ਪੰਜਾਬੀਆਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਲਈ ''ਆਪ'' ਵਿਧਾਇਕ ਨੇ ਸੋਨੀਆ ਨੂੰ ਲਿਖਿਆ ਪੱਤਰ
Tuesday, Feb 11, 2020 - 02:25 PM (IST)
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਦਿਵਾਉਣ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਅਰੋੜਾ ਨੇ ਸੋਨੀਆ ਗਾਂਧੀ ਤੋਂ ਮੰਗ ਕੀਤੀ ਹੈ ਕਿ ਪੰਜਾਬੀਆਂ 'ਤੇ ਬੋਝ ਬਣੇ ਨਿੱਜੀ ਥਰਮਲ ਪਲਾਂਟਾਂ ਦੇ ਮਾਮਲੇ 'ਚ ਤੁਰੰਤ ਦਖਲ ਦੇਣ ਅਤੇ ਪੰਜਾਬ ਕਾਂਗਰਸ ਨੂੰ ਆਪਣਾ ਚੋਣ ਵਾਅਦਾ ਪੂਰਾ ਕਰਨ ਨੂੰ ਕਹਿਣ। ਅਰੋੜਾ ਨੇ ਪੱਤਰ ਰਾਹੀਂ ਕਾਂਗਰਸ ਸੁਪਰੀਮੋ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸੂਬੇ 'ਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦਾ ਵਿਧਾਇਕ ਹੋਣ ਦੇ ਨਾਤੇ ਉਹ (ਅਰੋੜਾ) ਉਨ੍ਹਾਂ ਦਾ ਧਿਆਨ ਪੰਜਾਬ ਦੇ ਲੋਕਾਂ ਨੂੰ ਮਿਲ ਰਹੀ ਹੱਦੋਂ ਵੱਧ ਮਹਿੰਗੀ ਬਿਜਲੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਬਿਜਲੀ ਖ਼ਰੀਦ ਸਮਝੌਤਿਆਂ (ਪੀ. ਪੀ. ਏਜ) ਬਾਰੇ 2017 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਦੇ ਵਾਅਦੇ ਵੱਲ ਦਿਵਾਉਣਾ ਚਾਹੁੰਦੇ ਹਨ। ਅਮਨ ਅਰੋੜਾ ਨੇ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ 3 ਨਿੱਜੀ ਥਰਮਲ ਪਲਾਂਟਾਂ ਨਾਲ ਬੇਹੱਦ ਮਹਿੰਗੇ, ਮਾਰੂ ਅਤੇ ਇਕ ਪਾਸੜ ਪੀ.ਪੀ.ਏਜ ਸਹੀਬੱਧ ਹੋਏ, ਜਿਸ ਕਾਰਣ ਅੱਜ ਪੰਜਾਬ ਦੇ ਹਰੇਕ ਬਿਜਲੀ ਖਪਤਕਾਰ ਨੂੰ ਅਤਿਅੰਤ ਮਹਿੰਗੀ ਬਿਜਲੀ ਮਿਲ ਰਹੀ ਹੈ।
ਅਰੋੜਾ ਨੇ ਕਿਹਾ ਕਿ ਮੈਨੀਫੈਸਟੋ ਅਨੁਸਾਰ ਸਰਕਾਰ ਬਣਨ 'ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਇਕਰਾਰਨਾਮੇ ਰੱਦ ਕੀਤੇ ਜਾਣਗੇ ਜਾਂ ਫਿਰ ਰੀਵਿਊ ਕੀਤੇ ਜਾਣਗੇ ਪਰ 3 ਸਾਲ ਲੰਘਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਲੋਕਾਂ ਦੇ ਹਿੱਤ ਕੋਈ ਕਦਮ ਨਹੀਂ ਚੁੱਕਿਆ, ਸਗੋਂ ਉਹ (ਮੁੱਖ ਮੰਤਰੀ) ਬਾਦਲਾਂ ਦੇ ਰਾਹ 'ਤੇ ਚੱਲ ਪਏ ਹਨ। ਉਨ੍ਹਾਂ ਸੋਨੀਆ ਗਾਂਧੀ ਕੋਲੋਂ ਮੰਗ ਕੀਤੀ ਕਿ ਉਹ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਰਦੇਸ਼ ਜਾਰੀ ਕਰ ਕੇ ਨਾਜਾਇਜ਼ ਸ਼ਰਤਾਂ ਵਾਲੇ ਲੋਕ ਵਿਰੋਧੀ ਬਿਜਲੀ ਸਮਝੌਤੇ (ਪੀਪੀਏਜ) ਰੱਦ ਕਰਵਾਉਣ।