ਵਿਧਾਇਕ ਅਮਰਜੀਤ ਸੰਦੋਆ ਵੱਲੋਂ ਆਪਣੀ ਰਿਹਾਇਸ਼ ’ਤੇ ਕਾਲਾ ਝੰਡਾ ਲਹਿਰਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ
Wednesday, May 26, 2021 - 03:01 PM (IST)
ਨੂਰਪੁਰਬੇਦੀ (ਭੰਡਾਰੀ) : ਸਯੁੰਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਾਲੇ ਝੰਡੇ ਲਹਿਰਾਉਣ ਦੇ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਆਪਣੀ ਰਿਹਾਇਸ਼ ਉੱਤੇ ਕਾਲਾ ਝੰਡਾ ਲਹਿਰਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਵਿਧਾਇਕ ਸੰਦੋਆ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ ਵੱਜੋਂ ਪੂਰਾ ਦਿਨ ਆਪਣੇ ਕਾਲੀ ਪੱਟੀ ਬੰਨ੍ਹੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨ ਭੈਣ-ਭਰਾਵਾਂ ਨੂੰ 6 ਮਹੀਨੇ ਦਾ ਸਮਾਂ ਪੂਰਾ ਹੋ ਗਿਆ ਹੈ। ਪਰੰਤੂ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ਉੱਤੇ ਕਾਇਮ ਹੋਈ ਹੈ।
ਉਨ੍ਹਾਂ ਕਿਹਾ ਕਿ ਸਾਡੇ ਕਿੰਨੇ ਹੀ ਕਿਸਾਨ ਇਸ ਸੰਘਰਸ਼ ਵਿਚ ਸ਼ਹੀਦੀਆਂ ਪਾ ਚੁੱਕੇ ਹਨ, ਪਰੰਤੂ ਕੇਂਦਰ ਸਰਕਾਰ ਨੂੰ ਇਹ ਸਭ ਦੇਖ ਕੇ ਵੀ ਕਿਸਾਨਾਂ ’ਤੇ ਤਰਸ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਹੀ ਇਨ੍ਹਾਂ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਿਚ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਮੁੱਚੀ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੇ ਸੰਘਰਸ਼ ਵਿਚ ਪੂਰਾ ਯੋਗਦਾਨ ਦਿੰਦੀ ਆ ਰਹੀ ਹੈ ਅਤੇ ਅੱਗੇ ਵੀ ਉਹ ਅਤੇ ਉਨ੍ਹਾਂ ਦੀ ਪਾਰਟੀ ਹਰ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਇਹ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਅਤੇ ਕਿਸਾਨਾਂ ਤੋਂ ਮੁਆਫੀ ਮੰਗ ਲੈਣੀ ਚਾਹੀਦੀ ਹੈ।