ਅਮਨ ਅਰੋੜਾ ਨੇ ਲਾਲਾ ਲਾਜਪਤ ਰਾਏ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕੀਤਾ ਇਹ ਐਲਾਨ

Saturday, Jan 28, 2023 - 10:33 PM (IST)

ਅਮਨ ਅਰੋੜਾ ਨੇ ਲਾਲਾ ਲਾਜਪਤ ਰਾਏ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕੀਤਾ ਇਹ ਐਲਾਨ

ਚੰਡੀਗੜ੍ਹ/ਮੋਗਾ (ਬਿਊਰੋ) : ਪੰਜਾਬ ਕੇਸਰੀ ਦੇ ਨਾਂ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ  ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ 'ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ : ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈੱਸ ਦੀ ਅਚਨਚੇਤੀ ਚੈਕਿੰਗ, ਮਾੜੇ ਖਾਣੇ ਦਾ ਗੰਭੀਰ ਨੋਟਿਸ ਲੈਂਦਿਆਂ ਕਹੀ ਇਹ ਗੱਲ

PunjabKesari

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਦਾ ਦਲੇਰੀ ਅਤੇ ਕੁਰਬਾਨੀਆਂ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਇਹ ਜਸ਼ਨ ਨਾ ਸਿਰਫ਼ ਮਹਾਨ ਆਜ਼ਾਦੀ ਘੁਲਾਟੀਏ ਦੀ ਅਮੀਰ ਵਿਰਾਸਤ ਨੂੰ ਜ਼ਿੰਦਾ ਰੱਖਣਗੇ, ਬਲਕਿ ਨੌਜਵਾਨਾਂ 'ਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਸਾਬਤ ਹੋਣਗੇ। ਲਾਲਾ ਲਾਜਪਤ ਰਾਏ ਜੀ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਦਾ ਹੈ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨ੍ਹਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

PunjabKesari

ਇਹ ਵੀ ਪੜ੍ਹੋ : ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ ਭਲਕੇ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ : ਐਡਵੋਕੇਟ ਧਾਮੀ

ਸੂਬੇ 'ਚ ਗੈਰ-ਕਾਨੂੰਨੀ ਕਾਲੋਨੀਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਾਲੋਨੀਆਂ ਅਤੇ ਉਸਾਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਾਲੋਨੀਆਂ ਦੀ ਉਸਾਰੀ ਦੀ ਪ੍ਰਕਿਰਿਆ ਵਿੱਚ ਕਿਸੇ ਨੂੰ ਇਸ ਸਬੰਧੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਸਾਰਿਆਂ ਲਈ ਛੱਤ ਯਕੀਨੀ ਬਣਾਉਣ ਲਈ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐੱਸ.) ਲਈ 25000 ਫਲੈਟ ਬਣਾਉਣ ਦੀ ਤਜਵੀਜ਼ ਰੱਖੀ ਹੈ ਅਤੇ ਗਮਾਡਾ ਵੱਲੋਂ ਈ.ਡਬਲਿਊ.ਐੱਸ. ਹਾਊਸਿੰਗ ਨੀਤੀ ਤਹਿਤ ਮੋਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਐੱਨ.ਓ.ਸੀ. ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ ਅਤੇ ਸਾਰੀਆਂ ਅਰਜ਼ੀਆਂ ਆਨਲਾਈਨ ਜਮ੍ਹਾ ਹੋ ਰਹੀਆਂ ਹਨ ਤੇ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਰਿਹਾ ਹੈ। ਐੱਨ.ਓ.ਸੀ. ਜਾਰੀ ਕਰਨ ਲਈ 15 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

PunjabKesari

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਉਣ ਦੀ ਹਦਾਇਤ

ਅਰੋੜਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸਥਾਪਿਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ। ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਅਮਨ ਅਰੋੜਾ ਨੂੰ ਜ਼ਿਲ੍ਹਾ ਪੁਲਸ ਮੋਗਾ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਵਿੱਚ ਚੱਲ ਰਹੇ ਖੇਡ ਟੂਰਨਾਮੈਂਟ 'ਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਦੀਪ ਸਿੰਘ ਬਰਾੜ ਅਤੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News