ਰਾਜੋਆਣਾ ਫਾਂਸੀ ਮੁਆਫੀ ''ਤੇ ਅਮਿਤ ਸ਼ਾਹ ਦਾ ਬਿਆਨ ਸਿੱਖ ਕੌਮ ਲਈ ਸਦਮਾ : ਲੌਂਗੋਵਾਲ

12/4/2019 1:08:40 PM

ਚੰਡੀਗੜ੍ਹ (ਭੁੱਲਰ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵਲੋਂ ਲੋਕ ਸਭਾ 'ਚ ਪੁੱਛੇ ਸਵਾਲ ਦੇ ਜਵਾਬ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮੁਆਫ ਨਾ ਕੀਤੇ ਜਾਣ ਸਬੰਧੀ ਕੀਤੇ ਐਲਾਨ 'ਤੇ ਐੱਸ. ਜੀ. ਪੀ. ਸੀ. ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਿਤ ਸ਼ਾਹ ਦੇ ਇਸ ਐਲਾਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਵਾਪਸ ਬੁਲਾਏ ਜਾਣ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਧਾਰਮਿਕ ਸੰਸਥਾ ਦੇ ਮੁਖੀ ਹਨ ਅਤੇ ਧਾਰਮਿਕ ਫੈਸਲੇ ਹੀ ਲੈ ਸਕਦੇ ਹਨ ਪਰ ਹਰਸਿਮਰਤ ਦਾ ਮਾਮਲਾ ਸਿਆਸੀ ਹੈ, ਜਿਸ ਬਾਰੇ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਅਕਾਲੀ ਦਲ ਨੂੰ ਹੀ ਹੈ। ਲੌਂਗੋਵਾਲ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਗੱਲ ਹੈ ਕਿ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੇ ਆਪਣੇ ਫੈਸਲੇ ਤੋਂ ਪਿੱਛੇ ਹਟ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਹ ਬਿਆਨ ਕਿ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਮੁਆਫ ਨਹੀਂ ਕੀਤਾ ਗਿਆ ਸੀ, ਸਿੱਖ ਕੌਮ ਲਈ ਇਕ ਸਦਮਾ ਬਣ ਕੇ ਆਇਆ ਹੈ।

ਪਿਛਲੇ ਮਹੀਨੇ ਮੀਡੀਆ ਵਿਚ ਅਜਿਹੀਆਂ ਖਬਰਾਂ ਆਈਆਂ ਸਨ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾ ਦਿੱਤਾ ਸੀ। ਇਨ੍ਹਾਂ ਰਿਪੋਰਟਾਂ ਨੂੰ ਸਿੱਖ ਭਾਈਚਾਰੇ ਨੇ ਮਹੱਤਵਪੂਰਨ ਮੰਨਿਆ ਕਿਉਂਕਿ ਗ੍ਰਹਿ ਮੰਤਰਾਲਾ ਵਲੋਂ ਕਦੇ ਵੀ ਇਨ੍ਹਾਂ ਦਾ ਖੰਡਨ ਨਹੀਂ ਕੀਤਾ ਗਿਆ ਸੀ। ਇਸ ਕਾਰਣ ਵੀ ਗ੍ਰਹਿ ਮੰਤਰੀ ਦੇ ਬਿਆਨ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਬੀਤੇ ਸਮੇਂ ਨੂੰ ਬੰਦ ਕਰਨ ਅਤੇ ਨਵੀਂ ਸ਼ੁਰੂਆਤ ਕਰਨ ਦੇ ਉਦੇਸ਼ ਦੇ ਵਿਰੁੱਧ ਹੈ।

ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਸਾਰੇ ਤੱਥਾਂ 'ਤੇ ਵਿਚਾਰ ਕਰਨ ਉਪਰੰਤ ਗ੍ਰਹਿ ਮੰਤਰੀ ਨੂੰ ਭਾਈ ਰਾਜੋਆਣਾ ਦੀ ਸਜ਼ਾ ਨੂੰ ਮੁਆਫ ਕਰਨ ਦੀ ਅਪੀਲ ਕਰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਫੈਸਲੇ ਨੂੰ ਤਬਦੀਲ ਕਰਨ ਲਈ ਅਤੇ ਭਾਈ ਰਾਜੋਆਣਾ ਨੂੰ ਰਾਹਤ ਦੁਆਉਣ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਕੋਲ ਪਹੁੰਚ ਕੀਤੀ ਜਾਵੇਗੀ।


Gurminder Singh

Edited By Gurminder Singh