ਕੈ. ਅਮਰਿੰਦਰ ਨੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਰੋਕਣ ''ਤੇ ਯੂ.ਪੀ. ਸਰਕਾਰ ਦੀ ਕੀਤੀ ਨਿਖੇਧੀ

Tuesday, Dec 24, 2019 - 08:25 PM (IST)

ਕੈ. ਅਮਰਿੰਦਰ ਨੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਰੋਕਣ ''ਤੇ ਯੂ.ਪੀ. ਸਰਕਾਰ ਦੀ ਕੀਤੀ ਨਿਖੇਧੀ

ਚੰਡੀਗੜ੍ਹ, (ਅਸ਼ਵਨੀ)— ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅੱਜ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੋਧੀ ਪ੍ਰਦਰਸ਼ਨਾਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾਣ ਮੌਕੇ ਉਤਰ ਪ੍ਰਦੇਸ਼ ਸਰਕਾਰ ਵਲੋਂ ਮੇਰਠ ਵਿਖੇ ਜਾਣ ਤੋਂ ਰੋਕਣ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਇਸ ਕਾਰਵਾਈ ਨੂੰ ਅਣਉਚਿਤ ਦੱਸਦਿਆਂ ਮੁੱਖ ਮੰਤਰੀ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਮੁਖਾਲਫ਼ਤ ਕਰਨ ਵਾਲੇ ਨਾਗਰਿਕਾਂ ਅਤੇ ਵਿਰੋਧੀ ਧਿਰਾਂ 'ਤੇ ਬੰਦਸ਼ਾਂ ਲਾਉਣ 'ਤੇ ਯੂ.ਪੀ. ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਤਾਂ ਮੇਰਠ 'ਚ ਰੋਸ ਪ੍ਰਦਰਸ਼ਨ ਕਰਨ ਲਈ ਨਹੀਂ ਜਾ ਰਹੇ ਸਨ ਸਗੋਂ ਉਨ੍ਹਾਂ ਨੇ ਹਾਲ ਹੀ 'ਚ ਪ੍ਰਦਰਸ਼ਨਾਂ ਦੌਰਾਨ ਪੁਲਸ ਜ਼ਿਆਦਤੀਆਂ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਜਾਣਾ ਸੀ। ਸੂਤਰਾਂ ਮੁਤਾਬਕ ਕਾਂਗਰਸੀ ਲੀਡਰਾਂ ਨੇ ਤਾਂ ਇਕੱਠਿਆਂ ਜਾਣ ਦੀ ਬਜਾਏ ਤਿੰਨ ਦੇ ਗਰੁੱਪ 'ਚ ਜਾਣ ਦੀ ਵੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੂੰ ਮੇਰਠ 'ਚ ਪ੍ਰਵੇਸ਼ ਕਰਨ ਤੋਂ ਰੋਕ ਦਿੱਤਾ ਗਿਆ।
ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਟਵੀਟ ਕਰਦਿਆਂ ਕਿਹਾ ਕਿ ਮੇਰਠ ਜਾ ਰਹੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਰੋਕਣ ਬਾਰੇ ਯੂ.ਪੀ. ਸਰਕਾਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ ਜਿਨ੍ਹਾਂ ਨੇ ਸੀ.ਏ.ਏ. ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਜਾਣਾ ਸੀ। ਇਸ ਵੇਲੇ ਭਾਰਤ ਨੂੰ ਹਮਦਰਦੀ ਦੇ ਅਹਿਸਾਸ ਦੀ ਲੋੜ ਹੈ ਨਾ ਕਿ ਵਿਰੋਧੀ ਪਾਰਟੀਆਂ 'ਤੇ ਅਜਿਹੀਆਂ ਰੋਕਾਂ ਲਾਉਣ ਦੀ। ਪੁਲਸ ਕਾਰਵਾਈ 'ਚ ਪ੍ਰਦਰਸ਼ਨਕਾਰੀਆਂ ਨੂੰ ਮਾਰਨ, ਨਾਕਾਰਾ ਕਰ ਦੇਣ ਜਾਂ ਗ੍ਰਿਫਤਾਰ ਕਰਨ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਹਰੇਕ ਭਾਰਤੀ ਨਾਗਰਿਕ ਦਾ ਜਮਹੂਰੀ ਹੱਕ ਹੈ ਪਰ ਯੂ.ਪੀ. ਸਰਕਾਰ ਪ੍ਰਦਰਸ਼ਕਾਰੀ ਨਾਗਰਿਕਾਂ ਨਾਲ ਅਜਿਹਾ ਜ਼ਾਲਮਾਨਾ ਸੂਲਕ ਕਰ ਰਹੀ ਹੈ ਜਿਵੇਂ ਉਹ ਅੱਤਵਾਦੀ ਜਾਂ ਗੈਂਗਸਟਰ ਹੋਣ।


author

KamalJeet Singh

Content Editor

Related News