ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਕੇਸਾਂ ’ਚ AG ਤੇ ਹੋਰ ਵਕੀਲਾਂ ’ਤੇ ਲਾਏ ਦੋਸ਼ ਰਾਜਨੀਤੀ ਤੋਂ ਪ੍ਰੇਰਿਤ : ਕੈਪਟਨ

04/15/2021 2:18:06 AM

ਚੰਡੀਗੜ੍ਹ, (ਅਸ਼ਵਨੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਕੋਟਕਪੂਰਾ ਗੋਲੀਕਾਂਡ ਘਟਨਾ ਦੀ ਜਾਂਚ ਦਾ ਬਚਾਅ ਕਰਦੀ ਲੀਗਲ ਟੀਮ ਖਿਲਾਫ਼ ਲਾਏ ਬੇਲੋੜੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਰੱਦ ਕਰਾਰ ਦਿੱਤਾ। ਏ. ਜੀ. ਅਤੇ ਕੇਸ ਲੜਨ ਲਈ ਸੂਬਾ ਸਰਕਾਰ ਵਲੋਂ ਲਏ ਗਏ ਹੋਰਨਾਂ ਵਕੀਲਾਂ ਦੀ ਕੀਤੀ ਜਾ ਰਹੀ ਨਾਜਾਇਜ਼ ਆਲੋਚਨਾ ਦਾ ਸਖਤ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਭੰਡਿਆ, ਜਿਹੜੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਣਬੁੱਝ ਕੇ ਸੰਵੇਦਨਸ਼ੀਲ ਮੁੱਦੇ ’ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਕਸਾਅ ਰਹੇ ਹਨ, ਤਾਂ ਜੋ ਮੁਸੀਬਤ ਖੜ੍ਹੀ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਪੇਸ਼ ਕੀਤੀ ਜਾ ਰਹੀ ਤਸਵੀਰ ਦੇ ਉਲਟ ਸੱਚਾਈ ਇਹ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਕੋਟਕਪੂਰਾ ਤੇ ਬਹਿਬਲ ਕਲਾਂ ਪੁਲਸ ਗੋਲੀ ਕਾਂਡ ਮਾਮਲਿਆਂ ਤੋਂ ਵੱਖਰੇ ਤੌਰ ’ਤੇ ਅਦਾਲਤਾਂ ਵਿਚ ਲੜੇ ਜਾ ਰਹੇ ਹਨ। ਏ. ਜੀ. ਅਤੇ ਉਨ੍ਹਾਂ ਦੀ ਟੀਮ ਨੂੰ ਸਿਰਫ ਬੇਅਦਬੀ ਮਾਮਲਿਆਂ ਵਿਚ ਹੀ, ਜੋ ਕਿ ਪੰਜਾਬ ਦੇ ਲੋਕਾਂ ਲਈ ਇਕ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ, ਅਦਾਲਤ ਵਿਚ ਸੂਬੇ ਦਾ ਪੱਖ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਅਤੇ ਇਸ ਮਾਮਲੇ ਨੂੰ ਸੂਬੇ ਨੇ ਫੈਸਲਾਕੁੰਨ ਢੰਗ ਨਾਲ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਸਿੰਗਲ ਜੱਜ ਦਾ ਫੈਸਲਾ ਸੁਪਰੀਮ ਕੋਰਟ ਦੇ ਪੱਧਰ ਤੱਕ ਸਹੀ ਮੰਨਿਆ ਗਿਆ ਸੀ, ਜਿਸ ਨੇ ਸੂਬਾ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਸੀ.ਬੀ.ਆਈ. ਤੋਂ ਜਾਂਚ ਵਾਪਸ ਲੈਣ ਵਿਚ ਮਦਦ ਕੀਤੀ ਸੀ। ਇਸ ਦਾ ਸਿਹਰਾ ਐਡਵੋਕੇਟ ਜਨਰਲ ਅਤੇ ਉਨ੍ਹਾਂ ਦੀ ਟੀਮ ਦੇ ਸਿਰ ਹੈ, ਜਿਨ੍ਹਾਂ ਨੇ ਅਦਾਲਤ ਵਿਚ ਸਖਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੇਸ ਲੜਿਆ ਅਤੇ ਸੀ.ਬੀ.ਆਈ. ਜਿਸਨੇ ਪਿਛਲੇ ਚਾਰ ਸਾਲਾਂ ਤੋਂ ਇਸ ਮਾਮਲੇ ਵਿਚ ਕੋਈ ਪ੍ਰਗਤੀ ਨਹੀਂ ਕੀਤੀ ਸੀ, ਨੂੰ 5 ਫਰਵਰੀ 2021 ਨੂੰ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਅਤੇ ਉਨ੍ਹਾਂ ਦੀ ਟੀਮ ਦੇ ਠੋਸ ਯਤਨਾਂ ਸਦਕਾ ਕੇਸ ਨੂੰ ਤਰਕਪੂਰਨ ਸਿੱਟੇ ’ਤੇ ਲਿਜਾਇਆ ਜਾਵੇਗਾ ਅਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਸਜ਼ਾ ਦਿੱਤੀ ਜਾਵੇਗੀ।


Bharat Thapa

Content Editor

Related News