ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਬੰਦ ਕਮਰਾ ਮੀਟਿੰਗ
Friday, Mar 03, 2023 - 02:38 PM (IST)
ਅੰਮ੍ਰਿਤਸਰ (ਸਰਬਜੀਤ)- ਅੱਜ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਪੁੱਜੇ । ਇਸ ਦੌਰਾਨ ਉਨ੍ਹਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੀ । ਇਹ ਮੁਲਾਕਾਤ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣਾ ਵਿਖੇ ਪ੍ਰਦਰਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੱਸ ਵਾਲੀ ਪਾਲਕੀ 'ਚ ਲੈ ਕੇ ਜਾਣ ਦੇ ਮਾਮਲੇ 'ਚ ਛਿੜੇ ਵਿਵਾਦ ਤੋਂ ਬਾਅਦ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅਜਨਾਲਾ ਵਿਵਾਦ ਮਗਰੋਂ ਜਥੇਦਾਰ ਵਲੋਂ ਧਰਨੇ, ਪ੍ਰਦਰਸ਼ਨ ਤੇ ਝਗੜੇ ਵਾਲੀਆਂ ਥਾਵਾਂ 'ਤੇ ਪਾਵਨ ਸਰੂਪ ਨੂੰ ਲਿਜਾਣ ਸਬੰਧੀ 16 ਮੈਂਬਰੀ ਸਬ ਕਮੇਟੀ ਬਣਾਈ ਗਈਹੈ ਅਤੇ ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਦਿੱਤਾ ਗਿਆ ਹੈ। ਅਜਨਾਲਾ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇਹ ਪਹਿਲੀ ਮੁਲਾਕਾਤ ਹੈ।
ਇਹ ਵੀ ਪੜ੍ਹੋ- ਮਹਿਲਾ ਪੁਲਸ ਮੁਲਾਜ਼ਮ ਹੋਈ ਲੁੱਟ ਦਾ ਸ਼ਿਕਾਰ, ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਪਾਲ ਸਿੰਘ ਅੱਜ ਆਪਣੇ ਸਮਰਥਕਾਂ ਨਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਬਾਅਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਅਤੇ ਬਾਅਦ ਵਿੱਚ ਅੰਮ੍ਰਿਤਪਾਲ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਬੰਦ ਕਮਰਾ ਮੀਟਿੰਗ ਕੀਤੀ । ਮੀਟਿੰਗ ਦੌਰਾਨ ਕੀ ਗੱਲ ਬਾਤ ਹੋਈ ਫ਼ਿਲਹਾਲ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਨੇ ਕਿਹਾ ਕਿ ਉਹ ਪੰਜਾਬੀ ਹੈ ਅਤੇ ਪੰਜਾਬ 'ਚ ਰਹਿਣਗੇ, ਕਿਉਂਕਿ ਸਾਡੇ ਪੁਰਖਿਆਂ ਨੇ ਪੰਜਾਬ ਦੀ ਧਰਤੀ 'ਤੇ ਆਪਣਾ ਲਹੂ ਡੋਲ ਕੇ ਪੰਜਾਬ ਲਈ ਕੁਰਬਾਨੀਆਂ ਦਿੱਤੀਆਂ ਹਨ, ਜੇਕਰ ਕਿਸੇ ਨੂੰ ਅੰਮ੍ਰਿਤਪਾਲ ਸਿੰਘ ਤੋਂ ਮੁਸ਼ਕਿਲ ਹੈ ਤਾਂ ਉਹ ਪੰਜਾਬ ਛੱਡ ਸਕਦਾ ਹੈ।
ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ
ਅੰਮ੍ਰਿਤਪਾਲ ਨੇ ਅੱਗੇ ਕਿਹਾ ਕਿ ਜੇਕਰ 6 ਮਾਰਚ ਨੂੰ ਕੇਸਗੜ੍ਹ ਸਾਹਿਬ ਦੀ ਧਰਤੀ 'ਤੇ ਉਨ੍ਹਾਂ ਨੂੰ ਅਜਨਾਲਾ ਘਟਨਾ ਨੂੰ ਲੈ ਕੇ ਬੁਲਾਇਆ ਜਾਵੇਗਾ ਤਾਂ ਉਹ ਜ਼ਰੂਰ ਹਾਜ਼ਰ ਹੋਣਗੇ। ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਨਹੀਂ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੇਕਰ ਉਨ੍ਹਾਂ ਨੂੰ ਬੁਲਾਉਂਦੇ ਹਨ ਤਾਂ ਉਹ ਜਾ ਕੇ ਆਪਣਾ ਪੱਖ ਜ਼ਰੂਰ ਰੱਖਣਗੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।