ਫਰਾਰ ਚੱਲ ਰਹੇ ਅੰਮ੍ਰਿਤਪਾਲ ਦੀ ਭਾਲ ’ਚ ਲੱਗੀ ਪੁਲਸ, ਘਰੋਂ ਪਾਸਪੋਰਟ ਵੀ ਹੋਇਆ ਗਾਇਬ

Saturday, Mar 25, 2023 - 06:26 PM (IST)

ਫਰਾਰ ਚੱਲ ਰਹੇ ਅੰਮ੍ਰਿਤਪਾਲ ਦੀ ਭਾਲ ’ਚ ਲੱਗੀ ਪੁਲਸ, ਘਰੋਂ ਪਾਸਪੋਰਟ ਵੀ ਹੋਇਆ ਗਾਇਬ

ਜਲੰਧਰ (ਧਵਨ) : ਪੰਜਾਬ ’ਚ ਵੱਖ-ਵੱਖ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਪਾਸਪੋਰਟ ਉਸ ਦੇ ਘਰੋਂ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਮਾਪਿਆਂ ਕੋਲੋਂ ਉਸ ਦੇ ਪਾਸਪੋਰਟ ਸਬੰਧੀ ਜਾਣਕਾਰੀ ਮੰਗੀ ਸੀ ਪਰ ਉਨ੍ਹਾਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਸ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੇ ਪਾਸਪੋਰਟ ਬਾਰੇ ਹੋਰ ਜਾਣਕਾਰੀ ਜੁਟਾਉਣ ਵਿਚ ਲੱਗੇ ਹੋਏ ਹਨ ਕਿਉਂਕਿ ਸ਼ੱਕ ਹੈ ਕਿ ਕਿਤੇ ਪੁਲਸ ਦੀ ਕਾਰਵਾਈ ਨੂੰ ਦੇਖਦਿਆਂ ਅੰਮ੍ਰਿਤਪਾਲ ਸਿੰਘ ਨੇ ਆਪਣੇ ਘਰੋਂ ਆਪਣਾ ਪਾਸਪੋਰਟ ਮੰਗਵਾ ਨਾ ਲਿਆ ਹੋਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਮਹਿੰਗੇ ਹੋਏ ਟੋਲ ਪਲਾਜ਼ਾ, ਜਾਣੋ ਕਿੰਨੀਆਂ ਵਧਾਈਆਂ ਗਈਆਂ ਕੀਮਤਾਂ

ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਕਿਉਂਕਿ ਪਾਸਪੋਰਟ ਸਬੰਧੀ ਕੋਈ ਜਾਣਕਾਰੀ ਨਹੀਂ ਦੇ ਰਹੇ, ਇਸ ਲਈ ਪੁਲਸ ਅਧਿਕਾਰੀਆਂ ਨੇ ਸਾਰੇ ਹਵਾਈ ਅੱਡਿਆਂ ਨੂੰ ਪਹਿਲਾਂ ਹੀ ਅਲਰਟ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਬਾਰੇ ਪੁਲਸ ਦੀ ਕਾਰਵਾਈ ਜਾਰੀ ਹੈ। ਪੰਜਾਬ ਪੁਲਸ ਨੇ ਉਸ ਨੂੰ ਭਗੌੜਾ ਐਲਾਨਿਆ ਹੋਇਆ ਹੈ। ਅੰਮ੍ਰਿਤਪਾਲ ਦੇ ਘਰੋਂ ਪਾਸਪੋਰਟ ਕਿਵੇਂ ਗਾਇਬ ਹੋਇਆ, ਇਸ ਬਾਰੇ ਕਈ ਤਰ੍ਹਾਂ ਦੇ ਚਰਚੇ ਚਲ ਰਹੇ ਹਨ। ਕੁਝ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਪੁਲਸ ਨੇ ਅੰਮ੍ਰਿਤਪਾਲ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਉਸ ਨੇ ਘਰ ਫੋਨ ਕਰਕੇ ਪਾਸਪੋਰਟ ਨੂੰ ਕਿਸੇ ਨਿਰਧਾਰਤ ਥਾਂ ’ਤੇ ਭੇਜਣ ਲਈ ਕਿਹਾ ਹੋਵੇਗਾ।

ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ

ਕੁਝ ਅਧਿਕਾਰੀਆਂ ਦਾ ਇਹ ਵੀ ਮੰਨਣਾ ਹੈ ਕਿ ਅੰਮ੍ਰਿਤਪਾਲ ਨੇ ਪਾਸਪੋਰਟ ਆਪਣੇ ਕੋਲ ਹੀ ਰੱਖਿਆ ਹੋ ਸਕਦਾ ਹੈ ਕਿਉਂਕਿ ਉਸ ਨੂੰ ਖ਼ਦਸ਼ਾ ਸੀ ਕਿ ਉਸ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਪੁਲਸ ਅਧਿਕਾਰੀਆਂ ਨੇ ਅੰਮ੍ਰਿਤਪਾਲ ਦੇ ਪਾਸਪੋਰਟ ਸਬੰਧੀ ਉਸ ਦੇ ਮਾਪਿਆਂ ਤੋਂ ਪੁੱਛਗਿੱਛ ਜਾਰੀ ਰੱਖੀ ਹੋਈ ਹੈ। ਪਾਸਪੋਰਟ ਕਿੱਥੇ ਹੈ, ਦਾ ਪਤਾ ਲਾਉਣ ਲਈ ਵਿਸ਼ੇਸ਼ ਪੁਲਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਪੁਲਸ ਨੂੰ ਇਹ ਵੀ ਸ਼ੱਕ ਹੈ ਕਿ ਜੇ ਪਾਸਪੋਰਟ ਅੰਮ੍ਰਿਤਪਾਲ ਕੋਲ ਪਹੁੰਚ ਗਿਆ ਤਾਂ ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਸਕਦਾ ਹੈ।

ਇਹ ਵੀ ਪੜ੍ਹੋ : ਆਈ. ਜੀ. ਇੰਟੈਲੀਜੈਂਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News