ਮੁੱਖ ਮੰਤਰੀ ਵਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਤੇ ਮੁੜ ਵਸੇਬਾ ਕਦਮਾਂ ਦਾ ਐਲਾਨ

08/27/2019 12:55:19 AM

ਚੰਡੀਗਡ਼੍ਹ,(ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਹੜ੍ਹ ਪੀਡ਼ਤਾਂ ਦੇ ਰਾਹਤ ਤੇ ਮੁਡ਼ ਵਸੇਬੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਗਾਮੀ ਹਾਡ਼੍ਹੀ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਉਚ ਮਿਆਰੀ ਬੀਜ ਮੁਫਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਸੂਬੇ ’ਚ ਹੜ੍ਹ ਤੋਂ ਬਾਅਦ ਦੀ ਕਾਰਜ ਯੋਜਨਾ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਆਖਿਆ ਕਿ ਹੜ੍ਹ ਦੇ ਪਾਣੀ ਨਾਲ ਫਸਲਾਂ ਡੁੱਬਣ ਕਰਕੇ ਵੱਡਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਸਹਿਕਾਰਤਾ ਵਿਭਾਗ ਨੂੰ ਹਦਾਇਤ ਕੀਤੀ ਕਿ ਹਡ਼੍ਹ ਪ੍ਰਭਾਵਿਤ ਕਿਸਾਨਾਂ ਦੇ ਥੋਡ਼੍ਹੀ ਮਿਆਦ ਵਾਲੇ ਕਰਜ਼ਿਆਂ ਨੂੰ ਦਰਮਿਆਨੀ ਮਿਆਦ ਦੇ ਕਰਜ਼ੇ ’ਚ ਤਬਦੀਲ ਕੀਤਾ ਜਾਵੇ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਵੀ ਹੁਕਮ ਦਿੱਤੇ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫਸਲੀ ਹੱਦ ਕਰਜ਼ੇ ਨਵੇਂ ਸਿਰਿਓਂ ਦਿੱਤੇ ਜਾਣ ਤਾਂ ਕਿ ਇਹ ਕਿਸਾਨ ਹਾਡ਼੍ਹੀ ਦੀ ਫਸਲ ਦੀ ਪੈਦਾਵਾਰ ਕਰ ਸਕਣ।

ਪੇਂਡੂ ਸਡ਼ਕਾਂ ਅਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਨੋਟਿਸ ਲੈਂਦਿਆਂ ਕੈ. ਅਮਰਿੰਦਰ ਸਿੰਘ ਨੇ ਮੰਡੀ ਬੋਰਡ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਮੁਰੰਮਤ ਦਾ ਕੰਮ ਜੰਗੀ ਪੱਧਰ ’ਦੇ ਵਿੱਢਣ ਦੇ ਆਦੇਸ਼ ਦਿੱਤੇ। ਕੈਪਟਨ ਨੇ ਅੱਜ ਫੇਰ ਪਾਵਰਕਾਮ ਨੂੰ ਹੜ੍ਹਗ੍ਰਸਤ ਪਿੰਡਾਂ ’ਚ ਬਿਜਲੀ ਦੀ ਸਪਲਾਈ ਬਹਾਲ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਆਖਿਆ। ਪਾਵਰਕਾਮ ਦੇ ਚੇਅਰਮੈਨ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਬਹਾਲ ਕਰਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਇੰਜੀਨੀਅਰਾਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣ। ਇਸੇ ਦੌਰਾਨ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਦੀ ਲਪੇਟ ਵਿੱਚ ਆਏ ਇਲਾਕਿਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੂਬੇ ਦੇ 9 ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ 225 ਪਿੰਡਾਂ ਵਿੱਚ 61,000 ਪਿੰਡਾਂ ਦੀ ਦੇਖਭਾਲ ਲਈ 148 ਵਿਸ਼ੇਸ਼ ਵੈਟਰਨਰੀ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜਲੰਧਰ, ਮੋਗਾ, ਲੁਧਿਆਣਾ, ਫਿਰੋਜ਼ਪੁਰ, ਐਸ.ਬੀ.ਐਸ. ਨਗਰ, ਰੋਪਡ਼, ਫਾਜ਼ਿਲਕਾ, ਤਰਨ ਤਾਰਨ ਅਤੇ ਕਪੂਰਥਲਾ ਜ਼ਿਲਿਆਂ ਦੇ ਪਿੰਡਾਂ ਵਿੱਚ ਹੜ੍ਹ ਦੇ ਪਾਣੀ ਨਾਲ ਘਿਰੇ ਪਸ਼ੂਆਂ ਦੀਆਂ ਦਵਾਈਆਂ ਅਤੇ ਟੀਕਾਕਰਨ ਲਈ ਵਿਸ਼ੇਸ਼ ਵੈਟਰਨਰੀ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਭਗ 1800 ਕੁਇੰਟਲ ਫੀਡ, 50 ਟਰਾਲੀਆਂ ਤੂਡ਼ੀ ਅਤੇ ਹਰਾ ਚਾਰਾ ਵੰਡਿਆ ਜਾ ਚੁੱਕਾ ਹੈ। ਰਿਪੋਰਟਾਂ ਮੁਤਾਬਕ 125 ਵੱਡੇ ਪਸ਼ੂਆਂ (ਗਾਂਵਾਂ/ਮੱਝਾਂ ਤੇ ਹੋਰ) ਅਤੇ 8000 ਮੁਰਗੀਆਂ ਦੀ ਮੌਤ ਹੋਈ ਹੈ। ਪਸ਼ੂ ਪਾਲਣ ਵਿਭਾਗ ਨੇ ਮਰੇ ਹੋਏ ਪਸ਼ੂ ਧਨ ਲਈ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਦੇਣ ਲਈ 91 ਲੱਖ ਰੁਪਏ ਸਮੇਤ ਲੋਡ਼ੀਂਦੀਆਂ ਦਵਾਈਆਂ, ਚਾਰਾ ਅਤੇ ਫੀਡ ਮੁਹੱਈਆ ਕਰਵਾਉਣ ਲਈ 22.11 ਕਰੋਡ਼ ਦੀ ਵਿੱਤੀ ਸਹਾਇਤਾ ਮੰਗੀ ਹੈ। ਵੈਟਰਨਰੀ ਟੀਮਾਂ ਵੱਲੋਂ ਪਸ਼ੂਆਂ ਦੀ ਦੇਖਭਾਲ ਤੋਂ ਇਲਾਵਾ ਲੋਡ਼ੀਂਦੀਆਂ ਦਵਾਈਆਂ ਅਤੇ ਟੀਕਾਕਰਨ ਕੀਤਾ ਜਾ ਰਿਹਾ ਹੈ।