ਪੰਜਾਬ 'ਚ ਇਸ ਤਾਰੀਖ਼ ਤੋਂ ਬੰਦ ਹੋਣਗੀਆਂ ਐਂਬੂਲੈਂਸ ਸੇਵਾਵਾਂ! ਮਰੀਜ਼ਾਂ ਨੂੰ ਹੋ ਸਕਦੀ ਹੈ ਭਾਰੀ ਪਰੇਸ਼ਾਨੀ
Tuesday, Aug 01, 2023 - 12:04 PM (IST)
ਚੰਡੀਗੜ੍ਹ (ਰਮਨਜੀਤ) : ਸੂਬੇ ਦੇ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ 108 ਐਂਬੂਲੈਂਸ ਸਟਾਫ਼ ਮੁੜ ਤੋਂ ਹੜਤਾਲ 'ਤੇ ਜਾਣ ਦੀ ਤਿਆਰੀ 'ਚ ਹੈ। ਐਂਬੂਲੈਂਸ ਮੁਲਾਜ਼ਮਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਗੱਲਾਂ ਨਾ ਮੰਨੀਆਂ ਗਈਆਂ ਤਾਂ ਉਹ 4 ਅਗਸਤ ਤੋਂ ਐਂਬੂਲੈਂਸ ਸੇਵਾਵਾਂ ਬੰਦ ਕਰ ਦੇਣਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਮਰੀਜ਼ਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇਗਾ।
ਜ਼ਿਕਰਯੋਗ ਹੈ ਕਿ ਤਨਖ਼ਾਹ ਵਧਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਮੁਲਾਜ਼ਮਾਂ ਨੇ ਜਨਵਰੀ ਮਹੀਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾਇਆ ਸੀ। ਇਸ ਤੋਂ ਬਾਅਦ ਸਿਹਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਅਤੇ ਤਨਖ਼ਾਹ 'ਚ 5000 ਰੁਪਏ ਵਾਧੇ ਸਮੇਤ ਕੰਪਨੀ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਰਕਾਰ ਅਤੇ ਕੰਪਨੀ ਵਲੋਂ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਿਆਇਤ ਹੁਣ ਤੱਕ ਨਹੀਂ ਦਿੱਤੀ ਗਈ।
108 ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ਅਤੇ ਮੀਤ ਪ੍ਰਧਾਨ ਜੋਗਾ ਸਿੰਘ ਨੇ ਕਿਹਾ ਕਿ ਉਹ ਸਰਕਾਰ ਨੂੰ 71 ਘੰਟਿਆਂ ਦਾ ਅਲਟੀਮੇਟਮ ਦਿੰਦੇ ਹਨ, ਜੇਕਰ ਫਿਰ ਵੀ ਸਰਕਾਰ ਨੇ 108 ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮਜਬੂਰਨ ਆਉਣ ਵਾਲੀ 4 ਅਗਸਤ ਨੂੰ 108 ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਮੰਗ ਕੀਤੀ ਕਿ 108 ਸਟਾਫ਼ ਨੂੰ ਕੰਪਨੀ ਦੇ ਠੇਕੇ ਰੱਦ ਕਰਕੇ ਸਰਕਾਰ ਤੁਰੰਤ ਆਪਣੇ ਅਧੀਨ ਲਵੇ ਤਾਂ ਜੋ ਲੋਕਾਂ ਨੂੰ ਐਮਰਜੈਂਸੀ ਸਹਾਇਤਾ ਦੇਣ ਵਾਲੇ ਇਸ ਸਟਾਫ਼ ਦਾ ਭਵਿੱਖ ਸੁਰੱਖਿਅਤ ਰਹਿ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ