ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਸਦਨ ''ਚ ਬੋਲੇ ਅਮਨ ਅਰੋੜਾ, ਬਾਜਵਾ ਦੀਆਂ ਗੱਲਾਂ ਦਾ ਦਿੱਤਾ ਜਵਾਬ
Wednesday, Mar 06, 2024 - 06:44 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਗੱਲਾਂ ਦਾ ਜਵਾਬ ਦਿੰਦੇ ਹੋਏ ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਬੋਲਦਿਆਂ ਕਿਹਾ ਕਿ ਪਿਛਲੀ ਸਰਕਾਰ 2 ਲੱਖ, 82 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਿਰ ਛੱਡ ਕੇ ਗਈ ਹੈ ਅਤੇ ਹੁਣ ਕਹਿੰਦੇ ਹਨ ਕਿ ਆਮ ਆਦਮੀ ਪਾਰਟੀ ਨੇ 2 ਸਾਲਾਂ 'ਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ।
ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੈਨੂੰ ਲਗੱਦਾ ਬਾਜਵਾ ਸਾਹਿਬ ਇਹ ਸਭ ਚੰਗੀ ਤਰ੍ਹਾਂ ਪੜ੍ਹ ਕੇ ਹੀ ਨਹੀਂ ਆਏ ਸਨ, ਕਿਉਂਕਿ ਬਜਟ 'ਚ ਸਾਫ਼ ਲਿਖਿਆ ਹੈ ਕਿ ਆਖ਼ਰ ਇਹ ਕਰਜ਼ਾ ਲਿਆ ਕਿਉਂ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵੇਲੇ ਦਾ ਜਿਹੜਾ ਕਰਜ਼ਾ ਚੁੱਕਿਆ ਹੋਇਆ ਸੀ, ਅਸੀਂ ਉਸ ਦਾ ਵਿਆਜ ਅਪ੍ਰੈਲ 2022 ਤੋਂ ਲੈ ਕੇ ਦਸੰਬਰ 2023 ਤੱਕ 30,370 ਕਰੋੜ ਰੁਪਿਆ ਚੁਕਾਇਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਕੱਢੇ ਗਏ ਕਾਂਗਰਸੀ, ਸਦਨ ਦੀ ਕਾਰਵਾਈ 15 ਮਿੰਟਾਂ ਲਈ ਮੁਲਤਵੀ (ਵੀਡੀਓ)
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ 2 ਸਾਲਾਂ 'ਚ ਪੰਜਾਬ ਪਤਾ ਨਹੀਂ ਕਿੰਨਾ ਕੁ ਬਰਬਾਦ ਹੋ ਗਿਆ, ਇਹ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ 829 ਆਮ ਆਦਮੀ ਕਲੀਨਿਕ ਖੁੱਲ੍ਹ ਗਏ ਹਨ, ਜਿਨ੍ਹਾਂ 'ਚ 31 ਲੱਖ ਲੋਕ ਟੈਸਟ ਕਰਾ ਚੁੱਕੇ ਹਨ। ਸਿੱਖਿਆ ਦੇ ਖੇਤਰ 'ਚ ਵੀ ਪੰਜਾਬ ਤਰੱਕੀ ਕਰ ਰਿਹਾ ਹੈ ਅਤੇ 40 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ 'ਚ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਹੋ ਚੁੱਕੀ ਹੈ।
ਖੇਡਾਂ ਦੇ ਮਾਮਲੇ 'ਚ ਵੀ ਪੰਜਾਬ ਅੱਗੇ ਵੱਧ ਰਿਹਾ ਹੈ। ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਦਨ 'ਚ ਕਿਹਾ ਸੀ ਕਿ ਜਿਹੜੀ ਆਮ ਆਦਮੀ ਪਾਰਟੀ ਪੰਜਾਬ ਦੀ ਭਲਾਈ ਦੀਆਂ ਗੱਲਾਂ ਕਰਦੀ ਹੈ, ਉਸ ਨੇ ਸਿਰਫ 2 ਸਾਲਾਂ ਅੰਦਰ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ, ਜਦੋਂ ਕਿ ਅਜੇ 3 ਸਾਲ ਪਏ ਹੋਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8