ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੈ ਅਮਿਤ ਸ਼ਾਹ : ਮਾਨ

12/10/2020 2:24:11 PM

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਤੋਂ ਪੁੱਜੇ ਖ਼ਤਮ ਕਰਾਉਣ ਲਈ ਕਿਸਾਨਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਯੂਨੀਅਨਾਂ ਦੇ ਏਕੇ ਸਾਹਮਣੇ ਮੋਦੀ ਸਰਕਾਰ ਦੀਆਂ ਇਹ ਘਟੀਆਂ ਹਰਕਤਾ ਫੇਲ ਹੋ ਜਾਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਬੁਲਾਈ ਗਈ ਕਿਸਾਨ ਯੂਨੀਅਨਾਂ ਦੀ ਮੀਟਿੰਗ 'ਚ 40 'ਚੋਂ ਸਿਰਫ਼ 13 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ 'ਚ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਪੰਜਾਬ ਦੀ ਕਿਸਾਨ ਜਥੇਬੰਦੀ ਬੀ. ਕੇ. ਯੂ. (ਏਕਤਾ ਉਗਰਾਹਾ) ਨੂੰ ਮੀਟਿੰਗ ਵਿਚ ਨਹੀਂ ਬੁਲਾਇਆ ਗਿਆ। ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ ਸੀ, ਉਨ੍ਹਾਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਵੀ ਵੱਖ-ਵੱਖ ਥਾਂ 'ਤੇ ਭੇਜਿਆ ਗਿਆ। ਇਸ ਤੋਂ ਬਾਅਦ ਮੀਟਿੰਗ ਦੇ ਕਈ ਸਥਾਨ ਬਦਲੇ ਗਏ। ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਨ੍ਹਾਂ ਨੂੰ ਕਿਸ ਥਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਲਿਜਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ''ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਦੁਬਾਰਾ ਖੁੱਲ੍ਹਣ ਦੀਆਂ ਸੰਭਾਵਨਾਵਾਂ ਕਮਜ਼ੋਰ''   

ਮਾਨ ਨੇ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀ ਏਕਤਾ ਨੂੰ ਖੇਰੂੰ-ਖੇਰੂੰ ਕਰਨ ਲਈ ਅਜਿਹੇ ਹੱਥਕੰਢੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿਚ ਆਪਸੀ ਫੁੱਟ ਪਾ ਕੇ ਮਤਭੇਦ ਪੈਦਾ ਕਰਾਉਣਾ ਚਾਹੁੰਦੀ ਹੈ ਅਤੇ ਕਿਸਾਨ ਅੰਦੋਲਨ ਨੂੰ ਕੰਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਇਹ ਵੱਡੀ ਸਿਆਣਪ ਹੈ ਕਿ ਉਹ ਸਰਕਾਰ ਦੀਆਂ ਕੋਝੀਆਂ ਹਰਕਤਾਂ ਤੋਂ ਜਾਣੂ ਹਨ ਅਤੇ ਸਰਕਾਰ ਦੀ ਚਾਲ ਨੂੰ ਫੇਲ ਕਰ ਦਿੰਦੇ ਹਨ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਅਜੇ ਵੀ ਭੁਲੇਖੇ ਵਿਚ ਹੈ। ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੁਣ ਦੇਸ਼ ਪੱਧਰੀ ਹੋ ਚੁੱਕਿਆ ਹੈ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ ਆਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : 2 ਹਫ਼ਤਿਆਂ 'ਚ 15 ਕਿਸਾਨਾਂ ਦੀ ਗਈ ਜਾਨ, ਕਈ ਜ਼ਖਮੀਂ ਹਾਲਤ 'ਚ ਵੀ ਮੋਰਚੇ 'ਤੇ ਡਟੇ (ਤਸਵੀਰਾਂ)

 

Anuradha

This news is Content Editor Anuradha