ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਅੰਮ੍ਰਿਤ ਸੰਚਾਰ ਸਮਾਗਮ : ਬੀਬੀ ਜਗੀਰ ਕੌਰ

Monday, Oct 25, 2021 - 06:04 PM (IST)

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਅੰਮ੍ਰਿਤ ਸੰਚਾਰ ਸਮਾਗਮ : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਕਾਲਜਾਂ ਦਾ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਧਾਰਮਿਕ ਪ੍ਰਤੀਨਿਧੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਨੂੰ ਸੌ ਸਾਲ ਪੂਰੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪੂਰਾ ਸਾਲ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਵਰ੍ਹੇ ਨੂੰ ਸਮਰਪਿਤ ਸੀ, ਜਿਸ ਤਹਿਤ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਗਏ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਸਿੱਖ ਮਿਸ਼ਨਰੀ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 26 ਅਕਤੂਬਰ ਨੂੰ ਹੋਵੇਗਾ, ਜਿਸ ’ਚ 56 ਦੇ ਕਰੀਬ ਸਿੱਖ ਮਿਸ਼ਨਰੀ ਕਾਲਜ ਹਿੱਸਾ ਲੈਣਗੇ।

ਇਹ ਵੀ ਪੜ੍ਹੋ : BSF ਮੁੱਦੇ 'ਤੇ CM ਚੰਨੀ ਤੇ ਨਵਜੋਤ ਸਿੱਧੂ ਨੇ ਇਕੱਠਿਆਂ ਕੀਤੀ ਪ੍ਰੈੱਸ ਕਾਨਫਰੰਸ, ਸੁਪਰੀਮ ਕੋਰਟ ਜਾਣ ਦੀ ਕਹੀ ਗੱਲ

ਬੀਬੀ ਜਗੀਰ ਕੌਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭੀ ਗਈ ‘ਘਰਿ ਘਰਿ ਅੰਦਰ ਧਰਮਸਾਲ’ ਲਹਿਰ ਤਹਿਤ ਧਰਮ ਪ੍ਰਚਾਰ ਕਮੇਟੀ ਦਾ ਲੱਗਭਗ 150 ਪ੍ਰਚਾਰਕ ਜਥਾ ਲਗਾਤਾਰ ਕਾਰਜਸ਼ੀਲ ਹੈ, ਜਿਸ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੰਗਤਾਂ ਵੱਲੋਂ ਪੁੱਜਦੀ ਮੰਗ ਨੂੰ ਮੁੱਖ ਰੱਖਦਿਆਂ ਸਿੱਖ ਮਿਸ਼ਨਰੀ ਕਾਲਜਾਂ ਨੂੰ ਵੀ ਇਸ ਲਹਿਰ ’ਚ ਸਹਿਯੋਗੀ ਬਣਾਇਆ ਜਾਵੇਗਾ, ਤਾਂ ਜੋ ਹੋਰ ਵਧੇਰੇ ਜਥੇ ਸੰਗਤਾਂ ’ਚ ਸਿੱਖੀ ਦਾ ਪ੍ਰਚਾਰ ਕਰ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਲਹਿਰ ਤਹਿਤ ਜਿਥੇ ਸੰਗਤਾਂ ਨੂੰ ਗੁਰਬਾਣੀ ਸੰਥਿਆ ਕਰਵਾਈ ਜਾ ਰਹੀ ਹੈ, ਉਥੇ ਘਰ-ਘਰ ਤੱਕ ਪਹੁੰਚ ਕਰਕੇ ਨੌਜਵਾਨਾਂ ਨੂੰ ਕੇਸ ਰੱਖਣ ਅਤੇ ਅੰਮ੍ਰਿਤ ਛਕਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 50 ਹਜ਼ਾਰ ਦੇ ਕਰੀਬ ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਚੁੱਕੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾ ਰਹੇ ਹਨ, ਜਿਸ ’ਚ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਪੰਜ ਪਿਆਰਿਆਂ ’ਚ ਸ਼ਾਮਲ ਹੋ ਕੇ ਸੰਗਤਾਂ ਨੂੰ ਅੰਮ੍ਰਿਤ ਛਕਾਉਣਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 3 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕੀਤਾ ਜਾਵੇਗਾ।

ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਪੰਜ ਪਿਆਰਿਆਂ ’ਚ ਸ਼ਾਮਲ ਹੋਣਗੇ। ਅੰਮ੍ਰਿਤ ਅਭਿਲਾਖੀ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਸੰਗਤੀ ਰੂਪ ’ਚ ਸਮਾਗਮ ਵਿਚ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ 7 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ। ਇਸੇ ਤਰ੍ਹਾਂ 11 ਨਵੰਬਰ ਨੂੰ ਸਮਾਣਾ ਵਿਖੇ, 13 ਨਵੰਬਰ ਨੂੰ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ, 14 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੀ. ਬੀ. ਐੱਸ. ਈ. ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ’ਚੋਂ ਬਾਹਰ ਕਰਨ ਦੀ ਵੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਸ਼ਾਵਾਂ ਸਬੰਧੀ ਅਜਿਹੇ ਵਿਤਕਰੇ ਨੂੰ ਛੱਡ ਕੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ’ਚ ਮੁੜ ਸ਼ਾਮਲ ਕੀਤਾ ਜਾਵੇ। ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਮੁਲਾਜ਼ਮ, ਜਿਨ੍ਹਾਂ ਨੇ ਕੋਰੋਨਾ ਮਹਾਮਾਰੀ ਸਮੇਂ ਕੋਰੋਨਾ ਵਾਰਡਾਂ ਵਿਚ ਸੇਵਾਵਾਂ ਨਿਭਾਈਆਂ ਸਨ, ਉਨ੍ਹਾਂ ਨੂੰ ਇਕ ਸਪੈਸ਼ਲ ਤਰੱਕੀ ਦੇਣ ਦਾ ਫ਼ੈਸਲਾ ਵੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ’ਚ ਵਾਧਾ ਕਰਦਿਆਂ ਹਸਪਤਾਲ ਪ੍ਰਸ਼ਾਸਨ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਸਾਰੇ ਮੁਲਾਜ਼ਮਾਂ ਦੀਆਂ ਲਿਸਟਾਂ ਤਿਆਰ ਕਰ ਕੇ ਸਬੰਧਤ ਵਿਭਾਗ ਦੇ ਮੁਖੀਆਂ ਤੋਂ ਤਸਦੀਕ ਕਰਵਾ ਕੇ ਭੇਜੀਆ ਜਾਣ, ਜਿਨ੍ਹਾਂ ਨੇ ਕਿਸੇ ਵੀ ਰੂਪ ’ਚ ਕੋਰੋਨਾ ਕਾਲ ਸਮੇਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਵੀ ਇਕ-ਇਕ ਸਪੈਸ਼ਲ ਤਰੱਕੀ ਦਿੱਤੀ ਜਾਵੇਗੀ। 


author

Manoj

Content Editor

Related News