ਵੱਡੀ ਖ਼ਬਰ: ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ
Sunday, Sep 19, 2021 - 11:33 AM (IST)
ਜਲੰਧਰ/ਚੰਡੀਗੜ੍ਹ— ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੀ ਰੇਸ ’ਚ ਅੰਬਿਕਾ ਸੋਨੀ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਉਥੇ ਹੀ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਸਿੱਖ ਦੀ ਚੋਣ ਹੋਣੀ ਚਾਹੀਦੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਰੇਸ ’ਚ ਸੁਨੀਲ ਜਾਖੜ, ਅੰਬਿਕਾ ਸੋਨੀ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਅੱਗੇ ਚੱਲ ਰਿਹਾ ਹੈ। ਹਾਲਾਂਕਿ ਹੁਣ ਸੋਨੀ ਦੇ ਇਨਕਾਰ ਤੋਂ ਬਾਅਦ ਸਭ ਦੀਆਂ ਨਜ਼ਰਾਂ ਇਸ ’ਤੇ ਟਿਕੀਆਂ ਹੋਈਆਂ ਹਨ ਕਿ ਪੰਜਾਬ ਦੀ ਕਮਾਨ ਕਿਸ ਦੇ ਹੱਥਾਂ ’ਚ ਹੋਵੇਗੀ। ਉਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਕੈਪਟਨ ਅਮਰਿੰਦ ਸਿੰਘ ਵਿਰੋਧ ਕਰਨਗੇ।