1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ : ਭਾਈ ਲੌਂਗੋਵਾਲ

Thursday, Jan 16, 2020 - 05:47 PM (IST)

ਅੰਮ੍ਰਿਤਸਰ (ਦੀਪਕ) : 1984 'ਚ ਦਿੱਲੀ ਸਮੇਤ ਹੋਰ ਸ਼ਹਿਰਾਂ 'ਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐੱਸ. ਐੱਨ. ਢੀਂਗਰਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਵਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1984 'ਚ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸਿੱਖ ਯਾਤਰੀਆਂ ਨੂੰ ਰੇਲ ਗੱਡੀਆਂ 'ਚੋਂ ਉਤਾਰ ਕੇ ਮਾਰਿਆ ਗਿਆ। ਹੈਰਾਨੀ ਦੀ ਗੱਲ ਹੈ ਕਿ ਕਿਸੇ ਨੇ ਵੀ ਨਾ ਹੀ ਸਿੱਖਾਂ ਨੂੰ ਬਚਾਇਆ ਤੇ ਨਾ ਹੀ ਕਿਸੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਸਟਿਸ ਢੀਂਗਰਾ ਕਮੇਟੀ ਵਲੋਂ ਦਿੱਤੀ ਗਈ ਰਿਪੋਰਟ 'ਚ ਸਾਫ ਹੋ ਗਿਆ ਹੈ ਕਿ 1 ਅਤੇ 2 ਨਵੰਬਰ 1984 ਨੂੰ ਦਿੱਲੀ ਦੇ 5 ਰੇਲਵੇ ਸਟੇਸ਼ਨਾਂ 'ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਇਸ ਵਿਚ ਇਹ ਵੀ ਸਾਫ ਹੋਇਆ ਹੈ ਕਿ ਪੁਲਸ ਨੇ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ, ਨਾ ਹੀ ਘਟਨਾਵਾਰ ਅਤੇ ਨਾ ਹੀ ਅਪਰਾਧਵਾਰ ਐੱਫ. ਆਈ. ਆਰ. ਦਰਜ ਕੀਤੀ ਗਈ। ਇਸ ਤੋਂ ਇਲਾਵਾ ਕਈ ਸ਼ਿਕਾਇਤਾਂ ਨੂੰ ਇਕ ਐੱਫ. ਆਈ. ਆਰ. ਵਿਚ ਹੀ ਮਿਲਾ ਦਿੱਤਾ ਗਿਆ।

ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ 'ਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 35 ਸਾਲ ਬਾਅਦ ਅਜੇ ਤੱਕ ਸਿੱਖ ਇਨਸਾਫ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਜਾਂਚ ਰਿਪੋਰਟ ਦੇ ਆਧਾਰ 'ਤੇ 1984 ਸਿੱਖ ਕਤਲੇਆਮ 'ਚ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ। ਦੇਸ਼ ਦੀ ਆਜ਼ਾਦੀ ਦੇ ਸੰਘਰਸ਼ 'ਚ 85 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੇ ਕਾਤਲਾਂ ਨੂੰ ਲੰਮਾ ਅਰਸਾ ਬੀਤਣ ਤੋਂ ਬਾਅਦ ਵੀ ਸਜ਼ਾਵਾਂ ਤੋਂ ਦੂਰ ਰੱਖਣਾ ਦੇਸ਼ ਦੇ ਲੋਕਤੰਤਰ 'ਤੇ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦਾ ਹਰ ਦੋਸ਼ੀ ਸਖ਼ਤ ਸਜ਼ਾ ਦਾ ਹੱਕਦਾਰ ਹੈ। ਇਸ ਵਿਚ ਹੁਣ ਹੋਰ ਦੇਰੀ ਨਹੀਂ ਹੋਣੀ ਚਾਹੀਦੀ।


Baljeet Kaur

Content Editor

Related News