ਸਾਰੀਆਂ ਵਿਰੋਧੀ ਪਾਰਟੀਆਂ ‘ਆਪ’ ਵਿਰੁੱਧ ਇਕਜੁੱਟ : ਅਮਨ ਅਰੋੜਾ
Wednesday, Dec 03, 2025 - 06:46 PM (IST)
ਜਲੰਧਰ/ਚੰਡੀਗੜ੍ਹ (ਧਵਨ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ‘ਆਪ’ ਵਿਰੁੱਧ ਇੱਕਜੁੱਟ ਹੋਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿਉਂਕਿ ਉਹ ਜਾਣਦੀਆਂ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਜਨਤਾ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਨੇ ਸੁਨਾਮ ਵਿਚ ਕਈ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਕਿਹਾ ਕਿ ਅਸੀਂ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਨਾਲ ਕੀਤੇ ਗਏ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਸਰਕਾਰ ਵੱਲੋਂ ਜਲਦੀ ਹੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਇੰਨਾ ਕਮਜ਼ੋਰ ਕਰ ਦਿੱਤਾ ਸੀ ਕਿ ਸਰਕਾਰੀ ਵਿਵਸਥਾ ਨੂੰ ਠੀਕ ਕਰਨ ਵਿਚ ਬਹੁਤ ਸਮਾਂ ਲੱਗ ਗਿਆ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿਚ ਕੋਈ ਭਵਿੱਖ ਨਹੀਂ ਹੈ ਅਤੇ ਕਾਂਗਰਸ ਵੀ ਕਈ ਧੜਿਆਂ ਵਿਚ ਵੰਡੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਸੱਤਾ ਵਿਚ ਵਾਪਸ ਨਹੀਂ ਆਉਣ ਦੇਣਗੇ।
