ਕੋਵਿਡ ਕੇਸਾਂ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਪ੍ਰੋਟੋਕਾਲ ਦੀ ਪਾਲਣਾ ਕਰਨ : ਸੋਨੀ

Friday, Jan 14, 2022 - 01:21 PM (IST)

ਕੋਵਿਡ ਕੇਸਾਂ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਪ੍ਰੋਟੋਕਾਲ ਦੀ ਪਾਲਣਾ ਕਰਨ : ਸੋਨੀ

ਜਲੰਧਰ (ਧਵਨ) : ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਜਿਨ੍ਹਾਂ ਕੋਲ ਸਿਹਤ ਵਿਭਾਗ ਹੈ, ਨੇ ਕਿਹਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੂਬੇ ’ਚ ਕੋਵਿਡ ਕੇਸਾਂ ਨੂੰ ਧਿਆਨ ’ਚ ਰੱਖਦੇ ਹੋਏ ਕੋਵਿਡ ਪ੍ਰੋਟੋਕਾਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਕੋਵਿਡ ਨੂੰ ਧਿਆਨ ’ਚ ਰੱਖਦੇ ਹੋਏ ਜੋ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਉਨ੍ਹਾਂ ਦੀ ਪਾਲਣਾ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਸੋਨੀ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਅਜਿਹੇ ਸਮੇਂ ’ਚ ਹੋਣ ਜਾ ਰਹੀਆਂ ਹਨ ਜਦ ਕੋਵਿਡ ਦੀ ਤੀਜੀ ਲਹਿਰ ਚਰਮ ਸੀਮਾ ’ਤੇ ਪਹੁੰਚਦੀ ਹੋਈ ਵਿਖਾਈ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਚੋਣ ਕਮਿਸ਼ਨ ਨੇ 15 ਜਨਵਰੀ ਤਕ ਹਰ ਤਰ੍ਹਾਂ ਦੀਆਂ ਰੈਲੀਆਂ ਅਤੇ ਸਭਾਵਾਂ ’ਤੇ ਰੋਕ ਲਗਾ ਦਿੱਤੀ ਸੀ ਜਿਸ ਨੂੰ ਵੇਖਦੇ ਹੋਏ ਕਾਂਗਰਸ ਨੇ ਆਪਣੀਆਂ ਰੈਲੀਆਂ ਅਤੇ ਸਭਾਵਾਂ ਨੂੰ ਮੁਲਤਵੀ ਕਰ ਦਿੱਤਾ। ਉੁਨ੍ਹਾਂ ਨੇ ਅਫਸੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਕੋਵਿਡ ਪ੍ਰੋਟੋਕਾਲ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਾਹੀਦਾ ਸੀ ਕਿ ਉਹ ਦਿੱਲੀ ’ਚ ਬੈਠ ਕੇ ਦਿੱਲੀ ਵਾਸੀਆਂ ਦੀ ਸਿਹਤ ਦਾ ਧਿਆਨ ਰੱਖਦੇ ਕਿਉਂਕਿ ਦਿੱਲੀ ’ਚ ਕੋਰੋਨਾ ਪੂਰੀ ਤਰ੍ਹਾਂ ਫੈਲਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਚੋਣਾਂ ਲੋਕਤੰਤਰ ਦਾ ਅਨਿੱਖੜਵਾਂ ਹਿੱਸਾ ਹਨ ਪਰ ਮਹਾਮਾਰੀ ਦੇ ਇਸ ਦੌਰ ’ਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕੋਵਿਡ ਨੂੰ ਹੋਰ ਫੈਲਣ ਤੋਂ ਰੋਕੀਏ। ਸਮਾਜ ਵੀ ਆਪਣੇ ਪੱਧਰ ’ਤੇ ਪਾਬੰਦੀਆਂ ਤਹਿਤ ਰਹਿ ਕੇ ਕੰਮ ਕਰ ਰਿਹਾ ਹੈ ਇਸ ਹਾਲਤ ’ਚ ਸਾਰੇ ਰਾਜਨੀਤਕ ਦਲਾਂ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਕੋਵਿਡ ਪ੍ਰੋਟੋਕਾਲ ਨੂੰ ਸ਼ਤ ਪ੍ਰਤੀਸ਼ਤ ਆਪਣੇ ’ਤੇ ਲਾਗੂ ਕਰਨ। ਸੋਨੀ ਨੇ ਕਿਹਾ ਕਿ ਅੱਜ ਵੀ ਉਨ੍ਹਾਂ ਨੇ ਕੋਵਿਡ ਨੂੰ ਲੈ ਕੇ ਅਧਿਕਾਰੀਆਂ ਤੋਂ ਰਿਪੋਰਟ ਲਈ ਹੈ ਜਿਸ ’ਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਪਿਛਲੇ 2-3 ਦਿਨਾਂ ’ਚ ਕੋਵਿਡ ਕੇਸਾਂ ਨੂੰ ਲੈ ਕੇ ਸਥਿਰਤਾ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਜਾਨ ਦਾ ਧਿਆਨ ਰੱਖਣਾ ਸਰਕਾਰ ਦਾ ਪਹਿਲਾਂ ਫਰਜ਼ ਹੈ ਅਤੇ ਇਸ ’ਚ ਅਸੀਂ ਕਾਮਯਾਬ ਵੀ ਹੋਵਾਂਗੇ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਦੇ ਉੱਚ ਪੱਧਰ ਨੂੰ ਵੇਖਦੇ ਹੋਏ ਉਹ ਰੋਜ਼ਾਨਾ ਅਧਿਕਾਰੀਆਂ ਤੋਂ ਰਿਪੋਰਟ ਲੈ ਰਹੇ ਹਨ ਅਤੇ ਉਸ ਦੇ ਮੁਤਾਬਕ ਹੀ ਸਾਰੇ ਐਮਰਜੈਂਸੀ ਪ੍ਰਬੰਧ ਸਰਕਾਰੀ ਹਸਪਤਾਲਾਂ ’ਚ ਪੂਰੇ ਕਰ ਲਏ ਗਏ ਹਨ।


author

Anuradha

Content Editor

Related News