ਪੰਜਾਬ ਦੇ ਸਬ ਕਾਂਗਰਸੀ ਸੰਸਦ ਮੈਂਬਰਾਂ ਨੇ ਕੈਪਟਨ ਨਾਲ ਕੀਤੀ ਮੁਲਾਕਾਤ
Wednesday, Jul 17, 2019 - 10:03 AM (IST)

ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦਿੱਲੀ ਠਹਿਰਣ ਦੇ ਦੂਜੇ ਦਿਨ ਵਿਖੇ ਜਾ ਕੇ ਸੂਬੇ ਨਾਲ ਸਬੰਧਿਤ ਸਭ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਇਸ ਗੱਲ 'ਤੇ ਖੁਸ਼ੀ ਪ੍ਰਗਟਾਈ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਜੁੜੇ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਸਾਹਮਣੇ ਉਠਾਇਆ ਹੈ। ਮੁੱਖ ਮੰਤਰੀ ਨੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਪੰਜਾਬ ਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਸੰਸਦ 'ਚ ਉਠਾਉਣ। ਇਸ ਨਾਲ ਵੱਖ-ਵੱਖ ਮਸਲਿਆਂ ਨੂੰ ਕੇਂਦਰ ਸਰਕਾਰ ਵਲੋਂ ਹੱਲ ਕਰਨ 'ਚ ਮਦਦ ਮਿਲੇਗੀ। ਲੋਕ ਸਭਾ ਦੀਆਂ ਚੋਣਾਂ 'ਚ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਦੇ ਹੱਕ 'ਚ ਆਪਣਾ ਭਰੋਸਾ ਪ੍ਰਗਟ ਕੀਤਾ ਹੈ, ਨੂੰ ਵੇਖਦਿਆਂ ਇਹ ਜ਼ਰੂਰੀ ਹੈ ਕਿ ਪੰਜਾਬੀਆਂ ਦੇ ਮੁੱਦੇ ਕੇਂਦਰ ਸਰਕਾਰ ਕੋਲ ਨਵੇਂ ਚੁਣੇ ਗਏ ਸੰਸਦ ਮੈਂਬਰ ਜ਼ੋਰ ਸ਼ੋਰ ਨਾਲ ਉਠਾਉਣ।
ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਕਾਂਗਰਸੀ ਸੰਸਦ ਮੈਂਬਰਾਂ 'ਚ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ, ਮਨੀਸ਼ ਤਿਵਾੜੀ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਮੁਹੰਮਦ ਸਦੀਕ, ਡਾ. ਅਮਰ ਸਿੰਘ ਅਤੇ ਹੋਰ ਵੀ ਸ਼ਾਮਲ ਸਨ। ਬੈਠਕ 'ਚ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਹਿੱਸਾ ਲਿਆ। ਬੈਠਕ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਸੰਸਦ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਸੰਸਦ ਮੈਂਬਰਾਂ ਨੇ ਆਪਣੇ ਆਪਣੇ ਖੇਤਰਾਂ ਦੇ ੇਕੁਝ ਮਸਲੇ ਮੁੱਖ ਮੰਤਰੀ ਦੇ ਸਾਹਮਣੇ ਰੱਖੇ ਅਤੇ ਕਿਹਾ ਕਿ ਸਰਕਾਰ ਨੂੰ ਵੱਖ-ਵੱਖ ਅਹਿਮ ਵਿਕਾਸ ਪ੍ਰਾਜੈਕਟਾਂ ਲਈ ਰਕਮ ਜਾਰੀ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕ ਸਭਾ ਦੇ ਸਭ ਹਲਕਿਆਂ 'ਚ ਵਿਕਾਸ ਪ੍ਰਾਜੈਕਟਾਂ ਨੂੰ ਲੈ ਕੇ ਸੂਚੀਆਂ ਤਿਆਰ ਕਰ ਰਹੀ ਹੈ। ਉਸ ਮੁਤਾਬਕ ਹੀ ਵਿਕਾਸ ਕਾਰਜਾਂ 'ਚ ਤੇਜ਼ੀ ਲਿਆ ਕੇ ਉਨ੍ਹਾਂ ਨੂੰ ਪੂਰਾ ਕੀਤਾ ਜਾਏਗਾ।
ਦੱਸਿਆ ਜਾਂਦਾ ਹੈ ਕਿ ਬੈਠਕ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਲਏ ਗਏ ਸਟੈਂਡ ਲਈ ਉਨ੍ਹਾਂ ਦੀ ਹਮਾਇਤ ਕੀਤੀ। ਕੈਪਟਨ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਰਕਾਰ ਵਲੋਂ ਤੇਜ਼ੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।