅਤੇ ਜਿਹੜਾ ਮਿਲਦਾ ਵੀ ਹੈ, ਉਸ ਦੇ ਪੈਸੇ ਨਹੀਂ ਦਿੱਤੇ ਜਾਂਦੇ। ਦੂਜੇ ਪਾਸੇ ਸਰਕਾਰਾਂ ਪੂੰਜੀਪਤੀਆਂ ਅਤੇ ਠੇਕੇਦਾਰਾਂ ਨੂੰ ਵਧੇਰੇ ਲਾਭ ਦੇ ਰਹੀਆਂ ਹਨ।
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੂਬਾ ਪੱਧਰੀ ਸੰਘਰਸ਼ ਵਿੱਢਣਗੇ। ਇਸ ਸਮੇਂ ਹਰਬੰਸ ਸਿੰਘ, ਗੁਰਪ੍ਰੀਤ ਸਿੰਘ, ਕਰਮਜੀਤ ਕੌਰ, ਸਰਬਜੀਤ ਕੌਰ, ਠਾਕੁਰ ਸਿੰਘ, ਕਪੂਰ ਸਿੰਘ ਆਦਿ ਮੌਜੂਦ ਸਨ।