ਪੰਜਾਬ ''ਚ ਮਹਿੰਗੀ ਬਿਜਲੀ ਤੋਂ ਨਿਜ਼ਾਤ ਲਈ ਅਰੋੜਾ ਨੇ ਸੋਨੀਆ ਤੋਂ ਮੰਗਿਆ ਦਖਲ
Monday, Feb 10, 2020 - 06:55 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਲੋਕਾਂ ਦਾ ਬੇਹੱਦ ਮਹਿੰਗੀ ਬਿਜਲੀ ਤੋਂ ਖਹਿੜਾ ਛੁਡਾਉਣ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਤੁਰੰਤ ਦਖ਼ਲ-ਅੰਦਾਜ਼ੀ ਮੰਗੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ 3 ਨਿੱਜੀ ਥਰਮਲ ਪਲਾਂਟਾਂ ਨਾਲ ਬੇਹੱਦ ਮਹਿੰਗੇ, ਮਾਰੂ ਅਤੇ ਇਕ ਪਾਸੜ ਪੀਪੀਏਜ਼ ਸਹੀ ਬੱਧ ਹੋਏ, ਜਿਸ ਕਾਰਨ ਅੱਜ ਪੰਜਾਬ ਦੇ ਹਰੇਕ ਬਿਜਲੀ ਖਪਤਕਾਰ ਨੂੰ ਅਤਿਅੰਤ ਮਹਿੰਗੀ ਬਿਜਲੀ ਮਿਲ ਰਹੀ ਹੈ। ਅਮਨ ਅਰੋੜਾ ਨੇ ਪੀਪੀਏਜ਼ ਦੀਆਂ ਮਾਰੂ ਸ਼ਰਤਾਂ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਸੁਪਰੀਮੋ ਨੂੰ ਦੱਸਿਆ ਕਿ ਜੇਕਰ ਸਰਕਾਰ ਇਨ੍ਹਾਂ ਥਰਮਲ ਪਲਾਂਟਾਂ ਕੋਲੋਂ ਸਾਲ ਭਰ ਇਕ ਵੀ ਯੂਨਿਟ ਬਿਜਲੀ ਖ਼ਰੀਦ ਨਹੀਂ ਕਰਦੀ ਤਾਂ ਵੀ ਸੂਬੇ ਦੇ ਲੋਕਾਂ ਅਤੇ ਸਰਕਾਰੀ ਖ਼ਜ਼ਾਨੇ ਦੇ ਹਜ਼ਾਰਾਂ ਕਰੋੜ ਰੁਪਏ ਇਨ੍ਹਾਂ ਨਿੱਜੀ ਥਰਮਲ ਕੰਪਨੀਆਂ ਨੂੰ ਅਦਾ ਕਰਨੇ ਪੈ ਰਹੇ ਹਨ।
ਅਰੋੜਾ ਨੇ ਕਿਹਾ ਕਿ ਮੈਨੀਫੈਸਟੋ ਅਨੁਸਾਰ ਸਰਕਾਰ ਬਣਨ 'ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਇਕਰਾਰਨਾਮੇ ਰੱਦ ਕੀਤੇ ਜਾਣਗੇ ਜਾਂ ਫਿਰ ਰਿਵਿਊ ਕੀਤੇ ਜਾਣਗੇ ਪਰ 3 ਸਾਲ ਲੰਘਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਲੋਕਾਂ ਦੇ ਹਿੱਤ ਕੋਈ ਕਦਮ ਨਹੀਂ ਚੁੱਕਿਆ, ਸਗੋਂ ਉਹ (ਮੁੱਖ ਮੰਤਰੀ) ਬਾਦਲਾਂ ਦੇ ਰਾਹ 'ਤੇ ਚੱਲ ਪਏ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਸਮੇਤ ਕਾਂਗਰਸ ਦੇ ਕਈ ਹੋਰ ਸੂਬਾ ਪੱਧਰੀ ਆਗੂਆਂ ਅਤੇ ਵਿਧਾਇਕਾਂ ਨੇ ਵੀ ਆਮ ਆਦਮੀ ਪਾਰਟੀ ਦੀ ਹਾਂ 'ਚ ਹਾਂ ਮਿਲਾਉਂਦੇ ਹੋਏ ਨਿੱਜੀ ਬਿਜਲੀ ਕੰਪਨੀਆਂ ਨਾਲ ਪੀਪੀਏਜ਼ ਰੱਦ ਕਰਨ ਦੀ ਵਕਾਲਤ ਕੀਤੀ ਹੈ। ਅਮਨ ਅਰੋੜਾ ਨੇ ਸੋਨੀਆ ਗਾਂਧੀ ਕੋਲੋਂ ਮੰਗ ਕੀਤੀ ਕਿ ਉਹ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਰਦੇਸ਼ ਜਾਰੀ ਕਰ ਕੇ ਨਜਾਇਜ਼ ਸ਼ਰਤਾਂ ਵਾਲੇ ਲੋਕ ਵਿਰੋਧੀ ਬਿਜਲੀ ਸਮਝੌਤੇ (ਪੀਪੀਏਜ਼) ਰੱਦ ਕਰਵਾਉਣ।