ਪੰਜਾਬ ''ਚ ਸਨਅਤੀ ਗਤੀਵਿਧੀਆਂ ਨੂੰ ਦਿੱਤਾ ਜਾਵੇਗਾ ਹੁਲਾਰਾ, ਸੁਨਾਮ ’ਚ ਬਣਾਈ ਜਾਵੇਗੀ ਸਨਅਤੀ ਅਸਟੇਟ : ਅਮਨ ਅਰੋੜਾ

Sunday, Aug 07, 2022 - 11:21 AM (IST)

ਸੰਗਰੂਰ/ਸੁਨਾਮ(ਵਿਵੇਕ ਸਿੰਧਵਾਨੀ, ਬਾਂਸਲ, ਰੋਜੀ) : ' ਸੂਬੇ ’ਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ।' ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਸਥਾਨਕ ਐੱਸ.ਯੂ.ਐੱਸ. ਕਾਲਜ ’ਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।

ਇਹ ਵੀ ਪੜ੍ਹੋ- ਫਰੀਦਕੋਟ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਇੰਝ ਕੈਦੀਆਂ ਤੱਕ ਪਹੁੰਚਾਉਂਦਾ ਸੀ ਹੈਰੋਇਨ ਤੇ ਮੋਬਾਇਲ

ਜ਼ਮੀਨੀ ਪੱਧਰ ’ਤੇ ਅਜਿਹੇ ਸਮਾਗਮਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ’ਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ’ਚ ਵੀ ਸਹਾਈ ਹੁੰਦੇ ਹਨ। ਇਸ ਪ੍ਰੋਗਰਾਮ ਦਾ ਟੀਚਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ। ਸੀ.ਐੱਲ.ਯੂ. ਅਤੇ ਐੱਨ.ਓ.ਸੀ. ਪ੍ਰਾਪਤ ਕਰਨ ’ਚ ਦੇਰੀ ਸੰਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਐੱਲ.ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਲੈ ਕੇ ਬੋਲੇ ਪੰਜਾਬ ਦੇ DGP ਗੌਰਵ ਯਾਦਵ, ਦਿੱਤਾ ਇਹ ਬਿਆਨ

ਸਨਅਤਕਾਰਾਂ ਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐੱਸ. ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ। ਐੱਸ.ਡੀ.ਆਈ.ਸੀ. ਦੇ ਜਨਰਲ ਸਕੱਤਰ ਐੱਮ. ਪੀ. ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ’ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ। ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ’ਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ’ਚ ਉਦਯੋਗਿਕ ਪਾਰਕਾਂ ਨੂੰ ਵਿਕਸਿਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟੀਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਿਤ ਕੀਤੀ ਜਾ ਸਕਦੀ ਹੈ। ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ 'ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ’ਚ ਕਾਰੋਬਾਰ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News